ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਕਾਰਵਾਈ ਜਾਰੀ, ਪੰਚ ਤੇ ਇਕ ਹੋਰ 'ਤੇ ਡਿੱਗੀ ਗਾਜ਼

09/14/2023 8:22:24 PM

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਕੰਮ ਕਰਦਿਆਂ ਰਾਜੂ ਰਾਮ ਮੌਜੂਦਾ ਪੰਚ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਤੇ ਅਮਰ ਕੌਰ ਪਤਨੀ ਸਵ. ਤੇਜਾ ਸਿੰਘ ਕੁਲਦੀਪ ਨਗਰ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਰਤਨਹੇੜੀ, ਪਟਿਆਲਾ ਤੇ ਹੋਰ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਰਾਜੂ ਰਾਮ ਉੱਤਰ ਪ੍ਰਦੇਸ਼ ਤੋਂ ਆ ਕੇ ਇੱਥੋਂ ਦਾ ਵਸਨੀਕ ਬਣਿਆ ਹੈ ਅਤੇ ਉਸ ਵੱਲੋਂ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਗਿਆ ਹੈ, ਜਿਸ ਕਾਰਨ ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ : ਸਨਅਤਕਾਰਾਂ ਨੇ 'ਸਰਕਾਰ ਸਨਅਤਕਾਰ ਮਿਲਣੀ' ਲਈ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਕਹੀਆਂ ਇਹ ਗੱਲਾਂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਲਬੀਰ ਸਿੰਘ ਪੁੱਤਰ ਨਿਰਮਲ ਸਿੰਘ ਪਿੰਡ ਆਲਮਪੁਰ ਜ਼ਿਲ੍ਹਾ ਪਟਿਆਲਾ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਅਮਰ ਕੌਰ ਵੱਲੋਂ ਆਪਣੇ ਪਤੀ ਦੀ ਮੌਤ ਤੋਂ ਬਾਅਦ ਅਨੁਸੂਚਿਤ ਜਾਤੀ (ਰਾਮਦਾਸੀਆ) ਦਾ ਸਰਟੀਫਿਕੇਟ ਬਣਾਇਆ ਗਿਆ ਸੀ, ਜਦ ਕਿ ਉਹ ਹਰਿਆਣਾ ਰਾਜ ਦੀ ਜੰਮਪਲ ਹੈ। ਇਸ ਲਈ ਉਹ ਇਸ ਦਾ ਲਾਭ ਪ੍ਰਾਪਤ ਨਹੀਂ ਕਰ ਸਕਦੀ। ਸ਼ਿਕਾਇਤਕਰਤਾ ਵੱਲੋਂ ਉਸ ਵਿਰੁੱਧ ਕਾਰਵਾਈ ਲਈ ਲਿਖਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਇਸ ਮਾਮਲੇ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਤੇ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਰਿਪੋਰਟ ਮੰਗੀ ਗਈ ਸੀ। ਇਸ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਰਾਜੂ ਰਾਮ ਦੀ ਜਾਤੀ ਅਨੁਸੂਚਿਤ ਜਾਤੀ ਹੈ ਪਰ ਉਹ ਬਾਹਰੋਂ ਆ ਕੇ ਇੱਥੋਂ ਦਾ ਵਸਨੀਕ ਬਣਿਆ ਹੈ। ਇਸ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦਾ। ਇਸ ਲਈ ਮੌਜੂਦਾ ਪੰਚ ਰਾਜੂ ਰਾਮ ਪੁੱਤਰ ਰਾਮ ਲਾਲ ਪਿੰਡ ਰਤਨਹੇੜੀ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਵਾਰੀਆ ਨਾਲ ਭਰੀ ਬੱਸ ਖੱਡ 'ਚ ਡਿੱਗੀ, ਮੌਕੇ 'ਤੇ ਟੀਮ ਸਮੇਤ ਪਹੁੰਚੇ SSP ਵਿਵੇਕਸ਼ੀਲ ਸੋਨੀ

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਮਰ ਕੌਰ ਦੇ ਕੇਸ ਦੀ ਜਾਂਚ ਕਰਨ ਉਪਰੰਤ ਪਾਇਆ ਗਿਆ ਕਿ ਅਮਰ ਕੌਰ ਦਾ ਪਤੀ ਤੇਜਾ ਸਿੰਘ ਸਰਕਾਰੀ ਹਸਪਤਾਲ ਏ.ਪੀ. ਜੈਨ ਰਾਜਪੁਰਾ ਵਿਖੇ ਦਰਜਾ-4 ਕਰਮਚਾਰੀ ਸੀ। ਉਸ ਨੇ ਪਤੀ ਦੀ ਮੌਤ ਤੋਂ ਬਾਅਦ ਸਾਲ 2000 ਵਿੱਚ ਉਸੇ ਹਸਪਤਾਲ ਵਿੱਚ ਦਰਜਾ-4 ਦੀ ਨੌਕਰੀ ਜੁਆਇਨ ਕੀਤੀ ਸੀ। ਅਮਰ ਕੌਰ ਹਰਿਆਣਾ ਦੀ ਜੰਮਪਲ ਹੈ ਪਰ ਉਸ ਨੇ ਪੰਜਾਬ ਰਾਜ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਹ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਸਰਟੀਫਿਕੇਟ ਦਾ ਲਾਭ ਨਹੀਂ ਲੈ ਸਕਦੀ। ਇਸ ਲਈ ਅਮਰ ਕੌਰ ਦਾ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਰਾਜੂ ਰਾਮ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 1158 ਮਿਤੀ 19.08.2009 ਤੇ ਅਮਰ ਕੌਰ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਨੰ. 2155 ਮਿਤੀ 04.07.2013 ਨੂੰ ਰੱਦ ਅਤੇ ਜ਼ਬਤ ਕਰਨ ਲਈ ਕਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh