ਬਿਨਾਂ ਮਨਜ਼ੂਰੀ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼: ਤਿੰਨ ਸ਼ਾਤਿਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Wednesday, May 27, 2026 - 06:42 PM (IST)

ਬਿਨਾਂ ਮਨਜ਼ੂਰੀ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ਼: ਤਿੰਨ ਸ਼ਾਤਿਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਰਾਜ): ਲੁਧਿਆਣਾ ਵਿਚ ਨਸ਼ਾ ਛੁਡਾਉਣ ਅਤੇ ਸਮਾਜ ਸੁਧਾਰ ਦੀ ਆੜ ਵਿਚ ਭੋਲੇ-ਭਾਲੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਵਾਲੇ ਇਕ ਬਹੁਤ ਵੱਡੇ ਫਰਜ਼ੀਵਾੜੇ ਦਾ ਭਾਂਡਾ ਭੱਜਿਆ ਹੈ। ਕੁਝ ਸ਼ਾਤਿਰ ਦਿਮਾਗ ਲੋਕਾਂ ਨੇ ਬਿਨਾਂ ਕਿਸੇ ਸਰਕਾਰੀ ਮਨਜ਼ੂਰੀ ਅਤੇ ਕਾਨੂੰਨੀ ਇਜਾਜ਼ਤ ਦੇ ਨਾਜਾਇਜ਼ ਤੌਰ 'ਤੇ ਨਸ਼ਾ ਛੁਡਾਊ ਕੇਂਦਰ ਖੋਲ੍ਹਿਆ ਹੋਇਆ ਸੀ। ਇੱਥੇ ਇਲਾਜ ਦੇ ਨਾਂ 'ਤੇ ਲੋਕਾਂ ਨੂੰ ਬੰਧਕ ਬਣਾ ਕੇ ਉਨ੍ਹਾਂ ਕੋਲੋਂ ਮੋਟੀ ਠੱਗੀ ਮਾਰੀ ਜਾ ਰਹੀ ਸੀ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਇਸ ਕਾਲੇ ਧੰਦੇ ਦਾ ਪਰਦਾਫ਼ਾਸ਼ ਕੀਤਾ ਹੈ ਅਤੇ ਤਿੰਨ ਮੁੱਖ ਮੁਲਜ਼ਮਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਸ ਦੀ ਗਸ਼ਤ ਦੌਰਾਨ ਮਿਲੀ ਸੂਚਨਾ

ਪੁਲਸ ਪਾਰਟੀ ਦੀ ਅਗਵਾਈ ਕਰ ਰਹੇ ਏ.ਐੱਸ.ਆਈ. (ASI) ਮਨਜੀਤ ਸਿੰਘ ਨੇ ਦੱਸਿਆ ਕਿ 26 ਮਈ ਨੂੰ ਜਦੋਂ ਉਹ ਆਪਣੀ ਟੀਮ ਨਾਲ ਲਾਡੋਵਾਲ ਦੇ ਮੇਨ ਚੌਂਕ ਨੇੜੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਇਕ ਖ਼ਾਸ ਮੁਖ਼ਬਰ ਨੇ ਪੁਖ਼ਤਾ ਸੂਚਨਾ ਦਿੱਤੀ। ਮੁਖ਼ਬਰ ਨੇ ਦੱਸਿਆ ਕਿ ਇਲਾਕੇ ਵਿਚ ਕੁਝ ਲੋਕ ਨਾਜਾਇਜ਼ ਤੌਰ 'ਤੇ ਨਸ਼ਾ ਮੁਕਤੀ ਕੇਂਦਰ ਚਲਾ ਰਹੇ ਹਨ ਅਤੇ ਬੇਕਸੂਰ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ।

ਸੁੰਨਸਾਨ ਸ਼ੈੱਡ ਵਿਚ ਬਣਾਇਆ ਹੋਇਆ ਸੀ ਅੱਡਾ

ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਹਰਵਿੰਦਰ ਸਿੰਘ, ਅਮਨਦੀਪ ਸਿੰਘ ਅਤੇ ਦਮਨਪ੍ਰੀਤ ਸਿੰਘ ਨੇ ਆਪਸ ਵਿਚ ਮਿਲੀਭੁਗਤ ਕਰਕੇ ਇਕ ਵੱਡਾ ਨੈੱਟਵਰਕ ਤਿਆਰ ਕੀਤਾ ਹੋਇਆ ਸੀ। ਇਨ੍ਹਾਂ ਤਿੰਨਾਂ ਮੁਲਜ਼ਮਾਂ ਨੇ ਲੁਧਿਆਣਾ ਦੇ ਹੰਬੜਾ ਰੋਡ 'ਤੇ ਸਥਿਤ ਤਨੇਜਾ ਪੈਲੇਸ ਅਤੇ ਪਿੰਡ ਕੁਤਬੇਵਾਲ ਗੁੱਜਰਾਂ ਦੇ ਨੇੜੇ ਇਕ ਸੁੰਨਸਾਨ ਸ਼ੈੱਡ ਵਾਲੇ ਹਾਲ ਨੂੰ ਆਪਣਾ ਟਿਕਾਣਾ ਬਣਾਇਆ ਹੋਇਆ ਸੀ। ਇਸੇ ਸ਼ੈੱਡ ਦੇ ਅੰਦਰ ਉਹ ਗੈਰ-ਕਾਨੂੰਨੀ ਤਰੀਕੇ ਨਾਲ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਸਨ।

ਪਰਿਵਾਰਾਂ ਤੋਂ ਵਸੂਲਦੇ ਸਨ ਭਾਰੀ ਰਕਮ

ਮੁਲਜ਼ਮ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਝਾਂਸੇ ਵਿਚ ਲੈ ਕੇ ਉਨ੍ਹਾਂ ਕੋਲੋਂ ਭਾਰੀ-ਭਰਕਮ ਰਕਮ ਵਸੂਲਦੇ ਸਨ। ਪੁਲਸ ਨੇ ਤਿੰਨਾਂ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਇਸ ਰੈਕੇਟ ਦੇ ਪਿੱਛੇ ਛਿਪੇ ਹੋਰ ਚਿਹਰਿਆਂ ਨੂੰ ਬੇਨਕਾਬ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News