ਫਰਜ਼ੀ ਐਨਕਾਊਂਟਰ : 28 ਸਾਲਾਂ ਬਾਅਦ 6 ਪੁਲਸ ਮੁਲਾਜ਼ਮਾਂ ਨੂੰ ਮਿਲੀ ਸਜ਼ਾ

01/10/2020 8:39:57 AM

ਮੋਹਾਲੀ (ਵਿਨੋਦ) : ਮੋਹਾਲੀ ਦੀ ਸੀ. ਬੀ. ਆਈ. ਅਦਾਲਤ ਨੇ ਵੀਰਵਾਰ ਨੂੰ ਅੱਤਵਾਦ ਦੇ ਦੌਰ ਦੌਰਾਨ ਫਰਜ਼ੀ ਐਨਕਾਊਂਟਰ ਮਾਮਲੇ 'ਚ 6 ਤਤਕਾਲੀ ਪੁਲਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦੋਂ ਕਿ 3 ਮੁਲਾਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ 28 ਸਾਲ ਪਹਿਲਾਂ ਤਰਨਤਾਰਨ ਪੁਲਸ ਵਲੋਂ ਇਸ ਐਨਕਾਊਂਟਰ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ 'ਚ ਕੁੱਲ 15 ਮੁਲਾਜ਼ਮ ਨਾਮਜ਼ਦ ਸਨ, ਜਿਨ੍ਹਾਂ 'ਚੋਂ 6 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ ਅਤੇ ਬਾਕੀ ਬਚਦੇ 6 ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ ਅਤੇ 3 ਨੂੰ ਬਰੀ ਕਰ ਦਿੱਤਾ ਗਿਆ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਸਾਲ 1992-93 'ਚ ਪੁਲਸ ਨੇ ਬਾਬਾ ਚਰਨ ਸਿੰਘ, ਕੇਸਰ ਸਿੰਘ, ਗੁਰਦੇਵ ਸਿੰਘ, ਮੇਜਾ ਸਿੰਘ, ਗੁਰਮੇਜ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗੈਰ ਕਾਨੂੰਨੀ ਤੌਰ 'ਤੇ ਹਿਰਾਸਤ 'ਚ ਲੈ ਕੇ ਉਨ੍ਹਾਂ ਦਾ ਫਰਜ਼ੀ ਐਨਕਾਊਂਟਰ ਕਰ ਦਿੱਤਾ ਸੀ। ਬਾਬਾ ਚਰਨ ਸਿੰਘ ਦੀ ਪਤਨੀ ਨੇ 1994 'ਚ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ ਇਨਸਾਫ ਦੀ ਗੁਹਾਰ ਲਈ। ਸਾਲ 1997 'ਚ ਅਦਾਲਤ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਦਿੱਤੀ। ਸੀ. ਬੀ. ਆਈ. ਨੇ ਸਾਲ 2001 'ਚ ਚਾਰਜਸ਼ੀਟ ਤਿਆਰ ਕਰਕੇ ਅਦਾਲਤ ਨੂੰ ਸੌਂਪ ਦਿੱਤਾ, ਜਿਸ 'ਚ 15 ਪੁਲਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਨ੍ਹਾਂ 'ਚੋਂ 6 ਮੁਲਾਜ਼ਮਾਂ ਦੀ ਮੌਤ ਹੋ ਚੁੱਕੀ ਹੈ। ਦੋਸ਼ੀ ਪੱਖ ਵਲੋਂ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ ਦੇ ਚੱਲਦਿਆਂ ਸੁਣਵਾਈ ਲੰਬੀ ਪੈਂਦੀ ਗਈ। 2 ਸਾਲ ਪਹਿਲਾਂ ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ ਮੋਹਾਲੀ ਸਥਿਤ ਸੀ. ਬੀ. ਆਈ. ਦੀ ਅਦਾਲਤ 'ਚ ਟ੍ਰਾਇਲ ਚੱਲਿਆ, ਜਿਸ 'ਚ 100 ਤੋਂ ਜ਼ਿਆਦਾ ਲੋਕਾਂ ਨੇ ਗਵਾਹੀ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਆਪਣਾ ਵੀਰਵਾਰ ਨੂੰ ਆਪਣਾ ਫੈਸਲਾ ਸੁਣਾ ਦਿੱਤਾ।


Babita

Content Editor

Related News