ਨਕਲੀ ਵਿਆਹ ਕਰ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੀ ਲੁਟੇਰੀ ਲਾੜੀ ਦਾ ਇੰਝ ਹੋਇਆ ਪਰਦਾਫ਼ਾਸ਼
Wednesday, Sep 15, 2021 - 10:28 AM (IST)
ਪਟਿਆਲਾ (ਬਲਜਿੰਦਰ) - ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐੱਸ. ਐੱਚ. ਓ. ਸੁਖਦੇਵ ਸਿੰਘ ਦੀ ਅਗਵਾਈ ਹੇਠ ਨਕਲੀ ਵਿਆਹ ਕਰ ਭੋਲੇ-ਭਾਲੇ ਲੋਕਾਂ ਨੂੰ ਠੱਗਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ’ਚ ਪੁਲਸ ਨੇ 2 ਮਹਿਲਾਵਾਂ ਅਤੇ 2 ਪੁਰਸ਼ਾਂ ਖਿਲਾਫ ਕੇਸ ਦਰਜ ਕੀਤਾ ਹੈ। ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਗੀਤਾ ਰਾਣੀ ਪਤਨੀ ਗੁਰਮੇਲ ਸਿੰਘ ਵਾਸੀ ਗੁਰੂ ਨਾਨਕ ਬਹਾਦਰਗੜ੍ਹ, ਵਿਜੇ ਕਪੂਰ, ਰਣਬੀਰ ਸਿੰਘ ਪੁੱਤਰ ਬੂਟਾ ਸਿੰਘ ਅਤੇ ਹਰਪ੍ਰੀਤ ਕੌਰ ਪੁੱਤਰ ਗੁਰਮੀਤ ਸਿੰਘ ਖ਼ਿਲਾਫ਼ 420, 370, 384, 506, 120 ਬੀ. ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਗੀਤਾ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬਾਕੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਕਮਲਾ ਦੇਵੀ ਪਤਨੀ ਜੀਤ ਸਿੰਘ ਵਾਸੀ ਪਿੰਡ ਖਰੋੜੀ ਥਾਣਾ ਚੀਕਾ ਹਰਿਆਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਮਿਲ ਕੇ ਉਸ ਦੇ ਮੁੰਡੇ ਦੇਵ ਸਿੰਘ ਦਾ ਰਿਸ਼ਤਾ ਹਰਪ੍ਰੀਤ ਕੌਰ ਨਾਲ ਕਰ ਦਿੱਤਾ ਸੀ। ਉਸ ਤੋਂ 3 ਲੱਖ ਰੁਪਏ ਲੈ ਲਏ ਅਤੇ 28 ਅਪ੍ਰੈਲ 2020 ਨੂੰ ਹਰਪ੍ਰੀਤ ਕੌਰ ਨੂੰ ਉਨ੍ਹਾਂ ਨਾਲ ਤੋਰ ਦਿੱਤਾ ਅਤੇ ਕੋਰੋਨਾ ਮਹਾਮਾਰੀ ਦਾ ਬਹਾਨਾ ਲਗਾ ਕੇ ਵਿਆਹ ਨਹੀਂ ਕੀਤਾ। 15 ਦਿਨਾਂ ਬਾਅਦ ਹਰਪ੍ਰੀਤ ਕੌਰ ਬਿਨ੍ਹਾਂ ਵਜਾ ਝਗੜਾ ਕਰ ਕੇ ਘਰ ’ਚੋਂ 15 ਹਜ਼ਾਰ ਰੁਪਏ ਅਤੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੈ ਕੇ ਭੱਜ ਗਈ। ਬਾਅਦ ’ਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਵਿਅਕਤੀਆਂ ਨੇ ਇਕ ਗਿਰੋਹ ਬਣਾਇਆ ਹੋਇਆ ਹੈ, ਜੋ ਭੋਲੇ-ਭਾਲੇ ਲੋਕਾਂ ਨੂੰ ਵਿਆਹ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ ਮੋਟੀ ਰਕਮ ਵਸੂਲਦੇ ਹਨ। ਕੁੜੀ ਆਪਣੇ ਸੁਹਰੇ ਪਰਿਵਾਰ ਤੋਂ ਪੈਸੇ ਹਾਸਲ ਕਰ ਕੇ ਫਰਾਰ ਹੋ ਜਾਂਦੀਆਂ ਹਨ ਅਤੇ ਝੂਠਾ ਕੇਸ ਦਰਜ ਕਰਵਾਉਣ ਦੀਆਂ ਧਮਕੀਆਂ ਦਿੰਦੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ
ਸੁਖਦੇਵ ਸਿੰਘ ਨੇ ਦੱਸਿਆ ਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਪਤਾ ਲੱਗ ਸਕੇਗਾ ਕਿ ਇਨ੍ਹਾਂ ਨੇ ਹੁਣ ਤੱਕ ਕਿੰਨੇ ਵਿਅਕਤੀਆਂ ਨਾਲ ਠੱਗੀ ਮਾਰੀ ਹੈ। ਦੱਸਣਯੋਗ ਹੈ ਕਿ ਲਗਭਗ ਇਕ ਮਹੀਨਾ ਪਹਿਲਾਂ ਥਾਣਾ ਜੁਲਕਾਂ ਦੀ ਪੁਲਸ ਨੇ ਵੀ ਇਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ। ਉਸ ਗਿਰੋਹ ਵੱਲੋਂ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਜਾਂਦੀਆਂ ਸਨ।
ਪੜ੍ਹੋ ਇਹ ਵੀ ਖ਼ਬਰ - ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ