ਹਲਕਾ ਅਮਲੋਹ ''ਚ ਵੱਡੀ ਗਿਣਤੀ ''ਚ ਪਰਿਵਾਰਾਂ ਨੇ ਛੱਡੀ ਕਾਂਗਰਸ, ਅਕਾਲੀ ਦਲ ''ਚ ਹੋਏ ਸ਼ਾਮਲ
Sunday, Aug 08, 2021 - 03:15 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਅਮਲੋਹ ਵਿੱਚ ਉਦੋਂ ਵੱਡਾ ਬਲ ਮਿਲਿਆ, ਜਦੋਂ ਹਲਕੇ ਦੇ ਪਿੰਡ ਕੋਟਲਾ ਦੇ ਬਾਜੀਗਰ ਭਾਈਚਾਰੇ ਨਾਲ ਸਬੰਧਿਤ ਵੱਡੀ ਗਿਣਤੀ ਪਰਿਵਾਰ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ ਸਰਕਾਰ ਸਮੇਂ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਹੀ ਨਹੀਂ ਕੀਤਾ ਗਿਆ, ਸਗੋਂ 4 ਕਦਮ ਅੱਗੇ ਵੀ ਵਿਕਾਸ ਦੇ ਕਾਰਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤੇ ਗਏ।
ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਜੋ ਚੋਣ ਮੈਨੀਫੈਸਟੋ ਵਿੱਚ ਵਾਅਦੇ ਕੀਤੇ ਗਏ ਹਨ, ਉਨ੍ਹਾਂ ਨੂੰ ਵੀ 2022 'ਚ ਸਰਕਾਰ ਬਣਨ 'ਤੇ ਲਾਗੂ ਕੀਤਾ ਜਾਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਕਿਹਾ, ਉਹ ਕੀਤਾ ਹੈ ਅਤੇ ਜੋ ਕਹਾਂਗੇ, ਉਹ ਵੀ ਕਰਾਂਗੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੇ ਗਏ 13 ਵਾਅਦਿਆਂ ਦਾ ਭਰਵਾਂ ਸਵਾਗਤ ਕਰਦੇ ਹੋਏ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ ਗਿਆ।