ਪਰਾਲੀ ਦੀ ਸਿਆਸਤ ''ਚ ਫਸੇ ਕਿਸਾਨ, ਕੀਤੀ ਇਨਸਾਫ਼ ਦੀ ਮੰਗ
Tuesday, Nov 12, 2019 - 04:50 PM (IST)

ਫਰੀਦਕੋਟ (ਜਗਤਾਰ ਦੋਸਾਂਝ) - ਰੋਕ ਲਗਾਉਣ ਦੇ ਬਾਵਜੂਦ ਪਰਾਲੀ ਨੂੰ ਸਾੜਣ ਨੂੰ ਲੈ ਕੇ ਕਿਸਾਨਾਂ 'ਤੇ ਲਗਾਤਾਰ ਦਰਜ ਹੋ ਰਹੇ ਮਾਮਲਿਆਂ 'ਤੇ ਕਈ ਤਰ੍ਹਾਂ ਦੇ ਸਵਾਲ ਉੱਠਣ ਲੱਗ ਪਏ ਹਨ। ਇਨ੍ਹਾਂ ਮਾਮਲਿਆਂ ਦੇ ਸਬੰਧ 'ਚ ਫਰੀਦਕੋਟ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਦੀ ਆੜ 'ਚ ਕਥਿਤ ਸਿਆਸਤ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਪਰਾਲੀ ਖੇਤਾਂ 'ਚ ਜਿਉਂ ਦੀ ਤਿਉਂ ਪਈ ਹੋਈ ਹੈ ਪਰ ਪਟਵਾਰੀ ਸਿਆਸੀ ਰੰਜਿਸ਼ ਦੇ ਚੱਲਦਿਆਂ ਉਨ੍ਹਾਂ 'ਤੇ ਮਾਮਲੇ ਦਰਜ ਕਰਵਾ ਰਹੇ ਹਨ। ਇਸ ਗੱਲ ਤੋਂ ਪਰੇਸ਼ਾਨ ਹੋ ਕੇ ਕਿਸਾਨਾਂ ਨੇ ਇਨ੍ਹਾਂ ਮਾਮਲਿਆਂ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਉਧਰ ਇਸ ਮਾਮਲੇ ਦੇ ਸਬੰਧ 'ਚ ਜਦੋਂ ਡੀ.ਐੱਸ.ਪੀ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਤੇ ਮਾਲ ਵਿਭਾਗ ਦੀ ਰਿਪੋਰਟ ਦੇ ਆਧਾਰ 'ਤੇ ਮਾਮਲੇ ਦਰਜ ਕੀਤੇ ਗਏ ਹਨ। ਜੇਕਰ ਕੋਈ ਗਲਤ ਮੁੱਕਦਮਾ ਦਰਜ ਹੋਣ ਦੀ ਗੱਲ ਕਿਸਾਨਾਂ ਵਲੋਂ ਕਹੀ ਜਾ ਰਹੀ ਹੈ ਤਾਂ ਉਨ੍ਹਾਂ ਵਲੋਂ ਉਸ ਦੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਬੇਸ਼ੱਕ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਸਾੜਣ ਵਾਲਿਆਂ ਖਿਲਾਫ਼ ਪਰਚੇ ਦਰਜ ਕੀਤੇ ਜਾ ਰਹੇ ਹਨ ਪਰ ਇਸਦੀ ਆੜ 'ਚ ਕੁਝ ਲੋਕਾਂ ਵਲੋਂ ਸਿਆਸੀ ਕਿੜਾਂ ਵੀ ਕੱਢੀਆਂ ਜਾ ਰਹੀਆਂ ਹਨ, ਜਿਸ ਕਾਰਨ ਕਿਸਾਨ ਕਾਫੀ ਪਰੇਸ਼ਾਨ ਹੋ ਰਹੇ ਹਨ।