ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ ਨੁਕਸਾਨਿਆ

Saturday, Sep 19, 2026 - 12:57 PM (IST)

ਫ਼ਰੀਦਕੋਟ : ਵਿਧਾਇਕ ਦੇ ਘਰ ਨੇੜਿਓਂ ਵਿਅਕਤੀ ਦੀ ਲਾਸ਼ ਮਿਲੀ, ਚਿਹਰਾ ਬੁਰੀ ਤਰ੍ਹਾਂ ਨੁਕਸਾਨਿਆ

ਫ਼ਰੀਦਕੋਟ (ਰਾਜਨ) : ਫ਼ਰੀਦਕੋਟ ਸ਼ਹਿਰ ’ਚ ਅੱਜ ਸ਼ੇਖ ਫ਼ਰੀਦ ਆਗਮਨ ਪੁਰਬ ਦੇ ਪਹਿਲੇ ਦਿਨ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਸਾਦਿਕ ਰੋਡ ’ਤੇ ਗਿਆਨੀ ਜੈਲ ਸਿੰਘ ਮਾਰਕੀਟ ਦੇ ਸਾਹਮਣੇ ਮੈਡੀਕਲ ਹਸਪਤਾਲ ਦੀ ਕੰਧ ਨਾਲ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਮ੍ਰਿਤਕ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ ਅਤੇ ਉਸ ਦੇ ਚਿਹਰੇ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਚਿਹਰਾ ਬੁਰੀ ਤਰ੍ਹਾਂ ਵਿਗੜਿਆ ਹੋਣ ਕਾਰਨ ਹਾਲੇ ਤੱਕ ਮ੍ਰਿਤਕ ਦੀ ਸ਼ਨਾਖਤ ਨਹੀਂ ਹੋ ਸਕੀ। ਘਟਨਾ ਦੀ ਸੂਚਨਾ ਮਿਲਦੇ ਹੀ ਪੀ. ਸੀ. ਆਰ. ਅਤੇ ਥਾਣਾ ਸਿਟੀ-2 ਫ਼ਰੀਦਕੋਟ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ੋਰੈਂਸਿਕ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਫ਼ਰੀਦਕੋਟ ਤਰਲੋਚਨ ਸਿੰਘ ਨੇ ਦੱਸਿਆ ਕਿ ਸਾਦਿਕ ਰੋਡ ’ਤੇ ਗਿਆਨੀ ਜੈਲ ਸਿੰਘ ਮਾਰਕੀਟ ਦੇ ਸਾਹਮਣੇ ਮੈਡੀਕਲ ਹਸਪਤਾਲ ਦੀ ਕੰਧ ਨਾਲ ਕਰੀਬ 45 ਸਾਲ ਦੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਹਾਲੇ ਸ਼ਨਾਖਤ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ’ਚ ਇਹ ਸਾਹਮਣੇ ਆ ਰਿਹਾ ਹੈ ਕਿ ਵਿਅਕਤੀ ਦੇ ਚਿਹਰੇ ’ਤੇ ਕਿਸੇ ਭਾਰੀ ਵਸਤੂ ਨਾਲ ਸੱਟ ਲੱਗਣ ਕਾਰਨ ਉਸ ਦੀ ਮੌਤ ਹੋਈ ਹੋ ਸਕਦੀ ਹੈ। 

ਪੁਲਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜਿਸ ਸਥਾਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਉਹ ਸ਼ਹਿਰ ਦਾ ਕਾਫ਼ੀ ਵਿਅਸਤ ਇਲਾਕਾ ਹੈ। ਘਟਨਾ ਸਥਾਨ ਤੋਂ ਕਰੀਬ 200 ਮੀਟਰ ਦੀ ਦੂਰੀ ’ਤੇ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਵੀ ਹੈ। ਖ਼ਾਸ ਗੱਲ ਇਹ ਹੈ ਕਿ ਸ਼ਹਿਰ ’ਚ ਪੰਜ ਰੋਜ਼ਾ ਵਿਰਾਸਤੀ ਮੇਲਾ ਸ਼ੁਰੂ ਹੋਣ ਕਾਰਨ ਪੁਲਸ ਦੀ ਤਾਇਨਾਤੀ ਵੀ ਵਧਾਈ ਗਈ ਹੈ। ਅਜਿਹੇ ਵਿਅਸਤ ਇਲਾਕੇ ’ਚ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਪੁਲਸ ਦੀ ਸੁਰੱਖਿਆ ਅਤੇ ਨਿਗਰਾਨੀ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਫਿਲਹਾਲ ਪੁਲਸ ਵੱਲੋਂ ਮ੍ਰਿਤਕ ਦੀ ਸ਼ਨਾਖਤ ਕਰਨ ਦੇ ਨਾਲ-ਨਾਲ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਦੀ ਮੌਤ ਕਿਵੇਂ ਹੋਈ ਅਤੇ ਘਟਨਾ ਪਿੱਛੇ ਕੀ ਕਾਰਨ ਹਨ। ਫ਼ੋਰੈਂਸਿਕ ਜਾਂਚ ਅਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ।


author

Gurminder Singh

Content Editor

Related News