ਬੀਕੇਯੂ ਡਕੌਂਦਾ ਨੇ ਫ਼ਰੀਦਕੋਟ ’ਚ ਸ਼ੁਰੂ ਕੀਤਾ ਟਰੈਕਟਰ ਮਾਰਚ, ਕਿਸਾਨਾਂ ਨੂੰ ਕਰੇਗਾ ਪ੍ਰੇਰਿਤ
Friday, Jan 15, 2021 - 03:21 PM (IST)
ਫਰੀਦਕੋਟ (ਜਗਤਾਰ) - ਤਿੰਨ ਖੇਤੀ ਕਾਨੂੰਨਾਂ, ਪਰਾਲੀ ਸਬੰਧੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਵਾਪਸ ਕਰਵਾਉਣ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ’ਚ ਵੱਡੀ ਪੱਧਰ ’ਤੇ ਪ੍ਰਦਰਸ਼ਨ ਹੋ ਰਿਹਾ ਹੈ। ਉਸੇ ਤਰ੍ਹਾਂ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਫ਼ਰੀਦਕੋਟ ਵਲੋਂ ਇੱਕ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਟਰੈਕਟਰ ਲੈ ਕੇ ਸ਼ਾਮਲ ਹੋਏ। ਇਹ ਟਰੈਕਟਰ ਮਾਰਚ ਫ਼ਰੀਦਕੋਟ ਤੋਂ ਸ਼ੁਰੂ ਕੀਤਾ ਗਿਆ, ਜੋ ਵੱਖ-ਵੱਖ ਪਿੰਡਾਂ ’ਚੋਂ ਹੋ ਕੇ ਗੁਜ਼ਰ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਕੱਢਿਆ ਜਾ ਰਿਹਾ ਇਹ ਟਰੈਕਟਰ ਮਾਰਚ ਨਜ਼ਦੀਕ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਉਤਸ਼ਾਹਿਤ ਕਰੇਗਾ। ਜਿਸ ਸਦਕਾ 26 ਜਨਵਰੀ ਨੂੰ ਕਿਸਾਨ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਲੈ ਕੇ ਦਿੱਲੀ ਪੁਹੰਚਣਗੇ ਤਾਂ ਜੋ ਕਿਸਾਨ ਜਥੇਬੰਦੀਆਂ ਦੁਆਰਾ ਦਿੱਤੇ ਗਏ 26 ਜਨਵਰੀ ਦੇ ਪ੍ਰੋਗਰਾਮ ਵਿੱਚ ਵੱਧ ਚੜ੍ਹ ਕਰ ਹਿਸਾ ਲੈ ਸਕਣ। ਇਸ ਤਰ੍ਹਾਂ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰ ਦੇਣਗੇ ਅਤੇ ਇਸ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਕਿਸਾਨ ਲਗਾਤਾਰ ਸੰਗਰਸ਼ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿੱਚ, ਜੋ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਉਸ ਵਿੱਚ ਕਿਸਾਨ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ਪੁਹੰਚਣ। ਉਨ੍ਹਾਂ ਕਿਹਾ ਕਿ ਇਸੇ ਲਈ ਅੱਜ ਫ਼ਰੀਦਕੋਟ ਵਿਚ ਸ਼ੁਰੂ ਕੀਤਾ ਗਿਆ ਟਰੈਕਟਰ ਮਾਰਚ ਵੱਖ-ਵੱਖ ਪਿੰਡਾਂ ਵਿੱਚ ਜਾਵੇਗਾ, ਜਿਸਦੇ ਦੁਆਰਾ ਕਿਸਾਨਾਂ ਨੂੰ ਪ੍ਰੇਰਿਤ ਕਰ ਉਨ੍ਹਾਂ ਨੂੰ ਦਿੱਲੀ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਜਾਵੇਗੀ ।