ਕਿਸਾਨ ਅੰਦੋਲਨ ''ਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਸੜਕ ਹਾਦਸੇ ''ਚ ਮੌਤ

Wednesday, Nov 25, 2020 - 06:05 PM (IST)

ਪਾਤੜਾਂ (ਸਨੇਹੀ) : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਮੋਟਰਸਾਈਕਲ 'ਤੇ ਜਾ ਰਹੇ ਇਕ ਕਿਸਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ, ਜਦਕਿ ਉਸ ਦਾ ਇਕ ਸਾਥੀ ਕਿਸਾਨ ਫੱਟੜ ਹੋ ਗਿਆ। ਹਾਦਸੇ ਦੌਰਾਨ ਅਣਪਛਾਤਾ ਟਰੱਕ ਡਰਾਈਵਰ ਫ਼ਰਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਹਜ਼ੂਰਾ ਸਿੰਘ (75) ਵਾਸੀ ਪਿੰਡ ਸ਼ੁਤਰਾਣਾ ਜੋ ਕੇਂਦਰ ਸਰਕਾਰ ਵੱਲੋਂ ਥੋਪੇ ਜਾ ਰਹੇ ਖੇਤੀ ਬਿੱਲਾਂ ਦੇ ਵਿਰੋਧ 'ਚ 26 ਨਵੰਬਰ ਨੂੰ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਝੰਡਾ ਮਾਰਚ ਕਰ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਆਪਣੇ ਇਕ ਕਿਸਾਨ ਸਾਥੀ ਕਿਸਾਨ ਬਲਜੀਤ ਸਿੰਘ ਨਾਲ ਆਪਣੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ ਬੀ 72 ਏ-1029 'ਤੇ ਜਾ ਰਿਹਾ ਸੀ। ਜਿਉਂ ਹੀ ਉਹ ਰਮਨ ਅਕੈਡਮੀ ਨਰਮਾਣਾ ਰੋਡ ਪਾਤੜਾਂ ਪਹੁੰਚੇ ਤਾਂ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਹੀਕਲ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਪਾਤੜਾਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਕਿਸਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਪੁਲਸ ਨੇ ਅਣਪਛਾਤੇ ਵਹੀਕਲ ਡਰਾਈਵਰ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ।


Gurminder Singh

Content Editor

Related News