ਕਰਜ਼ੇ ਨੇ ਉਜਾੜਿਆ ਇਕ ਹੋਰ ਪਰਿਵਾਰ, ਨੌਜਵਾਨ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖ਼ੁਦਕੁਸ਼ੀ
Monday, Aug 29, 2022 - 11:38 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਕਰਜ਼ੇ ਤੋਂ ਪ੍ਰੇਸ਼ਾਨ ਇਕ 27 ਸਾਲਾ ਨੌਜਵਾਨ ਕਿਸਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਜਗਦੀਪ ਸਿੰਘ ਉਰਫ ਜੱਗਾ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਸਿਰ ਬੈਂਕਾਂ ਅਤੇ ਆੜ੍ਹਤੀਆਂ ਦਾ ਕਰੀਬ 10 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਨੂੰ ਲੈ ਕੇ ਜਗਦੀਪ ਸਿੰਘ ਜੱਗਾ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਕਿ ਕੱਲ ਉਸ ਨੇ ਜ਼ਹਿਰੀਲੀ ਦਵਾਈ ਨਿਗਲ ਲਈ, ਜਿਸ ਨੂੰ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਦੀਪ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।
ਮ੍ਰਿਤਕ ਜਗਦੀਪ ਸਿੰਘ ਜੱਗਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦੇ ਇਕ ਸਾਲ ਦੀ ਬੇਟੀ ਹੈ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਚਮਕੌਰ ਸਿੰਘ ਰੋਡੇ, ਬਲਾਕ ਪ੍ਰਧਾਨ ਨਾਜਰ ਸਿੰਘ ਖਾਈ, ਸਰਬਜੀਤ ਸਿੰਘ ਮਾਛੀਕੇ, ਬੇਅੰਤ ਸਿੰਘ ਮੱਲੇਆਣਾ ਨੇ ਕਿਹਾ ਕਿ ਪੰਜਾਬ ਵਿਚ ਕਰਜ਼ੇ ਕਾਰਣ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜਿਸ ਬਾਰੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰੇ ਅਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਮਾਣੂਕੇ ਦੇ ਕਿਸਾਨ ਜਗਦੀਪ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਉਸਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।