ਕਰਜ਼ੇ ਕਾਰਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

Wednesday, Jul 24, 2024 - 05:14 PM (IST)

ਕਰਜ਼ੇ ਕਾਰਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਭਵਾਨੀਗੜ੍ਹ (ਕਾਂਸਲ, ਵਿਕਾਸ) : ਨੇੜਲੇ ਪਿੰਡ ਫੁੰਮਣਵਾਲ ਵਿਖੇ ਕਰਜ਼ੇ ਦੇ ਭਾਰ ਦੇ ਚੱਲਦਿਆਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੇ ਇਕ ਕਿਸਾਨ ਵੱਲੋਂ ਬੀਤੀ ਦੇਰ ਰਾਤ ਕੋਈ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਪਿੰਡ ਫੁੰਮਣਵਾਲ ਦੇ ਇਕ ਕਿਸਾਨ ਨਿਰਮਲ ਸਿੰਘ ਉਮਰ 46 ਸਾਲ ਪੁੱਤਰ ਗੁਰਮੀਤ ਸਿੰਘ ਕੋਲ ਮਾਤਰ 4 ਤੋਂ 5 ਏਕੜ ਹੀ ਜ਼ਮੀਨ ਸੀ ਅਤੇ ਉਸ ਦੇ ਸਿਰ ਬੈਂਕ, ਸੁਸਾਇਟੀ ਤੇ ਆੜ੍ਹਤੀਏ ਦਾ 7 ਲੱਖ ਰੁਪਏ ਦੇ ਕਰੀਬ ਦਾ ਕਰਜ਼ਾ ਸੀ। ਇਸ ਕਰਕੇ ਉਹ ਪਿਛਲੇ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਕਰਜ਼ੇ ਦੇ ਇਸ ਭਾਰ ਦੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਨਿਰਮਲ ਸਿੰਘ ਨੇ ਬੀਤੀ ਦੇਰ ਰਾਤ ਕੋਈ ਜ਼ਹਿਰਲੀ ਦਵਾਈ ਪੀ ਲਈ ਅਤੇ ਦਵਾਈ ਪੀਣ ਤੋਂ ਬਾਅਦ ਜਦੋਂ ਨਿਰਮਲ ਸਿੰਘ ਦੀ ਸਿਹਤ ਕਾਫ਼ੀ ਖਰਾਬ ਹੋ ਗਈ ਤਾਂ ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਅੱਜ ਉਸ ਦੀ ਮੌਤ ਹੋ ਗਈ।

ਬੀ.ਕੇ.ਯੂ ਏਕਤਾ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਸਿੰਘ ਸਮੇਤ ਹੋਰ ਕਿਸਾਨਾਂ ਨੇ ਨਿਰਮਲ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਕਿਸਾਨ ਦੇ ਪਰਿਵਾਰ ਨੂੰ ਵੱਧ ਤੋਂ ਵੱਧ ਆਰਥਿਕ ਸਹਾਇਤਾ ਦਿੱਤੀ ਜਾਵੇ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
 


author

Gurminder Singh

Content Editor

Related News