ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਪੀ ਕੇ ਕੀਤੀ ਖੁਦਕੁਸ਼ੀ

08/14/2019 6:11:13 PM

ਸੰਗਤ ਮੰਡੀ (ਮਨਜੀਤ) : ਪਿੰਡ ਵਿਰਕ ਖੁਰਦ ਵਿਖੇ ਇਕ ਮੱਧਵਰਗੀ ਕਿਸਾਨ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਜਗਜੀਤ ਸਿੰਘ (65) ਪੁੱਤਰ ਮੁਖਤਿਆਰ ਸਿੰਘ ਕਰਜ਼ੇ ਕਾਰਨ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ, ਜਿਸ ਦੇ ਚੱਲਦਿਆਂ ਬੀਤੀ ਸ਼ਾਮ ਉਸ ਨੇ ਜ਼ਹਿਰੀਲੀ ਚੀਜ਼ ਪੀ ਲਈ। ਪਰਿਵਾਰਕ ਮੈਂਬਰਾਂ ਵੱਲੋਂ ਜਗਜੀਤ ਸਿੰਘ ਨੂੰ ਇਲਾਜ ਲਈ ਬਠਿੰਡਾ ਦੇ ਇਕ ਨਿਜੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਕਿਸਾਨ ਜਗਜੀਤ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ। ਕਿਸਾਨ ਸਿਰ ਸਟੇਟ ਬੈਂਕ ਆਫ਼ ਇੰਡੀਆ ਦਾ ਦੋ ਲੱਖ ਰੁਪਿਆ, 26 ਹਜ਼ਾਰ ਸੋਸਾਇਟੀ ਅਤੇ 50 ਹਜ਼ਾਰ ਆੜ੍ਹਤੀਆਂ ਦਾ ਕਰਜ਼ਾ ਸੀ। ਪਿਛਲੇ ਦਿਨੀਂ ਕਿਸਾਨ ਜਗਜੀਤ ਸਿੰਘ ਦੇ ਭਤੀਜੇ ਦੀ ਬਿਜਲੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ ਜਿਸ ਦਾ ਦੋ ਦਿਨ ਪਹਿਲਾਂ ਹੀ ਭੋਗ ਪਿਆ ਸੀ, ਉਹ ਇਨ੍ਹਾਂ ਗੱਲਾਂ ਨੂੰ ਲੈ ਕੇ ਵੀ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਸੀ। ਇਸ ਸਬੰਧੀ ਬੱਲੂਆਣਾ ਚੌਂਕੀ ਦੇ ਇੰਚਾਰਾਜ ਕ੍ਰਿਸ਼ਨ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਜਗਜੀਤ ਸਿੰਘ ਦੇ ਲੜਕੇ ਸੁਖਵੰਤ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਂ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਘਟਨਾ ਕਾਰਨ ਸਮੁੱਚੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Gurminder Singh

This news is Content Editor Gurminder Singh