ਆਰਥਿਕ ਪ੍ਰੇਸ਼ਾਨੀ ਕਾਰਣ ਕਿਸਾਨ ਨੇ ਕੀਤੀ ਆਤਮਹੱਤਿਆ

12/26/2021 4:42:41 PM

ਸਰਦੂਲਗੜ੍ਹ (ਚੋਪੜਾ) : ਸਬ-ਡਵੀਜਨ ਦੇ ਪਿੰਡ ਰਾਮਾਨੰਦੀ ਦੇ ਨਿਵਾਸੀ ਕਿਸਾਨ ਕਰਮਜੀਤ ਸਿੰਘ (45) ਪੁੱਤਰ ਲਾਭ ਸਿੰਘ ਵਲੋਂ ਆਰਥਿਕ ਪ੍ਰੇਸ਼ਾਨੀ ਕਾਰਣ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਿਸਾਨ ਦੀ ਪਤਨੀ ਸੁਖਪਾਲ ਕੌਰ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਨ੍ਹਾਂ ਕੋਲ ਚਾਰ ਏਕੜ ਜ਼ਮੀਨ ਹੈ, ਜਿਸ ਵਿਚ ਉਨ੍ਹਾਂ ਨੇ ਨਰਮੇ ਦੀ ਫਸਲ ਦੀ ਕਾਸ਼ਤ ਕੀਤੀ ਸੀ। ਪਿਛਲੇ ਸਮੇਂ ਤੋਂ ਫਸਲ ਨਾ ਹੋਣ ਕਾਰਣ ਅਤੇ ਇਸ ਸਾਲ ਗੁਲਾਬੀ ਸੁੰਢੀ ਕਰਕੇ ਨਰਮੇ ਦੀ ਫਸਲ ਖਰਾਬ ਹੋਣ ਕਰਕੇ ਸਾਡੇ ਸਿਰ ਤਕਰੀਬਨ ਸੱਤ ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ। ਜਿਸ ਕਰਕੇ ਉਸ ਦਾ ਪਤੀ ਕਰਮਜੀਤ ਸਿੰਘ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਣ ਉਸਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਈ।

ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਦਾ ਕਰਜ਼ਾ ਮੁਆਫ਼ ਕਰਕੇ ਦੱਸ ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਸਬੰਧੀ ਤਫਤੀਸ਼ ਅਫਸਰ ਨਾਜਰ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਜੌੜਕੀਆਂ ਨੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Gurminder Singh

Content Editor

Related News