ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
Wednesday, Jun 28, 2023 - 05:24 PM (IST)

ਚੀਮਾ ਮੰਡੀ (ਗੋਇਲ) : ਪਿੰਡ ਤੋਲਾਵਾਲ ਵਿਖੇ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਵੱਲੋਂ ਆਪਣੀ ਜੀਵਨ ਲੀਲਾ ਖ਼ਤਮ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਪੁਲਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕਿਸਾਨ ਨਾਜਰ ਸਿੰਘ ਪੁੱਤਰ ਜਗੀਰ ਸਿੰਘ (50 ਸਾਲ) ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪਰੇਸ਼ਾਨ ਸੀ। ਉਸ ਨੇ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਪਿੰਡ ਤੋਲਾਵਾਲ ਦੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਕੋਲ ਇਕ ਏਕੜ ਤੋਂ ਵੀ ਘੱਟ ਜ਼ਮੀਨ ਹੈ ਤੇ ਉਸ ਦੇ ਸਿਰ 5 ਲੱਖ ਦਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਸੀ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਸੀ। ਉਨ੍ਹਾਂ ਮੰਗ ਕੀਤੀ ਕਿ ਜੋ ਛੋਟੇ ਕਿਸਾਨ ਕਰਜ਼ੇ ਦੀ ਮਾਰ ਕਾਰਨ ਖ਼ੁਦਕੁਸ਼ੀ ਕਰ ਚੁੱਕੇ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਪੰਜਾਬ ਸਰਕਾਰ ਨੂੰ ਦੇਣਾ ਚਾਹੀਦਾ ਹੈ।