ਪਰਾਲੀ ਨਾ ਸਾੜਨ ਦੇ ਹੁਕਮਾਂ ''ਤੇ ਕਿਸਾਨ ਸਖਤ, ਸਰਕਾਰ ਨੂੰ ਸਿੱਧੀ ਚਿਤਾਵਨੀ

Wednesday, Oct 17, 2018 - 07:12 PM (IST)

ਪਰਾਲੀ ਨਾ ਸਾੜਨ ਦੇ ਹੁਕਮਾਂ ''ਤੇ ਕਿਸਾਨ ਸਖਤ, ਸਰਕਾਰ ਨੂੰ ਸਿੱਧੀ ਚਿਤਾਵਨੀ

ਬਰਨਾਲਾ : ਪੰਜਾਬ ਸਰਕਾਰ ਦੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਹੁਕਮਾਂ ਨੂੰ ਬਰਨਾਲਾ ਦੇ ਕਿਸਾਨਾਂ ਨੇ ਠੇਂਗਾ ਦਿਖਾ ਦਿੱਤਾ ਹੈ। ਕਿਸਾਨ ਆਗੂਆਂ ਨੇ ਪਰਾਲੀ ਨੂੰ ਅੱਗ ਲਗਾਉਂਦੇ ਹੋਏ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਜੇ ਕੋਈ ਅਫਸਰ ਉਨ੍ਹਾਂ ਨੂੰ ਇਸ ਕੰਮ ਤੋਂ ਰੋਕਣ ਆਇਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ। ਬਰਨਾਲਾ ਦੇ ਮਹਿਲ ਕਲਾਂ ਵਿਚ ਕਿਸਾਨ ਯੂਨੀਅਨਾਂ ਪਰਾਲੀ ਨੂੰ ਅੱਗ ਲਗਾਉਣ ਦੇ ਮੁੱਦੇ ਨੂੰ ਲੈ ਕੇ ਇਕ ਜੁੱਟ ਹੋ ਗਈਆਂ ਹਨ ਅਤੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਹੀਂ ਹੈ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਇੱਵਜ ਵਿਚ ਕੇਂਦਰ ਸਰਕਾਰ ਵਲੋਂ 100 ਰੁਪਿਆ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਕੀਤੀ ਗਈ ਮੰਗ ਤੋਂ ਬਾਅਦ ਹੁਣ ਕਿਸਾਨਾਂ ਨੇ ਪਰਾਲੀ ਨਾ ਸਾੜਨ ਦੀ ਵੱਡੀ ਸ਼ਰਤ ਰੱਖ ਦਿੱਤੀ ਹੈ। ਕਿਸਾਨਾਂ ਨੇ ਕਿਹਾ ਹੈ ਕਿ ਜੇਕਰ ਸਰਕਾਰ 200 ਰੁਪਏ ਪ੍ਰਤੀ ਕੁਇੰਟਲ ਦਾ ਮੁਆਵਜ਼ਾ ਦੇਵੇ ਤਾਂ ਉਹ ਪਰਾਲੀ ਸਾੜਨੀ ਬੰਦ ਕਰ ਦੇਣਗੇ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦੀਆਂ ਘਟਨਾਵਾਂ 'ਤੇ ਕਾਬੂ ਪਾਉਣ ਲਈ। 8600 ਨੋਡਲ ਅਫਸਰਾਂ ਦੀ ਨਿਯੁਕਤੀ ਕੀਤੀ ਹੈ ਅਤੇ ਹਰ ਪਿੰਡ ਵਿਚ ਸਕੂਲ ਦੇ ਅਧਿਆਪਕਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ 'ਤੇ ਨਜ਼ਰ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੈੱਟਲਾਈਟ ਜ਼ਰੀਏ ਵੀ ਪੰਜਾਬ ਵਿਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਮਾਨੀਟਰਿੰਗ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਕਿਸਾਨ ਸ਼ਰੇਆਮ ਸਰਕਾਰ ਨੂੰ ਚੁਣੌਤੀ ਦੇ ਰਹੇ ਹਨ। ਅਜਿਹੇ ਵਿਚ ਦੇਖਣਾ ਇਹ ਹੋਵੇਗਾ ਕਿ ਸਰਕਾਰ ਕਿਸਾਨਾਂ ਖਿਲਾਫ ਸਖਤ ਕਾਰਵਾਈ ਕਰਦੀ ਹੈ ਜਾਂ ਵੋਟ ਬੈਂਕ ਦੀ ਖਾਤਰ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਨਰਮ ਨਜ਼ਰੀਆ ਰੱਖਦੀ ਹੈ।


Related News