ਸੂਬੇ ਦੀਆਂ ਸਿਆਸੀ ਪਾਰਟੀਆਂ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਕਿਸਾਨ ਅੰਦੋਲਨ ਦਾ ਸਾਥ ਦੇਣ : ਛੋਟੇਪੁਰ

02/24/2021 2:48:31 PM

ਕਲਾਨੌਰ (ਮਨਮੋਹਨ)- ਜਥੇਦਾਰ ਸੁੱਚਾ ਸਿੰਘ ਛੋਟੇਪੁਰ ਪ੍ਰਧਾਨ ਆਪਣਾ ਪੰਜਾਬ ਪਾਰਟੀ ਅਤੇ ਸਾਬਕਾ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਕਿਸੇ ਕੀਮਤ ’ਚ ਵੀ ਕਮਜ਼ਰ ਨਹੀਂ ਹੋਣ ਦੇਣਾ ਚਾਹੀਦਾ ਹੈ। ਇਹ ਪੰਜਾਬ, ਕਿਸਾਨ ਅਤੇ ਕਿਸਾਨੀ ਦੇ ਭਵਿੱਖ ਦਾ ਸਵਾਲ ਹੈ। ਇਸ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਬਿਨਾਂ ਕਿਸੇ ਨਿੱਜੀ ਸਵਾਰਥ ਤੋਂ ਕਿਸਾਨ ਅੰਦੋਲਨ ਦਾ ਸਾਥ ਦੇਣ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਰਬੀਰ ਲੋਕਾਂ ਨੇ ਹਰ ਖੇਤਰ ’ਚ ਦੇਸ਼ ਦਾ ਨਾਂ ਉੱਚਾ ਕੀਤਾ ਹੈ ਪ੍ਰੰਤੂ ਕੇਂਦਰ ਸਰਕਾਰ ਉਨ੍ਹਾਂ ਦਾ ਮਾਣ ਸਨਮਾਨ ਕਰਨ ਦੀ ਥਾਂ ਖੇਤੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਦੇ ਹੱਕਾਂ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਅਪਮਾਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਹਾਲਤ ’ਚ ਸਹਿਣ ਨਹੀਂ ਕੀਤਾ ਜਾ ਸਕਦਾ। ਛੋਟੇਪੁਰ ਨੇ ਅਖੀਰ ’ਚ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਦਾ ਹਮੇਸ਼ਾ ਪੰਜਾਬ ਪ੍ਰਤੀ ਵਤੀਰਾ ਚੰਗਾ ਨਹੀਂ ਰਿਹਾ ਜਦਕਿ ਪੰਜਾਬ ਦੇ ਲੋਕ ਦੇਸ਼ ਦੀ ਆਜ਼ਾਦੀ ਅਤੇ ਸਰਹੱਦਾਂ ਦੀ ਰਾਖੀ ਲਈ ਕੁਰਬਾਨੀਆਂ ਅਤੇ ਹਰੀ ਕ੍ਰਾਂਤੀ ਲਿਆਉਣ ’ਚ ਹਮੇਸ਼ਾ ਮੋਹਰੀ ਰਹੇ ਹਨ।


Gurminder Singh

Content Editor

Related News