ਕਿਸਾਨਾਂ ਨੂੰ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ 'ਤੇ ਲੋਹਾ-ਲਾਖਾ ਹੋਏ ਰੰਧਾਵਾ, ਦਿੱਤਾ ਵੱਡਾ ਬਿਆਨ

Sunday, Jan 17, 2021 - 10:45 PM (IST)

ਕਿਸਾਨਾਂ ਨੂੰ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ 'ਤੇ ਲੋਹਾ-ਲਾਖਾ ਹੋਏ ਰੰਧਾਵਾ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਕਿਸਾਨਾਂ ਤੇ ਕਿਸਾਨੀ ਸੰਘਰਸ਼ ਦੇ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਦੀ ਸਖਤ ਆਲੋਚਨਾ ਕਰਦਿਆਂ ਇਸ ਘਟੀਆ ਦਰਜੇ ਦੀ ਰਾਜਨੀਤੀ ਲਈ ਕੇਂਦਰ ਸਰਕਾਰ ਉਤੇ ਨਿਸ਼ਾਨਾ ਸਾਧਿਆ ਹੈ। ਰੰਧਾਵਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਰਦੋਸ਼ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਖਿਲ਼ਾਫ ਇਹ ਸਰਕਾਰੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਐੱਨ.ਡੀ.ਏ. ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਆਪਣੀ ਮਿਹਨਤ ਮੁਸ਼ੱਕਤ ਨਾਲ ਪੂਰੇ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਇਨ੍ਹਾਂ ਫੋਕੇ ਡਰਾਵਿਆਂ ਤੋਂ ਡਰਨ ਵਾਲਾ ਨਹੀਂ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਵੱਡਾ ਝਟਕਾ, ਕੁਲਵੰਤ ਸਿੰਘ ਨੂੰ ਪਾਰਟੀ 'ਚੋਂ ਕੱਢਣ ਦੇ ਵਿਰੋਧ 'ਚ 28 ਆਗੂਆਂ ਨੇ ਦਿੱਤੇ ਅਸਤੀਫ਼ੇ

ਰੰਧਾਵਾ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਉਤੇ ਕੀਤੇ ਜਾ ਰਹੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਭਾਜਪਾ ਸਰਕਾਰ ਵੱਲੋਂ ਚੱਲੀ ਗਈ ਇਹ ਕੋਝੀ ਚਾਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਦੇ ਪਿਛਲੇ ਸਾਢੇ ਛੇ ਸਾਲ ਦੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਆਪਣੇ ਰਾਜਸੀ ਹਿੱਤਾਂ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਹੋਈ। ਉਨ੍ਹਾਂ ਕਿਹਾ ਕਿ ਇਹ ਭਾਰਤੀ ਲੋਕਤੰਤਰ ਲਈ ਸਭ ਤੋਂ ਘਾਤਕ ਸਮਾਂ ਚੱਲ ਰਿਹਾ ਹੈ ਜਦੋਂ ਰਾਜਸੀ ਮੁਫ਼ਾਦਾਂ ਕਰਕੇ ਸੰਵਿਧਾਨਕ ਸੰਸਥਾਵਾਂ/ਅਹੁਦਿਆਂ ਅਤੇ ਸੁਤੰਤਰ ਕੰਮ ਕਰਨ ਵਾਲੀਆਂ ਸਰਕਾਰੀ ਏਜੰਸੀਆਂ ਦਾ ਘਾਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕੀਤਾ ਏ. ਐੱਸ. ਆਈ., ਜਾਣੋ ਕੀ ਹੈ ਪੂਰਾ ਮਾਮਲਾ

ਕਾਂਗਰਸੀ ਆਗੂ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਹਰ ਵਿਰੋਧੀ ਦੀ ਬਾਂਹ ਮਰੋੜਨ ਲਈ ਇਕੋ ਹੀ ਤਰੀਕਾ ਅਪਣਾਇਆ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ ਹੁਣ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਨੇ ਇਹ ਨਵੀਂ ਚਾਲ ਚੱਲੀ ਹੈ ਜੋ ਫ਼ੇਲ੍ਹ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਹੈ ਅਤੇ ਇਨ੍ਹਾਂ ਕੋਝੀਆਂ ਚਾਲਾਂ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਿਨਾਂ ਕੇਂਦਰ ਸਰਕਾਰ ਕੋਲ ਹੋਰ ਕੋਈ ਚਾਰਾ ਨਹੀਂ ਹੈ।

ਇਹ ਵੀ ਪੜ੍ਹੋ : ਕੇਂਦਰ ਨਾਲ ਬੈਠਕਾਂ ਬੇਨਤੀਜਾ ਰਹਿਣ ’ਤੇ ਕਿਸਾਨ ਅੰਦੋਲਨ ਹੋ ਸਕਦੈ ਭਿਆਨਕ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

 

 


author

Gurminder Singh

Content Editor

Related News