ਕਿਸਾਨ ਜਥੇਬੰਦੀਆਂ ਨੇ ਬਿਜਲੀ ਘਰ ''ਚ ਲਗਾਇਆ ਧਰਨਾ
Wednesday, May 20, 2020 - 05:01 PM (IST)
ਰਾਜਾਸਾਂਸੀ (ਹੁੰਦਲ) : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਹੀ ਤਰੀਕੇ ਨਾਲ ਜ਼ਿਆਦਾ ਬਿਜਲੀ ਦੇਣ ਨੂੰ ਲੈ ਕੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਅਜਨਾਲਾ ਦੇ ਬਿਜਲੀ ਘਰ ਅੰਦਰ ਧਰਨਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਦਿਨ ਵੇਲੇ ਝੋਨੇ ਦੀ ਲਵਾਈ ਲਈ ਘੱਟੋ-ਘੱਟ 16 ਘੰਟੇ ਲਗਾਤਾਰ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਅਤੇ ਛੋਟੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ 'ਚ ਆਰਜੀ ਕੁਨੈਕਸ਼ਨ ਦਿੱਤੇ ਜਾਣ।
ਇਸ ਸਬੰਧੀ ਕਿਸਾਨ ਆਗੂ ਸਤਨਾਮ ਸਿੰਘ ਅਤੇ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਜਾ ਰਿਹਾ ਹੈ ਪਰ ਕਿਸਾਨਾਂ ਨੂੰ ਬਿਜਲੀ ਲਈ ਸਹੀ ਸਪਲਾਈ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਸਵੇਰ ਵੇਲੇ 16 ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨ ਆਪਣੇ ਝੋਨੇ ਦੀ ਲਵਾਈ ਅਰਾਮ ਨਾਲ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਆਮ ਲੋਕਾਂ ਨੂੰ 2 ਰੁਪਏ ਬਿਜਲੀ ਦਿੱਤੀ ਜਾਵੇ ਅਤੇ ਬਾਦਲ ਸਰਕਾਰ ਵੇਲੇ ਪ੍ਰਾਈਵੇਟ ਧਰਮਲ ਪਲਾਂਟਾਂ ਨਾਲ ਕੀਤੇ ਸਮਝੌਤੇ ਰੱਦ ਕਰਕੇ ਲੋਕ ਪੱਖੀ ਸਮਝੌਤੇ ਕੀਤੇ ਜਾਣ। ਇਸ ਸਬੰਧੀ ਐਕਸੀਅਨ ਅਜਨਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗ ਪੱਤਰ ਮਿਲਿਆ ਹੈ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ।