ਲੁਧਿਆਣਾ : ਕਿਸਾਨ ਜੱਥੇਬੰਦੀਆਂ ਨੇ ਸਰਕਾਰ ਖਿਲਾਫ ਕੀਤੇ ਮੁਜ਼ਾਹਰੇ
Friday, May 31, 2019 - 04:28 PM (IST)

ਲੁਧਿਆਣਾ (ਨਰਿੰਦਰ) : ਭਾਰਤ ਦੀਆਂ 7 ਕਿਸਾਨ ਜੱਥੇਬੰਦੀਆਂ ਵਲੋਂ ਸ਼ੁੱਕਰਵਾਰ ਨੂੰ ਪੂਰੇ ਪੰਜਾਬ 'ਚ ਜ਼ਿਲਾ ਡਿਪਟੀ ਕਮਿਸ਼ਨਰ ਦਫਤਰਾਂ ਬਾਹਰ ਮੁਜ਼ਾਹਰੇ ਕੀਤੇ ਗਏ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਕਿਸਾਨ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਕਿਰਤੀ ਕਿਸਾਨ ਯੂਨੀਅਨ ਲੁਧਿਆਣਾ ਜ਼ਿਲੇ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜ਼ਬੂਰ ਹੋ ਰਿਹਾ ਹੈ ਪਰ ਕਿਸਾਨਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਹ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਛੇੜਨਗੇ। ਇਸ ਮੌਕੇ ਕਿਸਾਨਾਂ ਨੇ ਫਰੀਦਕੋਟ ਮਾਮਲੇ ਦਾ ਵੀ ਮੁੱਦਾ ਚੁੱਕਦਿਆਂ ਕਿਹਾ ਕਿ ਜਦੋਂ ਵੀ ਪੰਜਾਬ 'ਚ ਕਾਂਗਰਸ ਦੀ ਸਰਕਾਰ ਹੁੰਦੀ ਹੈ ਤਾਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖਰਾਬ ਹੋ ਜਾਂਦੀ ਹੈ।