ਕੇਂਦਰ ਸਰਕਾਰ ਵਲੋਂ ਜਥੇਦਾਰ ਤੱਕ ਪਹੁੰਚ ਕਰਨ ਦੀਆਂ ਖ਼ਬਰਾਂ ''ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Saturday, Jan 09, 2021 - 06:24 PM (IST)
ਤਲਵੰਡੀ ਸਾਬੋ (ਮੁਨੀਸ਼): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਿਥੇ ਇੱਕ ਪਾਸੇ ਕਿਸਾਨਾਂ ਵਲੋਂ ਦਿੱਲੀ ਵਿਖੇ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਮਾਮਲੇ ਨੂੰ ਹੱਲ ਕਰਨ ਲਈ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਲੋਂ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ। ਭਾਵੇਂ ਕਿ ਮੀਟਿੰਗਾਂ ਅਜੇ ਤੱਕ ਬੇਸਿੱਟਾ ਰਹੀਆਂ ਹਨ ਪਰ ਹੁਣ ਕੇਂਦਰ ਸਰਕਾਰ ਵਲੋਂ ਮਾਮਲੇ ਨੂੰ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਵਾਲੇ ਭਾਜਪਾ ਆਗੂ ਦੇ ਘਰ ’ਤੇ ਹਮਲਾ
ਇਨ੍ਹਾਂ ਚਰਚਾਵਾਂ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮਾਮਲਾ ਭਾਰਤ ਦੇ ਕਿਸਾਨਾਂ ਅਤੇ ਕਾਨੂੰਨ ਦਾ ਹੈ, ਜਿਸ ਦਾ ਭਾਰਤ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ ਇਹ ਮਾਮਲਾ ਕਈ ਸਿੱਖ ਮਰਿਆਦਾ ਜਾਂ ਕੌਮੀ ਸਿੱਖ ਧਰਮ ਦਾ ਮਾਮਲਾ ਨਹੀਂ ਹੈ ਤੇ ਨਾ ਹੀ ਸਿੱਖ ਸਿਧਾਂਤਕ ਵਿਖਰੇਵੇ ਦਾ ਮਾਮਲਾ ਹੈ। ਇਸ ਕਰਕੇ ਇਹ ਮਾਮਲਾ ਕਿਸਾਨਾਂ ਅਤੇ ਕੇਂਦਰ ਸਰਕਾਰ ਨੇ ਆਪਸੀ ਗੱਲਬਾਤ ਨਾਲ ਕਰਨਾ ਹੈ, ਸਿੰਘ ਸਾਹਿਬ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਲਦੀ ਮਾਮਲਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਸੰਗਤਾਂ ਨੂੰ ਪਹਿਲਾਂ ਵੀ ਅਪੀਲ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਹਰ ਤਰਾਂ ਦਾ ਸਹਿਯੋਗ ਕੀਤਾ ਜਾਵੇ,ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਸ਼ਾਤੀ ਅਤੇ ਸੰਜਮ ਬਣਾਈ ਰੱਖਣ।
ਇਹ ਵੀ ਪੜ੍ਹੋ: ਤਪਾ ਮੰਡੀ ’ਚ ਤੋਤਿਆਂ ਦੇ ਮਰਨ ਨਾਲ ਸਹਿਮੇ ਲੋਕ, ਬਰਡ ਫ਼ਲੂ ਦੀਆਂ ਖ਼ਬਰਾਂ ਨੇ ਵਧਾਈ ਚਿੰਤਾ
ਇਸ ਸਬੰਧੀ ਜਿੱਥੇ ਖ਼ਬਰਾਂ ਆ ਰਹੀਆਂ ਹਨ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਉਥੇ ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਇਹ ਮਾਮਲਾ ਕੇਂਦਰ ਸਰਕਾਰ ’ਤੇ ਕਿਸਾਨਾਂ ਵਿਚਾਲੇ ਹੈ, ਜਿਸ ਕਰਕੇ ਉਹ ਆਪਸ ’ਚ ਬੈਠ ਕੇ ਇਸ ਮਸਲੇ ਨੂੰ ਹੱਲ ਕਰਨ।