ਕਿਸਾਨ ਵੈੱਲਫੇਅਰ ਸੋਸਾਇਟੀ ਨੇ ਪੱਟੀ-ਖੇਮਕਰਨ ਰੋਡ ''ਤੇ ਦਿੱਤਾ ਧਰਨਾ
Saturday, Feb 24, 2018 - 04:30 AM (IST)

ਵਲਟੋਹਾ, (ਜ. ਬ., ਬਲਜੀਤ)- ਪੰਜਾਬ ਬਾਰਡਰ ਏਰੀਆ ਕਿਸਾਨ ਵੈੱਲਫੇਅਰ ਸੋਸਾਇਟੀ ਵੱਲੋਂ ਅੱਜ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਾਗੂ ਕਰਨ ਤੋਂ ਭੱਜ ਰਹੀ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦਿਆਂ ਪੱਟੀ-ਖੇਮਕਰਨ ਰੋਡ 'ਤੇ ਅੱਡਾ ਟਾਹਲੀ ਮੋੜ ਵਿਖੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਨੇ ਦੱਸਿਆ ਕਿ 27 ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 23 ਫਰਵਰੀ ਨੂੰ ਦਿੱਲੀ ਬੰਦ ਕਰ ਕੇ ਕੇਂਦਰ ਸਰਕਾਰ ਤੋਂ ਦੋ ਮੁੱਖ ਮੰਗਾਂ 'ਤੇ ਆਰ-ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ 2014 ਦੀਆਂ ਚੋਣਾਂ ਵਿਚ ਕਿਸਾਨਾਂ ਦੇ ਹੱਕਾਂ ਲਈ ਕਈ ਵਾਅਦੇ ਕੀਤੇ ਸਨ ਪਰ ਸਰਕਾਰ ਨੇ ਅਜੇ ਤੱਕ ਕੋਈ ਮੰਗ ਨਹੀਂ ਮੰਨੀ। ਇਸ ਤੋਂ ਇਲਾਵਾ ਮੋਦੀ ਸਰਕਾਰ ਨੇ ਸੁਪਰੀਮ ਕੋਰਟ 'ਚ ਹਲਫੀਆ ਬਿਆਨ ਦੇ ਕੇ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਨ ਤੋਂ ਟਾਲਾ ਵੱਟ ਲਿਆ ਹੈ ਪਰ ਕਿਸਾਨ ਜਥੇਬੰਦੀਆਂ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਤੇ ਆਪਣੀਆਂ ਮੰਗਾਂ ਮਨਵਾ ਕੇ ਹੀ ਰਹਿਣਗੀਆਂ। ਇਸ ਮੌਕੇ ਸੋਸਾਇਟੀ ਦੇ ਆਗੂਆਂ ਵੱਲੋਂ ਮੌਕੇ 'ਤੇ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਸਮੇਂ ਜ਼ਿਲਾ ਪ੍ਰਧਾਨ ਪ੍ਰਗਟ ਸਿੰਘ, ਸੁਰਜੀਤ ਸਿੰਘ ਭੂਰਾ, ਸੁਖਦੇਵ ਸਿੰਘ ਫਾਜ਼ਿਲਕਾ, ਸ਼ਾਮ ਲਾਲ, ਗੁਰਸੇਵਕ ਸਿੰਘ, ਗੁਰਦੀਪ ਸਿੰਘ, ਗੁਰਪਾਲ ਸਿੰਘ, ਹਰਜਿੰਦਰ ਸਿੰਘ ਭੰਬਾ, ਗੁਰਜੰਟ ਸਿੰਘ ਤੇ ਹਰਜੀਤ ਸਿੰਘ ਆਦਿ ਹਾਜ਼ਰ ਸਨ।