ਕਿਸਾਨ ਜਥੇਬੰਦੀਆਂ ਕਰਜ਼ਾ-ਮੁਕਤੀ ਸਬੰਧੀ 7 ਫਰਵਰੀ ਨੂੰ ਕਰਨਗੀਆਂ ਚੱਕਾ ਜਾਮ

01/18/2018 7:42:45 AM

ਤਰਨਤਾਰਨ,   (ਰਾਜੂ)-  ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਗ੍ਰਹਿ ਚੌਧਰੀ ਵਾਲਾ ਵਿਖੇ ਹੋਈ। ਇਸ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡਾ ਸਿੰਘ ਜੇਠੂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਬੂਟਾ ਸਿੰਘ ਬੁਰਜ ਗਿੱਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਹਰਜਿੰਦਰ ਸਿੰਘ ਟਾਂਡਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਦੇਵ ਸਿੰਘ ਜ਼ੀਰਾ, ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ ਅਤੇ ਕ੍ਰਾਂਤੀਕਾਰੀ ਯੂਨੀਅਨ ਪੰਜਾਬ ਦੇ ਗੁਰਮੀਤ ਸਿੰਘ ਸ਼ਾਮਲ ਹੋਏ।
ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ ਦੇ ਐਲਾਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਅਮਲ ਬਾਰੇ ਵਿਸਥਾਰ 'ਚ ਵਿਚਾਰ-ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਉਸ ਸਮੇਂ ਕਿਸਾਨਾਂ ਦਾ ਸਹਿਕਾਰੀ, ਪ੍ਰਾਈਵੇਟ ਬੈਂਕਾਂ ਅਤੇ ਆੜ੍ਹਤੀਆਂ ਸਮੇਤ ਸਮੁੱਚਾ ਕਰਜ਼ਾ ਖਤਮ ਕਰਨ ਦਾ ਐਲਾਨ ਕੀਤਾ ਸੀ। ਹੁਣ ਸਰਕਾਰ ਵਾਅਦੇ ਤੋਂ ਮੁੱਕਰ ਚੁੱਕੀ ਹੈ। ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਨੂੰ ਵੇਖਦਿਆਂ ਕਿਸਾਨ ਜਥੇਬੰਦੀਆਂ ਨੇ 7 ਫਰਵਰੀ ਨੂੰ ਪੰਜਾਬ ਭਰ 'ਚ 2 ਘੰਟਿਆਂ ਲਈ ਰਸਤਾ ਰੋਕ ਕੇ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ। ਇਸ ਦਿਨ 12 ਤੋਂ 2 ਵਜੇ ਤੱਕ ਪੰਜਾਬ ਭਰ 'ਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦਾ ਸਮੁੱਚਾ ਕਰਜ਼ਾ ਖਤਮ ਕਰ ਕੇ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਤਾਂ 7 ਫਰਵਰੀ ਨੂੰ ਵੱਡੇ ਅੰਦੋਲਨ ਦਾ ਐਲਾਨ ਕੀਤਾ ਜਾਵੇਗਾ।