ਕਰਜ਼ਾ ਮੁਆਫੀ ਦੀਆਂ ਸੂਚੀਆਂ ''ਚ ਕਿਸਾਨਾਂ ਨਾਲ ਧੋਖਾ ਕੀਤਾ ਗਿਐ : ਹਰਪਾਲ ਚੀਮਾ
Friday, Jan 05, 2018 - 04:11 PM (IST)

ਲਹਿਰਾਗਾਗਾ (ਜਿੰਦਲ, ਗਰਗ)- ਕਿਸਾਨਾਂ ਦਾ ਕਰਜ਼ਾ ਮੁਆਫ ਕਰਵਾਉਣ ਲਈ ਆਮ ਆਦਮੀ ਪਾਰਟੀ ਸੜਕਾਂ 'ਤੇ ਉੱਤਰੇਗੀ। ਇਹ ਪ੍ਰਗਟਾਵਾ ਹਲਕਾ ਦਿੜ੍ਹਬਾ ਤੋਂ 'ਆਪ' ਦੇ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਪਿੰਡ ਗਾਗਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ 'ਚ ਕਿਸਾਨਾਂ ਦਾ ਹਰ ਤਰ੍ਹਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਇਹ ਵਾਅਦਾ ਧੋਖਾ ਸਾਬਿਤ ਹੋਇਆ।
ਕੈਪਟਨ ਸਰਕਾਰ ਹੁਣ ਸਿਰਫ ਸਹਿਕਾਰੀ ਬੈਂਕਾਂ ਦਾ ਹੀ ਕੁਝ ਕਰਜ਼ਾ ਮੁਆਫ ਕਰ ਰਹੀ ਹੈ। ਸਰਕਾਰ ਨੇ ਕਰਜ਼ਾ ਮੁਆਫ਼ੀ ਦੀਆਂ ਜੋ ਸੂਚੀਆਂ ਜਾਰੀ ਕੀਤੀਆਂ ਹਨ, ਉਨ੍ਹਾਂ 'ਚ ਕਿਸਾਨਾਂ ਨਾਲ ਵਿਤਕਰਾ ਕੀਤਾ ਗਿਆ ਹੈ। ਸਰਕਾਰ ਨੇ ਆਪਣੇ ਹੀ ਚਹੇਤਿਆਂ ਦਾ ਕਰਜ਼ਾ ਮੁਆਫ ਕੀਤਾ ਹੈ। ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ ਨਹੀਂ ਹੋਇਆ, ਉਹ ਪ੍ਰੇਸ਼ਾਨ ਹਨ। ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਹੋ ਚੁੱਕੀ ਹੈ ਤੇ ਸੂਬੇ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ।
ਇਸ ਮੌਕੇ ਕੰਵਰਜੀਤ ਕੁੱਕੀ ਲਦਾਲ, ਦਲਜੀਤ, ਗੁਰਮੇਲ ਸਿੰਘ ਤੇ ਸੁਖਦੀਪ ਸਿੰਘ ਤੋਂ ਇਲਾਵਾ ਹੋਰ ਵਰਕਰ ਹਾਜ਼ਰ ਸਨ।