ਨਵੀਆਂ ਤਕਨੀਕਾਂ ਨਾਲ ਫ਼ਸਲੀ ਵਿਭਿੰਨਤਾ ਅਪਣਾ ਕੇ ਕਈ ਗੁਣਾ ਵਧ ਸਕਦੀ ਹੈ ਕਿਸਾਨਾਂ ਦੀ ਆਮਦਨ : ਜੌੜਾਮਾਜਰਾ

Friday, Mar 03, 2023 - 03:38 AM (IST)

ਨਵੀਆਂ ਤਕਨੀਕਾਂ ਨਾਲ ਫ਼ਸਲੀ ਵਿਭਿੰਨਤਾ ਅਪਣਾ ਕੇ ਕਈ ਗੁਣਾ ਵਧ ਸਕਦੀ ਹੈ ਕਿਸਾਨਾਂ ਦੀ ਆਮਦਨ : ਜੌੜਾਮਾਜਰਾ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਪੂਰਾ ਕਰਨ ਹਿੱਤ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ, ਹਾਈਡਰੋਪੋਨਿਕ ਯੂਨਿਟ ਅਤੇ ਪਲਾਂਟ ਹੈਲਥ ਕਲੀਨਿਕ ਲੈਬ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਵਾਇਤੀ ਫ਼ਸਲੀ ਚੱਕਰ ’ਚੋਂ ਨਿਕਲ ਕੇ ਫ਼ਸਲੀ ਵਿਭਿੰਨਤਾ ਨੂੰ ਹੋਰ ਵੱਡੇ ਪੱਧਰ ’ਤੇ ਅਪਣਾ ਕੇ ਲਾਹੇਵੰਦ ਖੇਤੀ ਦਾ ਵੱਧ ਤੋਂ ਵੱਧ ਲਾਭ ਲੈਣ।

ਇਹ ਖ਼ਬਰ ਵੀ ਪੜ੍ਹੋ : ਜ਼ਮੀਨ-ਜਾਇਦਾਦ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਨੇ ਦਿੱਤੀ ਇਹ ਛੋਟ

ਇੰਡੋ-ਇਜ਼ਰਾਈਲ ਪ੍ਰਾਜੈਕਟ ਤਹਿਤ ਇਥੇ ਸਥਾਪਿਤ ਸਬਜ਼ੀਆਂ ਲਈ ਸੈਂਟਰ ਆਫ਼ ਐਕਸੀਲੈਂਸ ਵਿਖੇ ਹਾਈਡਰੋਪੋਨਿਕ ਯੂਨਿਟ ਅਤੇ ਬਹੁਮੰਤਵੀ ਗ੍ਰੇਡਿੰਗ/ਸੋਰਟਿੰਗ ਲਾਈਨ ਦੇ ਉਦਘਾਟਨ ਉਪਰੰਤ ਸੈਂਟਰ ਦਾ ਦੌਰਾ ਕਰਦਿਆਂ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਘੱਟ ਪਾਣੀ ਦੀ ਖ਼ਪਤ ਵਾਲੀਆਂ ਫ਼ਸਲਾਂ/ਸਬਜ਼ੀਆਂ ਦੀ ਕਾਸ਼ਤ ਨੂੰ ਤਰਜੀਹ ਦੇਣੀ ਮੌਜੂਦਾ ਸਮੇਂ ਦੀ ਮੁੱਖ ਲੋੜ ਹੈ।

PunjabKesari

ਉਨ੍ਹਾਂ ਕਿਹਾ ਕਿ ਕਿਸਾਨ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ ਨੂੰ ਛੱਡ ਕੇ ਹਾਈਟੈੱਕ ਖੇਤੀ ਅਪਣਾਉਣ, ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਹਰ ਸੰਭਵ ਸਿਖਲਾਈ ਅਤੇ ਮਦਦ ਲਈ ਹਮੇਸ਼ਾ ਤੱਤਪਰ ਹੈ । ਉਨ੍ਹਾਂ ਕਿਹਾ ਕਿ ਇੰਡੋ-ਇਜ਼ਰਾਈਲ ਪ੍ਰਾਜੈਕਟ ਦਾ ਇਹ ਸੈਂਟਰ ਆਧੁਨਿਕ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਨਣ ਮੁਨਾਰੇ ਵਜੋਂ ਵਿਕਸਿਤ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ ਅਪਣਾਈਆਂ ਜਾ ਰਹੀਆਂ ਤਕਨੀਕਾਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਉਨ੍ਹਾਂ ਨੂੰ ਲਾਹੇਵੰਦ ਖੇਤੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਿ ਬਾਗਬਾਨੀ ਵਿਭਾਗ ਵੱਲੋਂ ਸੈਂਟਰ ਦੀਆਂ ਤਕਨੀਕਾਂ ਨੂੰ ਪਿੰਡ ਪੱਧਰ ਤੱਕ ਕਿਸਾਨਾਂ ਤੱਕ ਪਹੁੰਚਾਉਣ ਲਈ ਮੁੱਢਲੇ ਤੌਰ ’ਤੇ ਜ਼ਿਲ੍ਹਾ ਜਲੰਧਰ ਅਤੇ ਹੁਸਿਆਰਪੁਰ ਦੇ 15 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਸ ਤਹਿਤ ਕਿਸਾਨਾਂ ਨੂੰ ਥੋੜ੍ਹੀ ਜ਼ਮੀਨ ਵਿਚ ਵੀ ਵੱਧ ਆਮਦਨ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਬਾਗਬਾਨੀ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਧੁਨਿਕ ਤਕਨੀਕਾਂ ਅਪਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਨੇ ਨਵੀਆਂ ਤਕਨੀਕਾਂ ਰਾਹੀਂ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਸਰਟੀਫਿਕੇਟ ਵੀ ਵੰਡੇ। ਬਾਗਬਾਨੀ ਵਿਭਾਗ ਦੇ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਦੱਸਿਆ ਕਿ ਸੈਂਟਰ ਆਫ਼ ਐਕਸੀਲੈਂਸ ਤੋਂ ਭਾਰੀ ਗਿਣਤੀ ਵਿਚ ਕਿਸਾਨਾਂ ਵੱਲੋਂ ਸਬਜ਼ੀਆਂ ਦੀ ਪਨੀਰੀ ਲਿਜਾ ਕੇ ਆਪਣੇ ਖੇਤਾਂ ਵਿਚ ਇਸ ਤਕਨੀਕ ਰਾਹੀਂ ਸਬਜ਼ੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਇੰਡੋ-ਇਜ਼ਰਾਈਲ ਤਕਨੀਕਾਂ ਨੂੰ ਆਪਣੇ ਖੇਤਾਂ ਵਿਚ ਅਪਣਾਉਣ ਤਾਂ ਇਕ ਕਨਾਲ ’ਚੋਂ ਵੀ ਇਕ ਏਕੜ ਦੇ ਬਰਾਬਰ ਆਮਦਨ ਹਾਸਿਲ ਕਰ ਸਕਦੇ ਹਨ। ਇਸ ਤੋਂ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਨੇ ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਲਾਲ ਬਹਾਦਰ, ਸਹਾਇਕ ਡਾਇਰੈਕਟਰਾਂ ਡਾ. ਦਲਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਤੇ ਸੁਖਬੀਰ ਸਿੰਘ, ਪ੍ਰਾਜੈਕਟ ਅਫ਼ਸਰ ਤੇਜਵੀਰ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਸੈਂਟਰ ਆਫ਼ ਐਕਸੀਲੈਂਸ ਦੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਂਟਰ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਸੈਂਟਰ ਦੀਆਂ ਸਰਗਰਮੀਆਂ ਨਾਲ ਜੋੜਿਆ ਜਾਵੇ। ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੈਂਟਰ ਦੇ ਗੇਟ ’ਤੇ ਸਥਾਪਿਤ ਖ਼ਰੀਦ ਕੇਂਦਰ ਨੂੰ ਵੀ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।


author

Manoj

Content Editor

Related News