ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਬੀਕੇਯੂ ਵੱਲੋਂ ਐੱਸ.ਡੀ.ਐੱਮ ਦਫਤਰ ਦਾ ਘਿਰਾਓ
Wednesday, May 26, 2021 - 06:25 PM (IST)
ਪਾਇਲ (ਵਿਨਾਇਕ) : ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਾਇਲ ਦੇ ਐੱਸ.ਡੀ.ਐੱਮ ਦਫਤਰ ਦਾ ਘਿਰਾਓ ਕਰਦਿਆਂ ਵਿਸ਼ਾਲ ਧਰਨਾ ਦਿੱਤਾ। ਜਿਸ ਵਿਚ ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਕਿਸਾਨ ਔਰਤਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਸ਼ਹੀਦ ਹੋਏ ਕਿਸਾਨ ਲਾਭ ਸਿੰਘ ਸਿਰਥਲਾ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਵੇ ਅਤੇ ਉਸਦੇ ਪਰਿਵਾਰ ਸਮੇਤ ਸੂਬੇ ’ਚ ਸ਼ਹੀਦ ਹੋਏ ਬਾਕੀ ਕਿਸਾਨਾਂ ਦੇ ਪਰਿਵਾਰਾਂ ਦੇ ਇਕ- ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਇਨ੍ਹਾਂ ਦੇ ਪਰਿਵਾਰਾਂ ਸਿਰ ਚੜਿਆਂ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਖਤਮ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਹੋ ਸਕੇ।
ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਵਾਰ-ਵਾਰ ਮੰਗ ਪੱਤਰ ਯਾਦ ਪੱਤਰ ਦੇਣ ਦੇ ਬਾਵਜੂਦ ਉਚ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਤਾਂ ਕਰਕੇ ਮਜਬੂਰਨ ਘਿਰਾਓ ਕਰਨ ਦਾ ਫ਼ੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇ ਸੰਕੇਤਕ ਘਿਰਾਓ ਤੋਂ ਅਧਿਕਾਰੀਆਂ ਨੇ ਕੋਈ ਸਬਕ ਨਾ ਲਿਆ ਤਾਂ ਮੁਆਵਜ਼ਾ ਪ੍ਰਾਪਤ ਕਰਨ ਤੱਕ ਲਗਾਤਾਰ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਗਮੀਤ ਸਿੰਘ ਕਲਾਹੜ, ਪਰਮਵੀਰ ਘਲੋਟੀ, ਬਲਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ, ਸਕੱਤਰ ਸੁਦਾਗਰ ਸਿੰਘ ਘੁਡਾਣੀ, ਦੇਬੀ ਸਿਹੌੜਾ, ਲਾਡੀ ਉਕਸੀ, ਹਰਜਿੰਦਰ ਸਿੰਘ ਰਾਮਗੜ, ਆਦਿ ਹਾਜ਼ਰ ਸਨ।