ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਢੀਂਡਸਾ

Monday, Jul 31, 2023 - 06:21 PM (IST)

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ : ਢੀਂਡਸਾ

ਭਵਾਨੀਗੜ੍ਹ (ਵਿਕਾਸ) : ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸੋਮਵਾਰ ਨੂੰ ਇੱਥੇ ਗੱਲਬਾਤ ਦੌਰਾਨ ਆਖਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪ ਮੁਹਾਰੇ ਲਏ ਜਾ ਰਹੇ ਫੈਸਲਿਆਂ ਕਾਰਨ ਅਕਾਲੀ ਦਲ ਦਾ ਹਰੇਕ ਆਗੂ ਤੇ ਵਰਕਰ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਗੱਠਜੋੜ ਹੋਣ ਦੀਆਂ ਗੱਲਾਂ ਅਕਾਲੀ ਦਲ ਦੇ ਕੁੱਝ ਆਗੂਆਂ ਵੱਲੋਂ ਆਪਣੇ ਤੌਰ ’ਤੇ ਹੀ ਕੀਤੀਆਂ ਜਾ ਰਹੀਆਂ ਹਨ ਜਦੋਂਕਿ ਫਿਲਹਾਲ ਭਾਜਪਾ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਗੱਠਜੋੜ ਕਰਨ ਦੇ ਮੂਡ ’ਚ ਨਹੀਂ ਦਿਖਾਈ ਦੇ ਰਿਹਾ।

ਢੀਂਡਸਾ ਨੇ 'ਆਪ' ਸਰਕਾਰ 'ਤੇ ਵਰਦਿਆਂ ਕਿਹਾ ਕਿ ਮਾਨ ਸਰਕਾਰ ਦੀ ਅਣਗਹਿਲੀ ਕਾਰਨ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆ ਜਾਣ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਗਿਆ ਜਿਸ ਦੀ ਭਰਪਾਈ ਲਈ ਸਰਕਾਰ ਨੇ ਕੋਈ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੇ ਨੁਕਸਾਨ ਦਾ 50 ਹਜ਼ਾਰ ਤੇ ਘੱਟ ਨੁਕਸਾਨ ਵਾਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਪਾਰਟੀ ਵੱਲੋਂ ਸਿਆਸੀ ਸਰਗਰਮੀਆਂ ਨੂੰ ਵਧਾਉਣ ਲਈ 5 ਅਗਸਤ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਕੀਤੀ ਜਾ ਰਹੀ ਮੀਟਿੰਗ ਵਿਚ ਵਰਕਰਾਂ ਨੂੰ ਵੱਡੀ ਗਿਣਤੀ ’ਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਗੁਰਬਚਨ ਸਿੰਘ ਬਚੀ, ਨਿਹਾਲ ਸਿੰਘ ਨੰਦਗੜ੍ਹ, ਧਨਮਿੰਦਰ ਸਿੰਘ, ਮੇਜਰ ਸਿੰਘ ਝਨੇੜੀ ਤੇ ਸਤਗੁਰ ਸਿੰਘ ਨਮੋਲ ਆਦਿ ਹਾਜ਼ਰ ਸਨ।


author

Gurminder Singh

Content Editor

Related News