23ਵੇਂ ਦਿਨ ਵੀ ਹਜ਼ਾਰਾਂ ਹੀ ਕਿਸਾਨ ਡਟੇ ਰਹੇ ਧਰਨਿਆਂ ''ਤੇ
Friday, Oct 23, 2020 - 02:58 PM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਅੱਜ 23ਵੇਂ ਦਿਨ ਵੀ ਜਾਰੀ ਰਿਹਾ। ਹਜ਼ਾਰਾਂ ਕਿਸਾਨਾਂ ਨੇ ਅੱਜ ਫਿਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸੰਟੀ ਦੇ ਘਰ ਅੱਗੇ ਧਰਨਾ ਦਿੱਤਾ। ਰੇਲਵੇ ਸਟੇਸ਼ਨ 'ਤੇ ਵੀ ਹਜ਼ਾਰਾਂ ਕਿਸਾਨ ਡਟੇ ਰਹੇ। ਕਈ ਮਾਲਜ਼ ਅਤੇ ਟੋਲ ਪਲਾਜ਼ਿਆਂ 'ਤੇ ਵੀ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਰੇਲਵੇ ਸਟੇਸ਼ਨ 'ਤੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਦਲਿਤਾਂ ਨੂੰ ਗੁੰਮਰਾਹ ਕਰਕੇ ਕਿਸਾਨਾਂ ਦੇ ਸੰਘਰਸ਼ ਨੂੰ ਤੋੜਨ ਲਈ ਮਾਰਚ ਕੀਤੇ ਜਾ ਰਹੇ ਹਨ। ਜਦਕਿ ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਨਾਲ ਇਕੱਲੇ ਕਿਸਾਨ ਹੀ ਪ੍ਰਭਾਵਿਤ ਨਹੀਂ ਹੋਣਗੇ ਬਲਕਿ ਹਰ ਵਰਗ 'ਤੇ ਇਸਦਾ ਬੁਰਾ ਪ੍ਰਭਾਵ ਪਵੇਗਾ।
ਖੇਤੀ ਨਾਲ ਜੁੜੇ ਹੋਏ ਕਿਸਾਨ ਮਜ਼ਦੂਰ, ਛੋਟੇ ਦੁਕਾਨਦਾਰ ਅਤੇ ਕਰਮਚਾਰੀ ਵੀ ਪ੍ਰਭਾਵਿਤ ਹੋਣਗੇ। ਭਾਜਪਾ ਜਿੰਨਾ ਮਰਜ਼ੀ ਸੰਘਰਸ਼ ਨੂੰ ਤੋੜਨ ਦੀ ਕੋਸ਼ਿਸ਼ ਕਰੇ ਪਰ ਹੁਣ ਕਿਸਾਨ ਅਤੇ ਮਜ਼ਦੂਰ ਇਸ ਗੱਲ ਨੂੰ ਚੰਗੀ ਤਰ੍ਹਾਂ ਨਾਲ ਸਮਝ ਚੁੱਕਿਆ ਹੈ। ਉਹ ਭਾਜਪਾ ਦੀਆਂ ਚੋਖੀਆਂ ਗੱਲਾਂ ਵਿਚ ਨਹੀਂ ਆਉਣਗੇ। ਇਸ ਸੰਘਰਸ਼ ਨੇ ਪਹਿਲਾਂ ਅਕਾਲੀਆਂ ਨੂੰ ਫਿਰ ਕਾਂਗਰਸ ਨੂੰ ਝੁਕਣ ਲਈ ਮਜ਼ਬੂਰ ਕਰ ਦਿੱਤਾ। ਅਸੀਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਹ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਨ ਨਹੀਂ ਤਾਂ ਸਾਨੂੰ ਜਿੰਨੀਆਂ ਮਰਜੀ ਕੁਰਬਾਨੀਆਂ ਦੇਣੀਆਂ ਪੈਣ ਅਸੀਂ ਸੰਘਰਸ਼ ਤੋਂ ਪਿੱਛੇ ਨਹੀਂ ਹਟਾਂਗੇ।