ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਜੰਜੀਰਾਂ ਪਹਿਨ ਕੇ ਤੇ ਕਾਲੇ ਚੋਲੇ ਪਾ ਕੇ ਰੋਸ ਮਾਰਚ

Tuesday, May 25, 2021 - 04:57 PM (IST)

ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਜੰਜੀਰਾਂ ਪਹਿਨ ਕੇ ਤੇ ਕਾਲੇ ਚੋਲੇ ਪਾ ਕੇ ਰੋਸ ਮਾਰਚ

ਮੋਰਿੰਡਾ (ਧੀਮਾਨ) : ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਲੜ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਵਸ ਮਨਾਉਣ ਦੇ ਸੱਦੇ ’ਤੇ ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਕੋਰੋਨਾ ਨਿਯਮਾਂ ਨੂੰ ਦੇਖਦੇ ਹੋਏ ਕਾਲੇ ਚੋਲੇ ਪਾ ਕੇ ਅਤੇ ਗਲਾਂ ਵਿਚ ਸੰਗਲਾਂ ਦੀਆਂ ਜੰਜੀਰਾਂ ਪਹਿਨ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਅਤੇ ਸ਼ਹਿਰ ਵਾਸੀਆਂ ਤੇ ਹੋਰਨਾਂ ਲੋਕਾਂ ਨੂੰ 26 ਮਈ ਨੂੰ ਆਪਣੇ ਘਰਾਂ ਅਤੇ ਵਾਹਨਾਂ ’ਤੇ ਕਾਲੇ ਝੰਡੇ ਲਗਾ ਕੇ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ।

ਇਸ ਮੌਕੇ ਕਿਸਾਨ ਆਗੂ ਜਥੇਦਾਰ ਹਰਪਾਲ ਸਿੰਘ ਦਾਤਾਰਪੁਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨਦੀਪ ਸਿੰਘ ਰੌਣੀ, ਸਾਬਕਾ ਸਰਪੰਚ ਸੁਰਜੀਤ ਸਿੰਘ ਤਾਜਪੁਰਾ ਤੇ ਹਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨ ਕਿਸਾਨੀ ਅਤੇ ਕਿਸਾਨਾਂ ਨੂੰ ਖ਼ਤਮ ਕਰਨ ਲਈ ਅਤੇ ਕਾਰਪੋਰੇਟਾਂ ਨੂੰ ਚੋਖਾ ਮੁਨਾਫਾ ਕਮਾਉਣ ਲਈ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ 26 ਮਈ ਨੂੰ ਦਿੱਲੀ ਕਿਸਾਨ ਅੰਦੋਲਨ ਨੂੰ 6 ਮਹੀਨੇ ਪੂਰੇ ਹੋ ਰਹੇ ਹਨ ਅਤੇ ਇਸੇ ਦਿਨ ਹੀ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣੇ ਹਨ। ਜਿਸ ਦੇ ਚੱਲਦਿਆਂ 26 ਮਈ ਨੂੰ ਕਾਲਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹੀਆਂ ਜਾ ਸਕਣ। ਉਨ੍ਹਾਂ ਸ਼ਹਿਰ ਦੇ ਬਾਜ਼ਾਰਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੁਕਾਨਦਾਰਾਂ ਨੂੰ ਅਪੀਲ ਵੀ ਕੀਤੀ ਕਿ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇ। ਇਹ ਰੋਸ ਮਾਰਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਵਾਪਸ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੀ ਸਮਾਪਤ ਹੋਇਆ।


author

Gurminder Singh

Content Editor

Related News