ਪੰਜਾਬ ਬੰਦ ਦੌਰਾਨ ਟਾਂਡਾ ''ਚ ਸੜਕਾਂ ਤੇ ਪਸਰਿਆ ਸੰਨਾਟਾ
Friday, Sep 25, 2020 - 04:28 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਮੱਦੇਨਜ਼ਰ ਸੜਕਾਂ 'ਤੇ ਸਵੇਰ ਤੋਂ ਹੀ ਪੂਰੀ ਤਰ੍ਹਾਂ ਸੰਨਾਟਾ ਪਸਰਿਆ ਰਿਹਾ। ਸੜਕਾਂ 'ਤੇ ਨਾ ਮਾਤਰ ਹੀ ਆਵਾਜਾਈ ਰਹੀ। 'ਜਗ ਬਾਣੀ' ਦੀ ਟੀਮ ਵੱਲੋਂ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ, ਟਾਂਡਾ-ਸ੍ਰੀ ਹਰਗੋਬਿੰਦਪੁਰ ਸੜਕ,ਟਾਂਡਾ ਹੁਸ਼ਿਆਰਪੁਰ ਸੜਕ 'ਤੇ ਆਵਾਜਾਈ ਮੁਕੰਮਲ ਤੌਰ 'ਤੇ ਬੰਦ ਰਹੀ।
ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਤੋਂ ਲੈ ਕੇ 4 ਚਾਰ ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ 'ਚ ਕਿਸਾਨਾਂ ਤੋਂ ਇਲਾਵਾ ਸਾਰੇ ਹੀ ਲੋਕਾਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਵੱਖ-ਵੱਖ ਚੌਕਾਂ ਅਤੇ ਟੀ-ਪੁਆਇੰਟਾਂ 'ਤੇ ਸੁਰੱਖਿਆ ਵਜੋਂ ਪੰਜਾਬ ਪੁਲਸ ਦੀ ਤਾਇਨਾਤੀ ਵੀ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ 'ਤੇ ਉੱਤਰਣ ਨੂੰ ਮਜਬੂਰ ਹੋ ਗਏ ਹਨ। ਖੇਤੀ ਆਰਡੀਨੈਂਸਾਂ ਨੂੰ ਲੈ ਕੇ ਹੀ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ 'ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ 'ਚ ਸੱਤਾਧਾਰੀ ਪਾਰਟੀ ਕਾਂਗਰਸ, ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਇਲਾਵਾ ਵੱਖ-ਵੱਥ ਜਥੇਬੰਦੀਆਂ ਸਹਿਯੋਗ ਦੇ ਰਹੀਆਂ ਹਨ।