ਕਿਸਾਨਾਂ ਤੇ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਡੀ. ਸੀ. ਦਫ਼ਤਰ ਮੂਹਰੇ ਧਰਨਾ

01/22/2018 6:04:17 PM


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) - ਸੂਬਾ ਸਰਕਾਰ ਵੱਲੋਂ ਕਿਸਾਨਾਂ ਦੇ ਮਾਫ਼ ਕੀਤੇ ਕਰਜ਼ ਤੋਂ ਨਾਖ਼ੁਸ਼ ਕਿਸਾਨਾਂ ਅਤੇ ਮਜ਼ਦੂਰਾਂ ਨੇ ਸੰਘਰਸ਼ ਦਾ ਬਿਗਲ ਵਜਾਉਂਦਿਆਂ ਅੱਜ ਡੀ. ਸੀ. ਦਫ਼ਤਰ ਵਿਖੇ ਪੰਜ ਰੋਜ਼ਾ ਧਰਨਾ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ 'ਚ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਪੂਰਾ ਕਰਜ਼ ਮਾਫ਼ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਸਰਕਾਰ ਨੇ ਗੋਗਲੂਆਂ ਤੋਂ ਮਿੱਟੀ ਝਾੜਨ ਦੇ ਬਰਾਬਰ ਸਿਰਫ਼ ਸੋਸਾਇਟੀਆਂ ਦਾ ਕਰਜ਼ ਮਾਫ਼ ਕੀਤਾ ਜਿਸ 'ਚ ਬਹੁਤ ਘੱਟ ਗਿਣਤੀ 'ਚ ਕਿਸਾਨਾਂ ਨੂੰ ਸ਼ਾਮਲ ਕੀਤਾ ਹੈ ਜਦਕਿ ਇਹ ਕਰਜ਼ ਸਾਰੇ ਕਿਸਾਨਾਂ ਦਾ ਮਾਫ਼ ਕੀਤਾ ਜਾਣਾ ਚਾਹੀਦਾ ਸੀ। ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਦੇਣ, ਵਿਧਵਾ, ਬੁਢਪਾ ਪੈਨਸ਼ਨ ਵਧਾਉਣ, ਆਵਾਰਾ ਪਸ਼ੂਆਂ ਦਾ ਪੁੱਖਤਾ ਹੱਲ ਕਰਨ, ਨਸ਼ੇ ਦਾ ਖ਼ਾਤਮਾ ਕਰਨ ਆਦਿ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਕੀਤੇ। ਆਗਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਵਾਅਦੇ ਪੂਰੇ ਕਰਨ ਦੀ ਬਜਾਇ ਰੋਜ਼ਗਾਰ ਖੋਹਣ 'ਤੇ ਤੁਲੀ ਹੋਈ ਹੈ ਜਿਸ ਤਹਿਤ ਥਰਮਲ ਪਲਾਂਟ ਬੰਦ ਕਰਨ ਦੇ ਨਾਦਰਸ਼ਾਹੀ ਫੁਰਮਾਨ ਨਾਲ ਲੱਖਾਂ ਲੋਕਾਂ ਨੂੰ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਪੂਰਾ ਕਰਜ਼ ਮਾਫ਼ ਕਰਨ ਅਤੇ ਕੀਤੇ ਹੋਏ ਸਾਰੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ। ਇਸ ਮੌਕੇ ਜਨਰਲ ਸਕੱਤਰ ਗੁਰਾਂਦਿੱਤਾ ਸਿੰਘ ਭਾਗਸਰ, ਗੁਰਭਗਤ ਸਿੰਘ ਭਲਾਈਆਣਾ, ਭੁਪਿੰਦਰ ਸਿੰਘ, ਜਗਦੇਵ ਸਿੰਘ ਹਰਬੰਸ ਸਿੰਘ ਕੋਟਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ।


Related News