ਖ਼ਤਮ ਹੋ ਗਈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ

Sunday, Feb 23, 2025 - 05:59 AM (IST)

ਖ਼ਤਮ ਹੋ ਗਈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ, ਜਾਣੋ ਕੀ ਨਿਕਲਿਆ ਸਿੱਟਾ

ਚੰਡੀਗੜ੍ਹ (ਅੰਕੁਰ) : ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ਨੀਵਾਰ ਨੂੰ ਕੇਂਦਰ ਨਾਲ 6ਵੇਂ ਦੌਰ ਦੀ ਮੀਟਿੰਗ ਚੰਗੇ ਮਾਹੌਲ ’ਚ ਹੋਈ। ਕਰੀਬ ਢਾਈ ਘੰਟੇ ਤੱਕ ਚੱਲੀ ਕੇਂਦਰੀ ਮੰਤਰੀਆਂ ਤੇ ਕਿਸਾਨਾਂ ਵਿਚਾਲੇ ਮੀਟਿੰਗ ਚੰਡੀਗੜ੍ਹ ਦੇ 26 ਸੈਕਟਰ ਸਥਿਤ ਮਹਾਤਮਾ ਗਾਂਧੀ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਹੋਈ। ਮੀਟਿੰਗ 'ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਤੇ ਪੀਯੂਸ਼ ਗੋਇਲ ਗੱਲਬਾਤ ਲਈ ਆਏ ਸਨ। ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿੱਤ ਮੰਤਰੀ ਹਰਪਾਲ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਮੌਜੂਦ ਸਨ।

ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਮੁਖੀ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ’ਚ 28 ਕਿਸਾਨ ਆਗੂ ਸ਼ਾਮਲ ਹੋਏ। ਡੱਲੇਵਾਲ ਨੂੰ ਐਂਬੂਲੈਂਸ ਰਾਹੀਂ ਖਨੌਰੀ ਸਰਹੱਦ ਤੋਂ ਚੰਡੀਗੜ੍ਹ ਲਿਆਂਦਾ ਗਿਆ ਹੈ। ਕਿਸਾਨ ਆਗੂਆਂ ਨਾਲ ਮੁਲਾਕਾਤ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਚਰਚਾ ਚੰਗੀ ਰਹੀ। ਅਸੀਂ ਮੋਦੀ ਸਰਕਾਰ ਦੀਆਂ ਤਰਜੀਹਾਂ ਨੂੰ ਸਾਹਮਣੇ ਰੱਖਿਆ ਜੋ ਕਿ ਕਿਸਾਨਾਂ ਦੀ ਭਲਾਈ ਬਾਰੇ ਹਨ। ਅਸੀਂ ਇਹ ਵੀ ਸੁਣਿਆ ਹੈ ਕਿ ਕਿਸਾਨ ਆਗੂਆਂ ਦਾ ਕੀ ਕਹਿਣਾ ਸੀ। ਇਹ ਚਰਚਾ ਜਾਰੀ ਰਹੇਗੀ। ਅਗਲੀ ਮੀਟਿੰਗ 19 ਮਾਰਚ ਨੂੰ ਚੰਡੀਗੜ੍ਹ ’ਚ ਹੋਵੇਗੀ। 

ਇਹ ਵੀ ਪੜ੍ਹੋ- 5 ਸਾਲਾਂ ਤੋਂ ਵਿਦੇਸ਼ ਰਹਿ ਰਹੀ ਔਰਤ ਦੀ ਕੋਠੀ 'ਤੇ ਹੋ ਗਿਆ ਕਬਜ਼ਾ, ਮੰਤਰੀ ਭੁੱਲਰ ਨੇ ਇੰਝ ਦਿਵਾਈਆਂ 'ਚਾਬੀਆਂ'

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਨਿਯਮਤ ਤੌਰ 'ਤੇ ਲੋੜੀਂਦੀ ਨੀਤੀਗਤ ਦਖਲਅੰਦਾਜ਼ੀ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਅੱਗੇ ਆਪਣੀ ਮੰਗ ਦੁਹਰਾਈ ਅਤੇ ਸਰਕਾਰ ਨੇ ਉਨ੍ਹਾਂ ਦੇ ਹਵਾਲੇ ਨਾਲ ਸਬੰਧਤ ਰਿਪੋਰਟਾਂ ਅਤੇ ਅੰਕੜਿਆਂ ਦੀ ਮੰਗ ਕੀਤੀ ਹੈ, ਜਿਸ ਨੂੰ ਕਿਸਾਨ ਆਗੂਆਂ ਨੇ ਸਰਕਾਰ ਨੂੰ ਦੇਣ ਦੀ ਹਾਮੀ ਭਰੀ ਹੈ। ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਉਹ ਰਿਪੋਰਟਾਂ ਅਤੇ ਅੰਕੜਿਆਂ ਦਾ ਅਧਿਐਨ ਕਰੇਗੀ, ਜਿਸ ਦੇ ਆਧਾਰ 'ਤੇ ਚਰਚਾ ਨੂੰ ਅੱਗੇ ਵਧਾਇਆ ਜਾਵੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੀਟਿੰਗ ’ਚ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ’ਤੇ ਚਰਚਾ ਕੀਤੀ ਗਈ। ਸਾਰੇ ਕਿਸਾਨ ਆਗੂਆਂ ਨੇ ਇਸ ਬਾਰੇ ਆਪਣੇ ਵਿਚਾਰ ਰੱਖੇ। ਇਹ ਇਕ ਚੰਗੀ ਚਰਚਾ ਸੀ ਤੇ ਮੈਨੂੰ ਉਮੀਦ ਹੈ ਕਿ ਇਹ ਚਰਚਾ ਸਕਾਰਾਤਮਕ ਰਹੇਗੀ।

ਕੇਂਦਰੀ ਮੰਤਰੀ ਸ਼ਿਵਰਾਜ ਨੇ ਡੱਲੇਵਾਲ ਦਾ ਜਾਣਿਆ ਹਾਲ
ਦੱਸਣਯੋਗ ਹੈ ਕਿ ਜਿਵੇਂ ਹੀ ਸ਼ਿਵਰਾਜ ਸਿੰਘ ਚੌਹਾਨ ਮੀਟਿੰਗ ’ਚ ਆਏ ਉਹ ਜਗਜੀਤ ਸਿੰਘ ਡੱਲੇਵਾਲ ਕੋਲ ਪਹੁੰਚ ਗਏ। ਉਨ੍ਹਾਂ ਨੇ ਡੱਲੇਵਾਲ ਦਾ ਹਾਲ ਜਾਣਿਆ। ਮੀਟਿੰਗ ’ਚ ਕੇਂਦਰੀ ਮੰਤਰੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਵਰਤ ਖ਼ਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਉਨ੍ਹਾਂ ਨੂੰ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਖ਼ਤਮ ਨਹੀਂ ਹੋਵੇਗੀ ਜਦੋਂ ਤੱਕ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਦਿੱਤੀ ਜਾਂਦੀ। ਸੂਤਰਾਂ ਅਨੁਸਾਰ ਮੀਟਿੰਗ ’ਚ ਕਿਸਾਨਾਂ ਨੇ ਕੇਂਦਰ ਅੱਗੇ ਮੰਗ ਰੱਖੀ ਹੈ ਕਿ ਦਾਲਾਂ ਬਾਹਰੋਂ ਆਯਾਤ ਨਾ ਕੀਤੀਆਂ ਜਾਣ। ਸਿਰਫ਼ ਉਨ੍ਹਾਂ ਨੂੰ ਹੀ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਣਾ ਚਾਹੀਦਾ ਹੈ। ਸੂਤਰਾਂ ਅਨੁਸਾਰ ਕੇਂਦਰ 2 ਤੋਂ 3 ਫਸਲਾਂ 'ਤੇ ਹੋਰ ਐੱਮ.ਐੱਸ.ਪੀ. ਦੇਣ ਲਈ ਤਿਆਰ ਹੈ। ਹਾਲਾਂਕਿ ਕਿਸਾਨ ਸਾਰੀਆਂ 23 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਐੱਮ.ਐੱਸ.ਪੀ. ਸੰਬੰਧੀ ਦਸਤਾਵੇਜ਼ ਜਮ੍ਹਾਂ ਕਰਵਾਏ ਹਨ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਗੱਲਬਾਤ ਤੋਂ ਬਾਅਦ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨਾਲ ਹੈ। ਸਰਕਾਰ ਵੱਲੋਂ ਇਸ ਮੁੱਦੇ ਦਾ ਹਾਂ-ਪੱਖੀ ਹੱਲ ਕੱਢਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਮੰਤਰੀ ਨੇ ਕਿਹਾ ਕਿ ਇਸ ਸਬੰਧੀ ਅੰਕੜੇ ਅਗਲੇ ਕੁਝ ਦਿਨਾਂ ’ਚ ਕੇਂਦਰ ਸਰਕਾਰ ਨਾਲ ਸਾਂਝੇ ਕੀਤੇ ਜਾਣਗੇ। ਅੰਕੜੇ ਇਹ ਹਨ ਕਿ ਖੁੱਲ੍ਹੀ ਮੰਡੀ ’ਚ ਕਿਹੜੀਆਂ ਫਸਲਾਂ ਅਤੇ ਕਿੰਨੀ ਮਾਤਰਾ ’ਚ ਵੇਚਿਆ ਜਾਂਦਾ ਹੈ। ਐੱਮ.ਐੱਸ.ਪੀ. ਗੱਲਬਾਤ ਦਾ ਮੁੱਖ ਬਿੰਦੂ ਸੀ। ਕਿਸਾਨ ਜਥੇਬੰਦੀਆਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ- ਵਿਦੇਸ਼ ਦੇ ਮੋਹ ਨੇ ਕੰਗਾਲ ਕਰ'ਤਾ ਇਕ ਹੋਰ ਪਰਿਵਾਰ, ਹੋ ਗਈ 35 ਲੱਖ ਦੀ ਠੱਗੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News