ਬਿਜਲੀ ਦੇ ਲੰਬੇ-ਲੰਬੇ ਕੱਟਾਂ ਕਾਰਨ ਕਿਸਾਨ ਹੋ ਰਹੇ ਹਨ ਪਰੇਸ਼ਾਨ : ਗਿਲਜੀਆਂ

Tuesday, Apr 21, 2026 - 04:31 PM (IST)

ਬਿਜਲੀ ਦੇ ਲੰਬੇ-ਲੰਬੇ ਕੱਟਾਂ ਕਾਰਨ ਕਿਸਾਨ ਹੋ ਰਹੇ ਹਨ ਪਰੇਸ਼ਾਨ : ਗਿਲਜੀਆਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪਾਵਰਕਾਮ ਵੱਲੋਂ ਇਲਾਕੇ ਅੰਦਰ ਲਗਾਤਾਰ ਲੰਬੇ-ਲੰਬੇ ਬਿਜਲੀ ਕੱਟ ਲੱਗਣ ਕਾਰਨ ਜਿੱਥੇ ਆਮ ਲੋਕਾਂ ਦੀ ਰੋਜ਼ਮਰ੍ਹਾ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੇ ਹਨ। ਹਕੀਕਤ 'ਚ ਕਈ ਇਲਾਕਿਆਂ 'ਚ ਕਿਸਾਨਾਂ ਨੂੰ ਸਿਰਫ 4 ਤੋਂ 5 ਘੰਟੇ ਹੀ ਬਿਜਲੀ ਮਿਲ ਰਹੀ ਹੈ, ਜੋ ਕਿ ਫ਼ਸਲਾਂ ਲਈ ਕਤਈ ਕਾਫ਼ੀ ਨਹੀਂ ਹੈ। ਗਿਲਜੀਆਂ ਨੇ ਦੱਸਿਆ ਕਿ ਮੌਜੂਦਾ ਸਮੇਂ 'ਚ ਮੱਕੀ, ਗੰਨਾ ਅਤੇ ਸਬਜ਼ੀਆਂ ਵਰਗੀਆਂ ਫ਼ਸਲਾਂ ਨੂੰ ਸਮੇਂ-ਸਿਰ ਪਾਣੀ ਦੀ ਬਹੁਤ ਲੋੜ ਹੁੰਦੀ ਹੈ ਪਰ ਬਿਜਲੀ ਦੀ ਘਾਟ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਨੂੰ ਸਹੀ ਸਮੇਂ ਸਿੰਚਾਈ ਨਹੀਂ ਕਰ ਸਕਦੇ।

ਇਸ ਕਾਰਨ ਫ਼ਸਲਾਂ ਸੁੱਕਣ ਦੇ ਕਗਾਰ ’ਤੇ ਪਹੁੰਚ ਰਹੀਆਂ ਹਨ ਅਤੇ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜਬੂਰੀ ਵੱਸ ਕਿਸਾਨਾਂ ਨੂੰ ਮਹਿੰਗੇ ਡੀਜ਼ਲ ਨਾਲ ਜਨਰੇਟਰ ਚਲਾ ਕੇ ਸਿੰਚਾਈ ਕਰਨੀ ਪੈ ਰਹੀ ਹੈ, ਜਿਸ ਨਾਲ ਖੇਤੀ ਦੀ ਲਾਗਤ ਕਈ ਗੁਣਾ ਵੱਧ ਗਈ ਹੈ। ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਕਿਸਾਨ ਇਸ ਵਾਧੂ ਬੋਝ ਹੇਠ ਦੱਬਦਾ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿਰਫ ਕਿਸਾਨ ਹੀ ਨਹੀਂ, ਸਧਾਰਨ ਘਰੇਲੂ ਖ਼ਪਤਕਾਰਾਂ ਨੂੰ ਵੀ ਰੋਜ਼ਾਨਾ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ 'ਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਛੋਟੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਗਿਲਜੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਦੀਆਂ ਸੁੱਕ ਰਹੀਆਂ ਫ਼ਸਲਾਂ ਨੂੰ ਬਚਾਇਆ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਮਿਲੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਜ਼ਿਲੇ ਵਿੱਚ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
 


author

Babita

Content Editor

Related News