ਕਿਸਾਨਾਂ ਨੇ ਵਿਧਾਇਕ ਗੁਰਪ੍ਰੀਤ ਕਾਂਗੜ ਦਾ ਕੀਤਾ ਜ਼ਬਰਦਸਤ ਘਿਰਾਓ

Friday, Nov 05, 2021 - 06:32 PM (IST)

ਭਗਤਾ ਭਾਈ (ਪਰਮਜੀਤ ਢਿੱਲੋਂ)-ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਅਤੇ ਹੋਰ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਪ੍ਰਧਾਨ ਜਸਪਾਲ ਸਿੰਘ ਪਾਲਾ ਤੇ ਪਿੰਡ ਗੁਰੂਸਰ ਦੇ ਪਿੰਡ ਇਕਾਈ ਦੇ ਪ੍ਰਧਾਨ ਤੇਜ਼ ਸਿੰਘ ਦੀ ਅਗਵਾਈ ’ਚ ਪਿੰਡ ਗੁਰੂਸਰ ’ਚ ਕਾਂਗਰਸੀ ਮੰਤਰੀ ਗੁਰਪ੍ਰੀਤ ਕਾਂਗੜ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੂੰ ਜਦੋਂ ਪਤਾ ਲੱਗਾ ਕਿ ਪਿੰਡ ਗੁਰੂਸਰ ’ਚ ਗੁਰਪ੍ਰੀਤ ਕਾਂਗੜ ਆ ਰਿਹਾ ਹੈ ਤਾਂ ਵੱਡੀ ਗਿਣਤੀ ਕਿਸਾਨ, ਮਜ਼ਦੂਰ ਅਤੇ ਔਰਤਾਂ ਪਹੁੰਚਣੇ ਸ਼ੁਰੂ ਹੋ ਗਏ। ਜਦੋਂ ਕਿਸਾਨਾਂ, ਮਜ਼ਦੂਰਾਂ, ਔਰਤਾਂ ਨੇ ਉਨ੍ਹਾਂ ਨੂੰ ਸਵਾਲ ਪੁੱਛੇ ਤਾਂ ਉਹ ਵੀ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕੇ ਸਗੋਂ ਉਲਟ ਕਿਸਾਨ ਆਗੂਆਂ ਅਤੇ ਔਰਤਾਂ ਨੂੰ ਬੁਰਾ-ਭਲਾ ਕਹਿਣਾ ਸ਼ੁਰੂ ਕਰ ਦਿੱਤਾ ਅਤੇ ਬਲਾਕ ਦੇ ਆਗੂ ਜਸਪਾਲ ਸਿੰਘ ਪਾਲਾ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਭੜਕੇ ਲੋਕਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

PunjabKesari

ਉਸ ਨੂੰ ਆਪਣਾ ਦੌਰਾ ਵਿਚਾਲੇ ਛੱਡ ਕੇ ਜਾਣਾ ਪਿਆ। ਆਗੂਆਂ ਨੇ ਕਾਂਗਰਸ ਦੀ ਚੰਨੀ ਸਰਕਾਰ ’ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਭਾਰੀ ਤਬਾਹੀ ਦਾ ਪੂਰਾ ਢੁੱਕਵਾਂ ਮੁਆਵਜ਼ਾ ਲੈਣ ਲਈ ਕਿਸਾਨਾਂ ਵੱਲੋਂ ਖਜ਼ਾਨਾ ਮੰਤਰੀ ਦੇ ਬੰਗਲੇ ਦੇ ਘਿਰਾਓ ਨੂੰ ਵੀ 15 ਦਿਨ ਨਜ਼ਰਅੰਦਾਜ਼ ਕਰੀ ਰੱਖਿਆ ਅਤੇ ਹੁਣ ਸਕੱਤਰੇਤ ਘਿਰਾਓ ਦੇ ਪੰਜਵੇਂ ਦਿਨ ਵੀ ਮੁਜਰਿਮਾਨਾ ਚੁੱਪ ਧਾਰੀ ਹੋਈ ਹੈ। ਉਲਟਾ ਕਾਂਗਰਸ ਦੀ ਚੰਨੀ ਸਰਕਾਰ ਵੱਲੋਂ ਸਰਕਾਰੀ ਬੱਸਾਂ ਅਤੇ ਸ਼ਹਿਰਾਂ/ਪਿੰਡਾਂ ਦੇ ਚੌਕਾਂ ’ਚ ਵੱਡੇ ਬੈਨਰ ਲਗਵਾ ਕੇ ਪੀੜਤ ਕਿਸਾਨਾਂ ਨੂੰ ਨਰਮੇ ਦਾ ਮੁਆਵਜ਼ਾ ਦੇਣ ਬਾਰੇ ਨੰਗਾ ਚਿੱਟਾ ਝੂਠ ਬੋਲਿਆ ਗਿਆ ਹੈ ਅਤੇ ਪੰਜਾਬ ਦੇ ਖੇਤੀ ਮੰਤਰੀ ਵੱਲੋਂ ਤਬਾਹ ਹੋਏ ਨਰਮੇ ਦਾ ਰਕਬਾ 7 ਲੱਖ ਏਕੜ ਦੀ ਥਾਂ ਸਿਰਫ਼ 2 ਲੱਖ ਏਕੜ ਬਣਾ ਕੇ ਪੇਸ਼ ਕਰਨ ਲਈ ਕੋਰਾ ਝੂਠ ਬੋਲਿਆ ਗਿਆ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਖੇਤਾਂ ’ਚੋਂ ਵਿਅਕਤੀ ਦੀ ਮਿਲੀ ਲਾਸ਼, ਫੈਲੀ ਦਹਿਸ਼ਤ

ਆਮ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਇਨ੍ਹਾਂ ਝੂਠੇ ਸਿਆਸਤਦਾਨਾਂ ਦੀ ਕਿਸਾਨ ਆਗੂਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਨਰਮੇ ਅਤੇ ਝੋਨੇ ਦੀ ਮੁਕੰਮਲ ਤਬਾਹੀ ਤੋਂ ਪੀੜਤ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਅਤੇ ਖੇਤ ਮਜ਼ਦੂਰਾਂ ਨੂੰ ਨਰਮਾ-ਚੁਗਾਈ ਦੇ ਰੁਜ਼ਗਾਰ ਉਜਾੜੇ ਬਦਲੇ 30000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਤਬਾਹੀ ਦੀਆਂ ਦੋਸ਼ੀ ਨਕਲੀ ਬੀਜ/ਦਵਾਈਆਂ ਬਣਾਉਣ ਵੇਚਣ ਵਾਲੀਆਂ ਕੰਪਨੀਆਂ ਤੇ ਉਨ੍ਹਾਂ ਨਾਲ ਮਿਲੀਭੁਗਤ ਦੇ ਸਰਕਾਰੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਤਬਾਹੀ ਤੋਂ ਪੀੜਤ ਖੁਦਕੁਸ਼ੀਆਂ ਦਾ ਸ਼ਿਕਾਰ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਤੇ ਮੁਕੰਮਲ ਕਰਜ਼ਾ ਮੁਕਤੀ ਤੋਂ ਇਲਾਵਾ 1-1 ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਕੁਦਰਤੀ ਕਰੋਪੀ ਨਾਲ ਹੋਈ ਫ਼ਸਲੀ ਤਬਾਹੀ ਦਾ ਭਾਰ ਵੀ ਇਕੱਲੇ ਅੰਨਦਾਤੇ ਕਿਸਾਨਾਂ ਉੱਤੇ ਨਾ ਪਾਇਆ ਜਾਵੇ ਸਗੋਂ ਜਨਤਕ ਖਜ਼ਾਨੇ ’ਚੋਂ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਜਥੇਬੰਦੀ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਆਗੂਆਂ ਨੇ ਐਲਾਨ ਕੀਤਾ ਕਿ ਚੰਨੀ ਸਰਕਾਰ ਵੱਲੋਂ ਮੁਆਵਜ਼ੇ ਦੀਆਂ ਹੱਕੀ ਮੰਗਾਂ ਬਾਰੇ ਧਾਰੀ ਹੋਈ ਮੁਜਰਿਮਾਨਾ ਚੁੱਪ ਨੂੰ ਤੋੜਨ ਲਈ ਹੁਣ  ਪੰਜਾਬ ਭਰ ’ਚ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਉੱਚ ਰਾਜਸੀ ਆਗੂਆਂ ਵੱਲੋਂ ਪਿੰਡਾਂ ਸ਼ਹਿਰਾਂ ’ਚ ਆਉਣ 'ਤੇ ਉਨ੍ਹਾਂ ਦੇ ਘਿਰਾਓ ਵੀ ਉਕਤ ਮੰਗਾਂ ਮੰਨੇ ਜਾਣ ਤੱਕ ਭਾਜਪਾ ਆਗੂਆਂ ਵਾਂਗ ਹੀ ਕੀਤੇ ਜਾਣਗੇ। ਨਾਲ ਹੀ ‘ਨਰਮੇ ਦਾ ਢੁੱਕਵਾਂ ਮੁਆਵਜ਼ਾ’ ਵਾਲੇ ਸਰਕਾਰੀ ਬੈਨਰਾਂ ਉੱਤੇ ਵੀ ਪੰਜਾਬ ਭਰ ’ਚ ਕਾਲੇ ਰੰਗ ਦੇ ਕਾਟੇ ਮਾਰੇ ਜਾਣਗੇ। ਇਸ ਮੌਕੇ ਬਿੱਕਰਜੀਤ ਪੂਹਲਾ, ਗੁਰਤੇਜ ਗੁਰੂਸਰ ਅਤੇ ਗੁਰਦੀਪ ਕੌਰ ਨੇ ਵੀ ਸੰਬੋਧਨ ਕੀਤਾ।
 


Manoj

Content Editor

Related News