ਫਿਰੋਜ਼ਪੁਰ ''ਚ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ, ਅਣਮਿੱਥੇ ਸਮੇਂ ਲਈ ਲਾਇਆ ਧਰਨਾ
Thursday, Sep 17, 2026 - 02:25 PM (IST)
ਫਿਰੋਜ਼ਪੁਰ (ਕੁਮਾਰ) : ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੱਲਾਂਵਾਲਾ ਰੇਲਵੇ ਸਟੇਸ਼ਨ 'ਤੇ ਅਣਮਿੱਥੇ ਸਮੇਂ ਲਈ ਰੇਲਵੇ ਟਰੈਕ ਜਾਮ ਕੀਤਾ ਇਸ ਮੌਕੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਦੇ ਸੈਂਕੜੇ ਕਿਸਾਨ ਅਤੇ ਮਜ਼ਦੂਰ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਦੀ ਪ੍ਰਧਾਨਗੀ 'ਚ ਰੇਲਵੇ ਟਰੈਕ 'ਤੇ ਬੈਠ ਗਏ ਅਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਤਦ ਤੱਕ ਉਨ੍ਹਾਂ ਦਾ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ 'ਤੇ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਧਰਮ ਸਿੰਘ ਸਿੱਧੂ ਅਤੇ ਸੁਰਜੀਤ ਸਿੰਘ ਫ਼ੌਜੀ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਕੁੰਭਕਰਨ ਦੀ ਨੀਂਦ 'ਚ ਸੁੱਤੀ ਹੋਈ ਹੈ ਅਤੇ ਉਸਨੂੰ ਕਿਸਾਨਾਂ ਅਤੇ ਮਜ਼ਦੂਰ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਸ ਤੋਂ ਪਹਿਲਾਂ 31 ਅਗਸਤ ਨੂੰ ਉਨ੍ਹਾਂ ਵੱਲੋਂ ਪੂਰੇ ਪੰਜਾਬ 'ਚ ਡੀ. ਸੀ. ਦਫ਼ਤਰਾਂ ਦੇ ਸਾਹਮਣੇ ਧਰਨੇ ਦਿੱਤੇ ਗਏ ਸਨ ਅਤੇ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਗਿਆਪਨ ਪੱਤਰ ਸੌਂਪੇ ਗਏ ਸਨ ਅਤੇ 14 ਸਤੰਬਰ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਦੇ ਸਾਹਮਣੇ ਸ਼ਾਂਤੀਪੂਰਨ ਧਰਨੇ ਦਿੱਤੇ ਜਾ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਰੇਂਗ ਰਹੀ ਹੈ ਅਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਨਜ਼ਰ-ਅੰਦਾਜ਼ ਕਰਕੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕੇਰਲ ਦੀ ਤਰਜ਼ 'ਤੇ ਫ਼ਸਲਾਂ ਦਾ ਐੱਮ. ਐੱਸ. ਪੀ. ਤੈਅ ਕਰੇ, ਆਬਾਦਕਾਰ ਕਿਸਾਨਾਂ ਨੂੰ ਪੱਕੇ ਮਾਲਕਾਨਾ ਹੱਕ ਦਿੱਤੇ ਜਾਣ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਹੜ੍ਹ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਲੈਂਡ ਪੂਲਿੰਗ ਪਾਲਿਸੀ ਤੁਰੰਤ ਰੱਦ ਕੀਤੀ ਜਾਵੇ ਅਤੇ ਜ਼ਬਰਦਸਤੀ ਜ਼ਮੀਨ ਐਕਵਾਇਰ ਕਰਨੀ ਰੋਕੀ ਜਾਵੇ, ਬਿਜਲੀ ਐਕਟ ਸੋਧ ਬਿੱਲ 2025 ਨੂੰ ਰੱਦ ਕਰਕੇ ਸਮਾਰਟ ਚਿੱਪ ਮੀਟਰ ਲਾਉਣੇ ਬੰਦ ਕੀਤੇ ਜਾਣ, ਭਾਰਤ ਅਮਰੀਕਾ ਟਰੇਡ ਡੀਲ ਐਗਰੀਮੈਂਟ ਰੱਦ ਕੀਤਾ ਜਾਵੇ, ਗੰਨੇ ਦੇ ਪੈਂਡਿੰਗ ਬਿੱਲ ਤੁਰੰਤ ਜਾਰੀ ਕੀਤੇ ਜਾਣ, ਡਰੱਗ ਡੀਲਰਾਂ 'ਤੇ ਸਖ਼ਤੀ ਕੀਤੀ ਜਾਵੇ, ਦਫ਼ਤਰਾਂ 'ਚ ਭ੍ਰਿਸ਼ਟਾਚਾਰ ਰੋਕਿਆ ਜਾਵੇ ਅਤੇ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇ। ਇਸ ਮੌਕੇ 'ਤੇ ਰਣਜੀਤ ਸਿੰਘ ਖੱਚਰਾਂਵਾਲਾ, ਨਰਿੰਦਰਪਾਲ ਸਿੰਘ ਜਤਾਲਾ, ਅਮਨਦੀਪ ਸਿੰਘ ਕਚਰਭਨ, ਗੁਰਮੇਲ ਸਿੰਘ ਫੱਤੇਵਾਲਾ, ਗੁਰਬਖਸ਼ ਸਿੰਘ ਪੰਜਗਰਾਈਂ, ਮੰਗਲ ਸਿੰਘ ਸਵਾਈਕੇ, ਕੇਵਲ ਸਿੰਘ ਵਾਹਕਾ, ਅਵਤਾਰ ਸਿੰਘ ਸਬੂਆਣਾ, ਅਵਤਾਰ ਸਿੰਘ ਬੱਗੇਵਾਲਾ, ਰਸ਼ਪਾਲ ਸਿੰਘ ਗੱਟਾ ਬਾਦਸ਼ਾਹ, ਸਾਹਿਬ ਸਿੰਘ ਦੀਨੇਕੇ, ਰਾਜਿੰਦਰ ਸਿੰਘ ਫੁੱਲਰਵਾਂ, ਕੁਲਦੀਪ ਸਿੰਘ ਮੱਤੜ, ਕੰਵਲਦੀਪ ਸਿੰਘ ਠੱਠਾ, ਗੁਰਮੀਤ ਸਿੰਘ ਚੱਬਾ, ਅਮਰਜੀਤ ਸਿੰਘ ਸੰਤੂਵਾਲਾ, ਮੱਖਣ ਸਿੰਘ ਵਾੜਾ, ਚਮਕੌਰ ਸਿੰਘ ਵਾਰਨਾਲਾ, ਫੁੰਮਣ ਸਿੰਘ ਰਾਊਕੇ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਆਰਕੇ ਜ਼ੀਰਾ, ਵਰਿੰਦਰ ਸਿੰਘ ਕੱਸੋਆਣਾ, ਬਚਿੱਤਰ ਸਿੰਘ ਦੁਲੇਵਾਲਾ, ਜਮਸ਼ੇਰ ਸਿੰਘ, ਗੁਰਦੇਵ ਸਿੰਘ, ਗੁਰਮੀਤ ਸਿੰਘ ਠੇਕੇਦਾਰ, ਜਗਰੂਪ ਸਿੰਘ ਟਿੱਬੀ, ਪਿਆਰਾ ਸਿੰਘ ਘੁੱਦੂਵਾਲਾ, ਸਾਹਿਬ ਸਿੰਘ ਤਲਵੰਡੀ, ਮੇਜਰ ਸਿੰਘ ਗਜਨੀ ਵਾਲਾ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
