ਕਿਸਾਨਾਂ ਵੱਲੋਂ ਡੀ. ਸੀ. ਦਫਤਰ ਅੱਗੇ ਨਾਅਰੇਬਾਜ਼ੀ

02/02/2018 6:56:53 AM

ਕਪੂਰਥਲਾ, (ਗੁਰਵਿੰਦਰ ਕੌਰ)- ਭਾਰਤੀ ਕਿਸਾਨ ਯੂਨੀਅਨ ਪੰਜਾਬ (ਰਜਿ.) ਕਾਦੀਆਂ ਵੱਲੋਂ ਜ਼ਿਲਾ ਪ੍ਰਧਾਨ ਜਸਵੀਰ ਸਿੰਘ ਲਿਟਾ. ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ ਹੇਠ ਡੀ. ਸੀ. ਦਫਤਰ ਕਪੂਰਥਲਾ ਦੇ ਅੱਗੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ ਗਈ ਤੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਲਗਾਤਾਰ ਲਾਰੇ ਦੀ ਨੀਤੀ ਅਪਨਾਈ ਜਾ ਰਹੀ ਹੈ, ਜਿਸਨੂੰ ਉਹ ਬਰਦਾਸ਼ਤ ਨਹੀਂ ਕਰਨਗੇ। ਜ਼ਿਲਾ ਪ੍ਰਧਾਨ ਜਸਵੀਰ ਸਿੰਘ ਲਿਟਾ ਤੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੋਟਰਾਂ 'ਤੇ ਜੇਕਰ ਸਰਕਾਰ ਵੱਲੋਂ ਬਿਜਲੀ ਦੇ ਮੀਟਰ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸਾਨ ਯੂਨੀਅਨ ਵੱਲੋਂ ਕਿਸੇ ਵੀ ਕਿਸਾਨ ਦੀ ਮੋਟਰ 'ਤੇ ਮੀਟਰ ਨਹੀਂ ਲਾਉਣ ਦਿੱਤਾ ਜਾਵੇਗਾ ਤੇ ਬਿਜਲੀ ਬੋਰਡ ਦਾ ਘਿਰਾਓ ਕੀਤਾ ਜਾਵੇਗਾ। ਕੇਂਦਰ ਸਰਕਾਰ ਕਿਸਾਨ ਮਾਰੂ ਸਰਕਾਰ ਹੈ, ਜੋ ਰੋਜ਼ਾਨਾ ਡੀਜ਼ਲ ਦਾ ਰੇਟ ਵਧਾ ਕੇ ਕਿਸਾਨਾਂ ਦਾ ਲੱਕ ਤੋੜ ਰਹੀ ਹੈ ਤੇ ਸਰਕਾਰ ਵੱਲੋਂ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨ ਖੁਦਕਸ਼ੀਆਂ ਦੇ ਰਾਹੇ ਪੈ ਰਹੇ ਹਨ। ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਸਬੰਧੀ ਕਿਹਾ ਸੀ, ਜਿਹੜਾ ਕਿ ਅਜੇ ਤਕ ਮੁਆਫ ਨਹੀਂ ਕੀਤਾ ਗਿਆ ਹੈ। 
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਗਈਆਂ ਤਾਂ 23 ਫਰਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲਾ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ, ਪ੍ਰੇਮ ਸਿੰਘ ਕਮਰਾਏ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਕਰਮ ਸਿੰਘ, ਨਿਰਮਲ ਸਿੰਘ, ਕੁਲਬੀਰ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ ਬਹੂਈ, ਗੁਰਮੀਤ ਸਿੰਘ ਬਹੂਈ, ਮਹਿੰਦਰ ਸਿੰਘ, ਤਰਲੋਕ ਸਿੰਘ, ਗੁਰਚਰਨ ਸਿੰਘ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।