ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਮੰਡੀਆਂ ਵਿਚ ਰੁਲਣ ਲਈ ਮਜਬੂਰ : ਬਿਕਰਮਜੀਤ ਚੀਮਾ

04/20/2021 11:05:37 PM

ਚੰਡੀਗੜ੍ਹ, (ਸ਼ਰਮਾ)- ਪੰਜਾਬ ਦੀਆਂ ਮੰਡੀਆਂ ਵਿਚ ਆਪਣੀ ਫਸਲ ਵੇਚਣ ਆਏ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ’ਤੇ ਪੰਜਾਬ ਕਾਂਗਰਸ ਦੀ ਅਮਰਿੰਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਸੂਬਾ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਠੀਕ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਆਪਣੀ ਫਸਲ ਨੂੰ ਲੈ ਕੇ ਕਈ-ਕਈ ਦਿਨ ਮੰਡੀਆਂ ਵਿਚ ਰੁਲਣਾ ਪੈ ਰਿਹਾ ਹੈ। ਜਿਥੇ ਬਾਰਦਾਨੇ ਦੀ ਘਾਟ ਕਾਰਨ ਕਿਸਾਨ ਦੀ ਫਸਲ ਦੀ ਤੁਲਾਈ ਨਹੀਂ ਹੋ ਰਹੀ, ਉਥੇ ਸਿੱਧੀ ਅਦਾਇਗੀ ਲਈ ਜੋ ਪੋਰਟਲ ਬਣਾਇਆ ਗਿਆ ਹੈ ਉਸ ਉਪਰ ਖਰੀਦ ਦੀਆਂ ਐਂਟਰੀਆਂ ਲੇਟ ਹੋਣ ਕਾਰਨ ਪੇਮੈਂਟ ਕਿਸਾਨਾਂ ਦੇ ਖਾਤੇ ਵਿਚ ਪਾਉਣ ਵਿਚ ਵੀ ਦੇਰੀ ਹੋ ਰਹੀ ਹੈ।
ਚੀਮਾ ਨੇ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਖਰੀਦ ਵਿਚ ਤੇਜ਼ੀ ਲਿਆਂਦੀ ਜਾਵੇ ਅਤੇ ਬਾਰਦਾਨੇ ਦਾ ਸਹੀ ਪ੍ਰਬੰਧ ਕੀਤਾ ਜਾਵੇ, ਤਾਂ ਕਿ ਫਸਲ ਦੀ ਤੁਲਾਈ ਅਤੇ ਲਿਫਟਿੰਗ ਜਲਦੀ ਹੋ ਸਕੇ ਅਤੇ ਕਿਸਾਨ ਭਰਾ ਖੱਜਲ-ਖੁਆਰੀ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਦੀ ਮੋਦੀ ਸਰਕਾਰ ਵਲੋਂ ਜਿੱਥੇ ਕਿਸਾਨ ਦੀ ਫਸਲ ਦੀ ਖਰੀਦ ਲਈ ਹਰ ਤਰ੍ਹਾਂ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।


Bharat Thapa

Content Editor

Related News