ਕਿਸਾਨਾਂ ਨੇ ਸਰਕਾਰ ਦੇ ਫੈਸਲੇ ਦੇ ਖਿਲਾਫ ਪਰਾਲੀ ਸਾੜਨ ਦਾ ਕੀਤਾ ਐਲਾਨ
Monday, Oct 16, 2017 - 04:18 PM (IST)
ਤਲਵੰਡੀ ਸਾਬੋ (ਮੁਨੀਸ਼) — ਪੰਜਾਬ 'ਚ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਦੇ ਸਖਤ ਰੁਖ ਤੋਂ ਬਾਅਦ ਕਿਸਾਨ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਐਲਾਨ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕ ਅਹਿਮ ਮੀਟਿੰਗ ਤਲਵੰਡੀ ਸਾਬੋ 'ਚ ਕੀਤੀ ਗਈ, ਜਿਸ 'ਚ ਸਰਕਾਰ ਵਲੋਂ ਪਰਾਲੀ ਨਾ ਸਾੜਨ ਦੇ ਫੈਸਲੇ ਦਾ ਵਿਰੋਧ ਕਰਦੇ ਹੋਏ ਖੇਤਾਂ 'ਚ ਪਰਾਲੀ ਸਾੜਨ ਦਾ ਫੈਸਲਾ ਕੀਤਾ ਹੈ। ਮੀਟਿੰਗ 'ਚ ਕਿਸਾਨਾਂ ਨੇ ਸਰਕਾਰ ਵਲੋਂ ਪਰਾਲੀ ਸਾੜਨ 'ਤੇ ਕਿਸਾਨਾਂ ਨੂੰ ਜ਼ੁਰਮਾਨਾ ਕਰਨ ਤੇ ਮਾਮਲਾ ਦਰਜ ਕਰਨ ਦੇ ਲਏ ਫੈਸਲੇ ਦਾ ਸਖਤ ਨੋਟਿਸ ਲੈਂਦੇ ਹੋਏ, ਹਰ ਜ਼ੁਲਮ ਦਾ ਮੁਕਾਬਲਾ ਕਰਨ ਦੀ ਗੱਲ ਕਹੀ ਹੈ। ਕਿਸਾਨ ਆਗੂ ਨੇ ਮੀਟਿੰਗ 'ਚ ਮੰਗ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਕੱਢਣ ਲਈ ਉਸ ਦਾ ਹੱਲ ਤੇ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਕਿਸੇ ਵੀ ਕਿਸਾਨ 'ਤੇ ਕੋਈ ਕਾਰਵਾਈ ਕਰੇਗੀ ਤਾਂ ਉਸ ਦਾ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।
