ਕਿਸਾਨੀ ਮੰਗਾਂ ਦੇ ਹੱਲ ਲਈ ਧਰਨੇ ’ਤੇ ਬੈਠੇ ਕਿਸਾਨਾਂ ਦਾ ਵੱਡਾ ਐਕਸ਼ਨ
Wednesday, Dec 22, 2021 - 09:54 AM (IST)
ਮੋਗਾ (ਗੋਪੀ ਰਾਊਕੇ) : ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਮੂਹਰੇ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਪਿਛਲੇ ਦੋ ਦਿਨਾਂ ਤੋਂ ਕਿਸੇ ਵੀ ਅਧਿਕਾਰੀ ਵੱਲੋਂ ਗੱਲਬਾਤ ਨਹੀਂ ਕੀਤੀ ਗਈ। ਇਸ ਖਫ਼ਾ ਕਿਸਾਨਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਚ ਛੁੱਟੀ ਹੋਣ ਤੋਂ ਇਕ ਘੰਟਾ ਪਹਿਲਾਂ ਸਖ਼ਤ ਐਕਸ਼ਨ ਲੈਂਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਬੰਦ ਕਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।
ਇਸ ਤਰ੍ਹਾਂ ਦੀ ਬਣੀ ਸਥਿਤੀ ਮਗਰੋਂ ਪੁਲਸ ਪ੍ਰਸ਼ਾਸਨ ਨੂੰ ਇਕਦਮ ਹੱਥਾਂ-ਪੈਰਾਂ ਦੀ ਪੈ ਗਈ ਅਤੇ ਇਸ ਮਗਰੋਂ ਲੰਮਾ ਸਮਾਂ ਕਿਸਾਨ ਨਾਅਰੇਬਾਜ਼ੀ ਕਰਦੇ ਰਹੇ। ਇਸ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁਲਾਜ਼ਮ ਅਤੇ ਅਫ਼ਸਰ ਵੀ ਅੰਦਰ ਤੜੇ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂ ਬਲੌਰ ਸਿੰਘ ਘੱਲ ਕਲਾਂ ਅਤੇ ਹੋਰ ਆਗੂਆਂ ਦੀ 23 ਦਸੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਨਿਸ਼ਚਿਤ ਹੋਣ ਮਗਰੋਂ ਇਹ ਗੇਟ ਖੋਲ੍ਹ ਦਿੱਤੇ ਗਏ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਧਰਨਾ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ।