ਕਿਸਾਨਾਂ-ਮਜ਼ਦੂਰਾਂ ਨੇ ਆਵਾਜਾਈ ਠੱਪ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

Friday, Feb 09, 2018 - 08:00 AM (IST)

ਕਿਸਾਨਾਂ-ਮਜ਼ਦੂਰਾਂ ਨੇ ਆਵਾਜਾਈ ਠੱਪ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਤਰਨਤਾਰਨ,  (ਆਹਲੂਵਾਲੀਆ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਅਤੇ ਬੀਬੀਆਂ ਵੱਲੋਂ ਪਿੰਡ ਪਿੱਦੀ ਦੇ ਗੁ. ਬਾਬਾ ਕਾਹਨ ਸਿੰਘ ਜੀ ਵਿਖੇ ਵਿਸ਼ਾਲ ਇਕੱਠ ਕਰਕੇ ਜਾਇਦਾਦ ਨੁਕਸਾਨ ਰੋਕੋ ਐਕਟ 2014 ਨੂੰ ਲਾਗੂ ਕਰਨ ਅਤੇ ਪਕੋਕਾ ਕਾਨੂੰਨ ਬਣਾ ਕੇ ਆਮ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੀ ਨੀਤੀ 'ਤੇ ਚੱਲ ਰਹੀ ਪੰਜਾਬ ਸਰਕਾਰ ਤੇ ਕਿਸਾਨ-ਮਜ਼ਦੂਰ ਵਿਰੋਧੀ ਕੇਂਦਰ ਸਰਕਾਰ ਖਿਲਾਫ ਮਤੇ ਪਾਸ ਕੀਤੇ ਗਏ। ਗੁੱਸੇ 'ਚ ਆਏ ਕਿਸਾਨ-ਮਜ਼ਦੂਰਾਂ ਅਤੇ ਬੀਬੀਆਂ ਦੇ ਇਕੱਠ ਵੱਲੋਂ ਪਿੰਡ ਪਿੱਦੀ ਦੇ ਨਜ਼ਦੀਕ ਅੰਮ੍ਰਿਤਸਰ, ਪੱਟੀ, ਫਿਰੋਜ਼ਪੁਰ ਮਾਰਗ ਜਾਮ ਕਰਕੇ ਮੁਕੰਮਲ ਆਵਾਜਾਈ ਠੱਪ ਕੀਤੀ ਅਤੇ ਕੈਪਟਨ ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ। ਆਵਾਜਾਈ ਠੱਪ ਹੋਣ ਨਾਲ ਸੜਕ ਦੇ ਦੋਵੇਂ ਪਾਸੇ ਲੰਮੀਆਂ ਕਤਾਰਾਂ ਗੱਡੀਆਂ  ਦੀਆਂ ਲੱਗ ਗਈਆਂ। 
ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਨਰਲ ਸਕੱਤਰ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ ਅਤੇ ਦਵਿੰਦਰ ਕੌਰ ਪਿੱਦੀ ਨੇ ਕੈਪਟਨ ਸਰਕਾਰ 'ਤੇ ਸਵਾਲੀਆ ਨਿਸ਼ਾਲ ਲਗਾਉਂਦਿਆਂ ਕਿਹਾ ਕਿ ਚੋਣ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਸਰਕਾਰ ਵਿਸ਼ਵ ਬੈਂਕ ਦੇ ਦਬਾਅ ਹੇਠ ਕਿਸਾਨਾਂ ਦੀਆਂ ਖੇਤੀ ਮੋਟਰਾਂ 'ਤੇ ਮੀਟਰ ਲਗਾ ਕੇ ਬਿਜਲੀ ਬਿੱਲ ਲਗਾਉਣ ਦੀ ਤਿਆਰੀ ਕਰ ਚੁੱਕੀ ਹੈ। ਕਰਜ਼ੇ ਕਾਰਨ ਪੰਜਾਬ 'ਚ ਰੋਜ਼ 2,3 ਕਿਸਾਨ-ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕਰਨ, ਕਿਸਾਨ ਪੱਖੀ ਖੇਤੀ ਨੀਤੀ ਬਣਾਉਣ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਸਾਰੀਆਂ ਫਸਲਾਂ ਦੀ ਖਰੀਦ ਦੀ ਗਾਰੰਟੀ ਤੇ ਲਾਗਤ ਖਰਚਾ ਜੋੜ ਕੇ 50 ਫਸੀਦੀ ਮੁਨਾਫਾ ਜੋੜ ਕੇ ਭਾਅ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ।
ਇਸ ਮੌਕੇ ਫਤਹਿ ਸਿੰਘ, ਸੁਪਰੀਮ ਸਿੰਘ, ਸੁਰਿੰਦਰ ਸਿੰਘ, ਗੁਰਲਾਲ ਸਿੰਘ, ਸੁਖਦੇਵ ਸਿੰਘ, ਗਿਆਨਦੀਪ ਸਿੰਘ, ਅਮਰ ਸਿੰਘ, ਸੰਤੋਖ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਪੂਰਨ ਕੌਰ, ਸੁਖਵਿੰਦਰ ਕੌਰ ਅਤੇ ਮਹਿੰਦਰ ਕੌਰ ਤੇ ਬੀਬੀ ਅਮਰੀਕ ਕੌਰ ਹਾਜ਼ਰ ਸਨ।
ਖਡੂਰ ਸਾਹਿਬ, (ਕੁਲਾਰ)-ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਐੱਸ. ਡੀ. ਐੱਮ. ਦਫਤਰ ਖਡੂਰ ਸਾਹਿਬ ਵਿਖੇ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਦੀ ਅਗਵਾਈ ਤਹਿਸੀਲ ਪ੍ਰਧਾਨ ਅਜੀਤ ਸਿੰਘ ਢੋਟਾ, ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੇਲੋਕੇ, ਡਾ. ਅਜੈਬ ਸਿੰਘ ਜਹਾਂਗੀਰ ਆਦਿ ਆਗੂਆਂ ਨੇ ਕੀਤੀ। 
ਧਰਨਾਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਜ਼ਿਲਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ ਨੇ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਕੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਬਜਾਏ ਕਿਸਾਨਾਂ ਦੀਆਂ ਖੇਤੀ ਮੋਟਰਾਂ ਉਪਰ ਬਿਜਲੀ ਦੇ ਮੀਟਰ ਲਗਾ ਰਹੀ ਹੈ। ਜਿਸ ਦਾ ਜਥੇਬੰਦੀ ਸਖਤ ਵਿਰੋਧ ਕਰਦੀ ਹੈ ਅਤੇ ਕਿਸੇ ਹਾਲਤ 'ਚ ਵੀ ਮੀਟਰ ਨਹੀਂ ਲੱਗਣ ਦਿੱਤੇ ਜਾਣਗੇ। 
ਕਿਸਾਨ ਆਗੂਆਂ ਨੇ ਕਾਂਗਰਸ ਸਰਕਾਰ ਉਪਰ ਬਿਆਸ ਦਰਿਆ 'ਚ ਆਏ ਹੜ੍ਹਾਂ ਨਾਲ ਬਰਬਾਦ ਹੋਈਆਂ ਫਸਲਾਂ ਦਾ ਮੁਆਵਜਾ ਨਾ ਦੇਣ ਦਾ ਦੋਸ਼ ਲਾਉਂਦਿਆਂ ਮੁਆਵਜਾ ਤਰੁੰਤ ਜਾਰੀ ਕਰਨ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਮੰਗ-ਪੱਤਰ 'ਚ ਮੰਗ ਕੀਤੀ ਕਿ ਮੋਟਰਾਂ 'ਤੇ ਮੀਟਰ ਲਾਉਣ ਦੀ ਤਜਵੀਜ਼ ਰੱਦ ਕੀਤੀ ਜਾਵੇ, 10 ਏਕੜ ਤੱਕ ਦੇ ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ, ਹੜ੍ਹਾਂ ਨਾਲ ਬਰਬਾਦ ਹੋਈਆਂ ਫਸਲਾਂ ਦਾ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਤਰੁੰਤ ਜਾਰੀ ਕੀਤਾ ਜਾਵੇ, ਦਰਿਆ ਬੁਰਦ ਹੋਈਆਂ ਜ਼ਮੀਨਾਂ ਬਦਲੇ ਜ਼ਮੀਨ ਦਿੱਤੀ ਜਾਵੇ, ਅਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨੀ ਜਿਣਸਾਂ ਦੇ ਭਾਅ ਡਾ. ਸਵਾਮੀਨਾਥਨ ਦੇ ਫਾਰਮੂਲੇ ਮੁਤਾਬਕ ਦਿੱਤੇ ਜਾਣ, ਧਰਨੇ 'ਤੇ ਬੈਠੇ ਕਿਸਾਨਾਂ ਨੂੰ ਚੈਂਚਲ ਸਿੰਘ ਜਹਾਂਗੀਰ, ਨਰਿੰਦਰ ਸਿੰਘ ਤੁੜ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਜਸਬੀਰ ਸਿੰਘ ਵੈਰੋਵਾਲ, ਜਸਵੰਤ ਸਿੰਘ ਬਾਣੀਆ, ਸੁਰਜੀਤ ਸਿੰਘ ਵੈਰੋਵਾਲ, ਡਾ.ਪ੍ਰਮਜੀਤ ਸਿੰਘ ਕੋਟ, ਕਰਮ ਸਿੰਘ ਤੱਖਤੂਚੱਕ, ਪੂਰਨ ਸਿੰਘ ਬਾਣੀਆ, ਜੰਗਬਹਾਦਰ ਸਿੰਘ ਤੁੜ, ਅਵਤਾਰ ਸਿੰਘ, ਦਲਬੀਰ ਸਿੰਘ ਮੱਲ੍ਹਾ ਆਦਿ ਆਗੂਆਂ ਨੇ ਸੰਬੋਧਨ ਕੀਤਾ। 


Related News