ਹੁਸ਼ਿਆਰਪੁਰ ਤੋਂ ਵੀ ਵੱਡੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਕਿਸਾਨ, ਕਿਹਾ-ਹੁਣ ਨਹੀਂ ਹੱਟਾਂਗੇ ਪਿੱਛੇ

02/13/2024 12:19:24 PM

ਹੁਸ਼ਿਆਰਪੁਰ (ਅਮਰੀਕ)- ਕਿਸਾਨਾਂ ਵੱਲੋਂ ਮੁੜ ਦਿੱਲੀ ਦੀਆਂ ਬਰੂਹਾਂ 'ਤੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਸੇ ਤਹਿਤ ਹੀ ਵੱਡੀ ਗਿਣਤੀ ਵਿਚ ਅੱਜ ਕਿਸਾਨਾਂ ਵਲੋਂ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਵੀ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੀਆਂ ਰੋਕਾਂ ਲਗਾ ਦਿੱਤੀਆਂ ਗਈਆਂ ਹਨ।

ਜੇਕਰ ਹੁਸ਼ਿਆਰਪੁਰ ਦੀ ਗੱਲ ਕੀਤੀ ਜਾਵੇ ਤਾਂ ਹੁਸ਼ਿਆਰਪੁਰ ਤੋਂ ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸਿੰਘ ਸੰਘਾ ਕਾਫ਼ਲੇ ਨਾਲ ਦਿੱਲੀ ਲਈ ਰਵਾਨਾ ਹੋਏ ਹਨ। ਉਨ੍ਹਾਂ ਸਰਕਾਰ ਨੂੰ ਦੋ ਟੁੱਕ ਕਿਹਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨ ਪਿੱਛੇ ਨੂੰ ਨਹੀਂ ਹੱਟਣਗੇ ਅਤੇ ਜੇਕਰ ਸਰਕਾਰ ਨੇ ਤਸ਼ਦੱਦ ਵੀ ਢਾਹਿਆ ਤਾਂ ਵੀ ਕਿਸਾਨ ਦਿੱਲੀ ਪਹੁੰਚ ਕੇ ਹੀ ਹਟਣਗੇ। ਉਨ੍ਹਾਂ ਵੱਲੋਂ 'ਮੋਦੀ ਸਰਕਾਰ ਮੁਰਦਾਬਾਦ', 'ਜਿਆਂਗੇ ਜਾਂ ਮਰਾਂਗੇ ਹੱਕਾਂ ਦੀ ਰਾਖੀ ਕਰਾਂਗੇ' ਦੇ ਨਾਅਰੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਈਆਂ ਜਾ ਰਹੀਆਂ ਰੋਕਾਂ ਨੂੰ ਅਸੀਂ ਕੋਈ ਮੁਸ਼ਕਿਲ ਕੰਮ ਨਹੀਂ ਮੰਨਦੇ। ਲੜਨ ਵਾਲੇ ਲੋਕਾਂ ਦੇ ਸਾਹਮਣੇ ਕੋਈ ਅੜਿੱਕਾ ਨਹੀਂ ਹੁੰਦਾ, ਭਾਵੇਂ ਉੱਚੀਆਂ-ਉੱਚੀਆਂ ਕੰਧਾਂ ਕਰ ਲੈਣ ਤੇ ਭਾਵੇਂ ਲੋਹੇ ਦੀ ਸ਼ੀਟ ਲਗਾ ਲੈਣ ਜਿਹੜੇ ਲੋਕ ਲੜਨ ਵਾਲੇ ਹਨ, ਉਹ ਲੜਨਗੇ ਅਤੇ ਕਿਸੇ ਦੀ ਵੀ ਪ੍ਰਵਾਹ ਨਹੀਂ ਕਰਨਗੇ। ਇਹ ਸਾਰੀ ਲੜਾਈ ਸੈਂਟਰ ਦੇ ਖ਼ਿਲਾਫ਼ ਹੈ। ਵੇਖੀਓ ਕਿਸਾਨ ਕਿਵੇਂ ਅੜਿੱਕੇ ਤੋੜ ਕੇ ਅੱਗੇ ਲੰਘਣਗੇ। 

ਇਹ ਵੀ ਪੜ੍ਹੋ: ਗੁਰਦੁਆਰਿਆਂ ’ਚ ਦਖ਼ਲਅੰਦਾਜ਼ੀ ਕਾਰਨ ਹੋਏ ਮਤਭੇਦ, 3 ਸਾਲ ਮਗਰੋਂ ਮੁੜ ਸ਼ੁਰੂ ਹੋਈ ਅਕਾਲੀ-ਭਾਜਪਾ ਵਿਚਾਲੇ ਗੱਲਬਾਤ

ਬੇਸਿੱਟਾ ਰਹੀ ਕਿਸਾਨਾਂ ਦੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ 10 ਵਜੇ ‘ਦਿੱਲੀ ਕੂਚ’ ਕਰਨਗੇ।

ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੇ BSF ਹੈੱਡਕੁਆਰਟਰ ਪੁੱਜੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਕਿਸਾਨ ਅੰਦੋਲਨ 'ਤੇ ਕਹੀਆਂ ਅਹਿਮ ਗੱਲਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri