ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ

Wednesday, Jul 22, 2026 - 03:06 PM (IST)

ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ ਕੀਤਾ ਤਿੰਨ ਘੰਟੇ ਲਈ ਮੁਫ਼ਤ, ਬਿਨਾਂ ਟੋਲ ਦਿੱਤੇ ਲੰਘ ਰਹੇ ਵਾਹਨ

ਡੇਰਾਬੱਸੀ (ਅਨਿਲ ਸ਼ਰਮਾ) : ਭਾਰਤ-ਅਮਰੀਕਾ ਵਿਚਕਾਰ ਪ੍ਰਸਤਾਵਿਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਦੱਪਰ ਟੋਲ ਪਲਾਜ਼ਾ ਵਿਖੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ ਪਲਾਜ਼ਾ ਨੂੰ ਮੁਫ਼ਤ ਕਰ ਦਿੱਤਾ ਗਿਆ, ਜਿਸ ਨਾਲ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਬਿਨਾਂ ਟੋਲ ਅਦਾ ਕੀਤੇ ਲੰਘਣ ਦੀ ਸਹੂਲਤ ਮਿਲੀ। ਇਸ ਧਰਨੇ 'ਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕੁੱਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਆਲ ਇੰਡੀਆ ਕਿਸਾਨ ਸਭਾ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਸਤਾਵਿਤ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

 ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤਾ ਨਾ ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕ 'ਚ ਹੈ ਅਤੇ ਨਾ ਹੀ ਦੇਸ਼ ਦੇ ਆਮ ਲੋਕਾਂ ਦੇ ਹਿੱਤ 'ਚ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਖੇਤੀਬਾੜੀ ਖੇਤਰ ਅਤੇ ਛੋਟੇ ਕਿਸਾਨਾਂ ਨੂੰ ਝੱਲਣਾ ਪਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਅਜਿਹੀਆਂ ਨੀਤੀਆਂ ਬਣਾ ਰਹੀ ਹੈ, ਜਿਸ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਖੇਤੀ ਪ੍ਰਣਾਲੀ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਹਾਲਾਤ ਪੈਦਾ ਨਹੀਂ ਕਰਨੇ ਚਾਹੀਦੇ, ਜੋ 2020-21 ਦੇ ਇਤਿਹਾਸਕ ਕਿਸਾਨ ਅੰਦੋਲਨ ਦੀ ਯਾਦ ਤਾਜ਼ਾ ਕਰਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਗਏ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਦੇਸ਼ ਭਰ 'ਚ ਵੱਡੇ ਪੱਧਰ 'ਤੇ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ, ਹਰੀ ਸਿੰਘ ਬੋਹੋੜਾ (ਕਾਰਜਕਾਰੀ ਬਲਾਕ ਪ੍ਰਧਾਨ, ਡੇਰਾਬੱਸੀ), ਰਣਜੀਤ ਸਿੰਘ ਭਗਵਾਸ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਪ੍ਰੈਸ ਸਕੱਤਰ ਧਰਮਿੰਦਰ ਸਿੰਘ ਜੋਲਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਚੌਹਦੜੀ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਗਜੀਤ ਸਿੰਘ ਕਰਾਲਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਅਤਿੰਦਰ ਸਿੰਘ, ਆਲ ਇੰਡੀਆ ਕਿਸਾਨ ਸਭਾ ਦੇ ਸ਼ਾਮ ਲਾਲ, ਬਲਵਿੰਦਰ ਸਿੰਘ ਜੜੋਤ, ਨਿਰਮੈਲ ਸਿੰਘ ਜੌਲਾਂ ਕਲਾਂ, ਮਨਜੀਤ ਕੌਰ ਭਗਵਾਸ ਸਮੇਤ ਸੈਂਕੜੇ ਕਿਸਾਨ ਵਰਕਰ ਹਾਜ਼ਰ ਸਨ।
 


author

Babita

Content Editor

Related News