ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੇਂਦਰ ਨੂੰ ਫਿਰ ਦਿੱਤੀ ਚਿਤਾਵਨੀ

11/27/2020 8:59:30 PM

ਚੰਡੀਗੜ੍ਹ : ਕਿਸਾਨੀ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਫਿਰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ 3 ਦਸੰਬਰ ਦੀ ਉਡੀਕ ਕਰਨ ਦੀ ਬਜਾਏ ਕਿਸਾਨਾਂ ਨਾਲ ਤੁਰੰਤ ਗੱਲਬਾਤ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਅਤੇ ਦਿੱਲੀ ਸਰਹੱਦ 'ਤੇ ਬਣੇ ਤਣਾਅਪੂਰਨ ਹਾਲਾਤ ਨੂੰ ਖ਼ਤਮ ਕਰਨ ਲਈ ਕੇਂਦਰ ਤੁਰੰਤ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰੇ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ, ਜਾਰੀ ਹੋਏ ਨਵੇਂ ਦਿਸ਼ਾ-ਨਿਰਦੇਸ਼

ਇਸ ਦੇ ਨਾਲ ਹੀ ਕੇਂਦਰ ਦੇ ਕਾਂਗਰਸ ਵਲੋਂ ਕਿਸਾਨਾਂ ਦੇ ਭੜਕਾਉਣ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ 'ਚੋਂ ਲੱਖਾਂ ਦੀ ਗਿਣਤੀ 'ਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦੇ ਜੀਵਨ ਅਤੇ ਹੋਂਦ ਦੀ ਲੜਾਈ ਹੈ ਅਤੇ ਕਿਸਾਨਾਂ ਨੂੰ ਕਿਸੇ ਦੇ ਵੀ ਸਰਮਥਨ ਅਤੇ ਉਕਸਾਵੇ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਦਿੱਲੀ ਕੂਚ ਦੇ ਚੱਲਦੇ ਪੰਜਾਬ ਪੁਲਸ ਵਲੋਂ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ

ਨਰੇਂਦਰ ਤੋਮਰ ਦੀ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ
ਉਧਰ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਇਸ ਲਈ ਤਿੰਨ ਦਸੰਬਰ ਦੀ ਗੱਲਬਾਤ ਦਾ ਪ੍ਰਸਤਾਵ ਰੱਖਿਆ ਹੈ। ਦੂਜੇ ਪਾਸੇ ਖੇਤੀਬਾੜੀ ਮੰਤਰੀ ਨੇ ਇਹ ਵੀ ਇਲਜ਼ਾਮ ਲਗਾਇਆ ਹੈ ਕਿ ਕਾਂਗਰਸ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਵੀ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕਿਸਾਨਾਂ ਦੇ ਹਿੱਤ ਲਈ ਕੰਮ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਵਚਨਬੱਧ ਹੈ। ਨਵੇਂ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਤੇ ਇਸੇ ਲਈ 3 ਦਸੰਬਰ ਨੂੰ ਫ਼ਿਰ ਗੱਲਬਾਤ ਲਈ ਬੁਲਾਇਆ ਗਿਆ ਹੈ। ਨਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਅਪੀਲ ਕਰਦਿਆਂ ਗੱਲਬਾਤ ਲਈ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਕਾਂਗਰਸ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਨੀਤੀਆਂ 'ਤੇ ਝਾਤ ਮਾਰਨ ਅਤੇ ਆਪਣੇ ਮੈਨੀਫੈਸਟੋ ਨੂੰ ਜਨਤਕ ਤੌਰ 'ਤੇ ਵਾਪਸ ਲਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਸਿਆਸੀ ਮੁਫਾਦਾਂ ਲਈ ਹਵਾ ਦਿੱਤੀ ਜਾ ਰਹੀ ਹੈ ਜਦੋਂ ਕਿ ਖੇਤੀ ਕਾਨੂੰਨ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ ਵਿਚ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਫਿਰ ਵੱਡੀ ਵਾਰਦਾਤ, ਕਾਰ 'ਚੋਂ ਕੱਢ ਕੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ


Gurminder Singh

Content Editor

Related News