ਰੂਪਨਗਰ-ਲੁਧਿਆਣਾ ਨੈਸ਼ਨਲ ਹਾਈਵੇ ਲਈ ਜ਼ਮੀਨ ਐਕਵਾਇਰ ਕਰਨ ਦਾ ਕਿਸਾਨਾਂ ਵੱਲੋਂ ਵਿਰੋਧ
Wednesday, Jul 02, 2025 - 08:26 AM (IST)

ਮਾਛੀਵਾੜਾ ਸਾਹਿਬ (ਟੱਕਰ) : ਰੂਪਨਗਰ ਤੋਂ ਲੁਧਿਆਣਾ ਨੈਸ਼ਨਲ ਹਾਈਵੇ ਲਈ ਅੱਜ ਪ੍ਰਸ਼ਾਸਨਿਕ ਅਧਿਕਾਰੀ ਭਾਰੀ ਪੁਲਸ ਬਲ ਸਮੇਤ ਪਿੰਡ ਸਹਿਜੋ ਮਾਜਰਾ ਵਿਖੇ 5 ਕਿਲੋਮੀਟਰ ਤੱਕ ਦੀ ਜ਼ਮੀਨ ’ਤੇ ਕਬਜ਼ਾ ਕਰਨ ਪੁੱਜੇ ਜਿਨ੍ਹਾਂ ਦਾ ਕਿਸਾਨਾਂ ਵਲੋਂ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਪਰ ਫਿਰ ਵੀ ਅਧਿਕਾਰੀਆਂ ਵਲੋਂ ਜ਼ਮੀਨ ’ਤੇ ਕਬਜ਼ਾ ਕਰ ਲਿਆ ਗਿਆ।
ਇਹ ਵੀ ਪੜ੍ਹੋ : ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਰਾਜ ਸਭਾ ਤੋਂ ਦਿੱਤਾ ਅਸਤੀਫ਼ਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਗੁਰਸੇਵਕ ਸਿੰਘ ਸਹਿਜੋ ਮਾਜਰਾ, ਲਵਪ੍ਰੀਤ ਸਿੰਘ, ਸੁੱਚਾ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਸਡ਼ਕੀ ਪ੍ਰੋਜੈਕਟ ਲਈ ਅਧਿਕਾਰੀ ਜੇ.ਸੀ.ਬੀ. ਮਸ਼ੀਨਾਂ ਅਤੇ ਟ੍ਰੈਕਟਰ ਲੈ ਕੇ ਉਨ੍ਹਾਂ ਦੀ ਜ਼ਮੀਨ ਵਿਚ ਆ ਵੜੇ ਜਿਨ੍ਹਾਂ ਖੜ੍ਹੀ ਝੋਨੇ ਦੀ ਫਸਲ ਨੂੰ ਵੀ ਵਾਹ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਮੀਨ ਦਾ ਬਣਦਾ ਮਾਰਕੀਟ ਭਾਅ ਨਹੀਂ ਦਿੱਤਾ ਜਾ ਰਿਹਾ ਜੋ ਕਿਸਾਨਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੈ। ਉਕਤ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮੀਨਾਂ ਦਾ ਰੇਟ ਪ੍ਰਤੀ ਏਕੜ 40 ਤੋਂ 50 ਲੱਖ ਰੁਪਏ ਬਣਦਾ ਹੈ ਜਦਕਿ ਸਰਕਾਰ ਵਲੋਂ ਛਾਂਟ ਕੱਢ ਕੇ 8 ਤੋਂ 9 ਲੱਖ ਰੁਪਏ ਪ੍ਰਤੀ ਏਕੜ ਦਿੱਤਾ ਜਾ ਰਿਹਾ ਹੈ। ਉੱਧਰ ਜ਼ਮੀਨ ’ਤੇ ਕਬਜ਼ਾ ਲੈਣ ਪੁੱਜੇ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਕਿਹਾ ਕਿ ਗ੍ਰੀਨ ਫੀਲਡ ਯੋਜਨਾ ਤਹਿਤ ਜੋ ਪਿੰਡ ਸਹਿਜੋ ਮਾਜਰਾ ਵਿਖੇ ਜ਼ਮੀਨ ਪੂਰੇ ਸ਼ਾਂਤਮਈ ਢੰਗ ਨਾਲ ਐਕਵਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜ਼ਮੀਨ ’ਤੇ ਕਬਜ਼ਾ ਲੈਣ ਲਈ ਉਨ੍ਹਾਂ ਨਾਲ ਡੀ. ਐੱਸ. ਪੀ. ਕਰਮਜੀਤ ਸਿੰਘ ਗਰੇਵਾਲ ਸਮੇਤ 100 ਦੇ ਕਰੀਬ ਪੁਲਸ ਜਵਾਨ ਮੌਜੂਦ ਸਨ।
ਇਹ ਵੀ ਪੜ੍ਹੋ : S-400 ਏਅਰ ਡਿਫੈਂਸ ਸਿਸਟਮ ਨੂੰ ਲੈ ਕੇ ਤੁਰਕੀ ਦੀ ਨਵੀਂ ਚਾਲ, ਕੀ ਪਾਕਿਸਤਾਨ ਨੂੰ ਮਿਲੇਗਾ ਰੂਸ ਦਾ ਖ਼ਤਰਨਾਕ ਹਥਿਆਰ?
ਬਿਨਾਂ ਨੋਟਿਸ ਕੀਤੀ ਗਈ ਕਾਰਵਾਈ
ਪਿੰਡ ਸਹਿਜੋ ਮਾਜਰਾ ਦੇ ਕਿਸਾਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਸੜਕੀ ਪ੍ਰੋਜੈਕਟ ਲਈ ਜ਼ਮੀਨ ਐਕਵਾਇਰ ਕਰਨ ਦਾ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਭੇਜਿਆ ਗਿਆ। ਅੱਜ ਜਦੋਂ ਉਹ ਸਵੇਰੇ ਖੇਤਾਂ ਵਿਚ ਆਏ ਤਾਂ ਉੱਥੇ ਜੇਸੀਬੀ ਮਸ਼ੀਨਾਂ ਅਤੇ ਟ੍ਰੈਕਟਰਾਂ ਰਾਹੀਂ ਉਨ੍ਹਾਂ ਦੀ ਖੜੀ ਝੋਨੇ ਅਤੇ ਮੱਕੀ ਦੀ ਫਸਲ ਨੂੰ ਵਾਹ ਦਿੱਤਾ ਗਿਆ। ਕਿਸਾਨਾਂ ਨੇ ਦੱਸਿਆ ਕਿ ਭਾਰੀ ਫੋਰਸ ਬਲ ਅੱਗੇ ਉਨ੍ਹਾਂ ਦੀ ਕੋਈ ਅਪੀਲ ਜਾਂ ਦਲੀਲ ਨਹੀਂ ਸੁਣੀ ਗਈ ਅਤੇ ਜ਼ਮੀਨ ’ਤੇ ਕਬਜ਼ਾ ਕਰਕੇ ਰਾਹ ਪੱਧਰਾ ਕਰ ਦਿੱਤਾ ਗਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਸਡ਼ਕੀ ਪ੍ਰੋਜੈਕਟ ਤਹਿਤ ਜ਼ਮੀਨ ਐਕਵਾਇਰ ਕਰ ਲਵੇ ਪਰ ਕਿਸਾਨਾਂ ਨੂੰ ਜ਼ਮੀਨਾਂ ਦੇ ਸਹੀ ਭਾਅ ਅਤੇ ਉਨ੍ਹਾਂ ਦੀ ਨੁਕਸਾਨੀ ਗਈ ਫਸਲ ਦਾ ਮੁਆਵਜ਼ਾ ਦੇਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8