ਹੁਣ ਦਿੱਲੀ ''ਚ ਹੋਵੇਗੀ ਕੇਂਦਰ ਨਾਲ ਆਰ-ਪਾਰ ਦੀ ਲੜਾਈ : ਬਹਿਰਾਮਕੇ

11/25/2020 1:32:13 PM

ਕੋਟ ਈਸੇ ਖਾਂ (ਸੰਜੀਵ, ਗਾਂਧੀ) : ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਦਿੱਲੀ ਵਿਚ 26, 27 ਨੂੰ ਜਾ ਕੇ ਆਰ-ਪਾਰ ਦੀ ਲੜਾਈ ਲਈ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ 'ਚੋਂ ਬਹੁਤ ਵੱਡਾ ਸਹਿਯੋਗ ਵੀ ਕਿਸਾਨ ਯੂਨੀਅਨਾਂ ਨੂੰ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਕਿਯੂ ਜਨਰਲ ਸਕੱਤਰ ਪੰਜਾਬ ਬਲਵੰਤ ਸਿੰਘ ਬਹਿਰਾਮਕੇ ਨੇ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਕੂਚ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਹੁਣ ਕਿਸਾਨ ਯੂਨੀਅਨਾਂ ਦਿੱਲੀ ਤਖ਼ਤ ਹਿਲਾਉਣ ਲਈ ਤਿਆਰ-ਬਰ-ਤਿਆਰ ਹਨ ਅਤੇ ਦਿੱਲੀ 'ਚ ਕਿਸਾਨਾਂ ਦਾ ਧਰਨਾ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਦੇ ਨਾਦਰਸ਼ਾਹੀ ਫਰਮਾਨ ਕਿਸਾਨਾਂ ਵਲੋਂ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਨਾ ਹੀ ਉਨ੍ਹਾਂ ਅੱਗੇ ਝੁਕਿਆ ਜਾਏਗਾ। ਉਨ੍ਹਾਂ ਅੱਗੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਨੇ ਹਮੇਸ਼ਾਂ ਸੱਚ ਤੇ ਪਹਿਰਾ ਦਿੱਤਾ ਹੈ ਅਤੇ ਹੱਕ ਦੀ ਲੜਾਈ ਲੜੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੂਰੀ ਦੁਨੀਆਂ ਦਾ ਢਿੱਡ ਭਰਨ ਵਾਲੇ ਕਿਸਾਨ ਦੇ ਢਿੱਡ ਤੇ ਮੋਦੀ ਸਰਕਾਰ ਨੇ ਲੱਤ ਮਾਰੀ ਹੈ ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਪਿਛਲੇ 50-55 ਦਿਨਾਂ ਤੋਂ ਮੋਗੇ ਦੇ ਰੇਲਵੇ ਸਟੇਸ਼ਨ ਤੇ ਦਿਨ ਰਾਤ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕੀਤਾ ਗਿਆ ਹੈ ਅਤੇ ਹੁਣ ਦਿੱਲੀ ਵਿਚ ਜਾ ਕੇ ਕੇਂਦਰ ਸਰਕਾਰ ਦੀ ਇੱਟ ਨਾਲ ਇੱਟ ਖੜਕਾਈ ਜਾਵੇਗੀ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਵਾਏ ਜਾਂਦੇ ਅਤੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾਂਦਾ।


Gurminder Singh

Content Editor

Related News