ਕੇਂਦਰ ਸਰਕਾਰ ਨਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਖ਼ਤਮ, ਨਾਰਾਜ਼ ਹੋ ਕੇ ਨਿਕਲੇ ਕਿਸਾਨ ਆਗੂ
Wednesday, Oct 14, 2020 - 09:48 PM (IST)
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਪਏ ਕਿਸਾਨ ਜਥੇਬੰਦੀਆਂ ਦੀ 7 ਮੈਂਬਰੀ ਕਮੇਟੀ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਖ਼ਤਮ ਹੋ ਗਈ ਹੈ। ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਵਿਚਾਲੇ ਲੱਗਭਗ ਦੋ ਘੰਟੇ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ ਹੈ। ਇਸ ਦੇ ਨਾਲ ਹੀ ਸੂਚਨਾ ਇਹ ਵੀ ਮਿਲੀ ਹੈ ਕਿ ਇਸ ਮੀਟਿੰਗ ਵਿਚ ਨਿਰਾਸ਼ ਹੋ ਕੇ ਨਿਕਲੇ ਕਿਸਾਨ ਆਗੂਆਂ ਨੇ ਮੀਟਿੰਗ ਦਾ ਬਾਇਕਾਟ ਕਰ ਦਿੱਤਾ ਹੈ ਅਤੇ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਸਰਕਾਰ ਨੂੰ ਵੱਡਾ ਝਟਕਾ
ਇਥੇ ਕ੍ਰਿਸ਼ੀ ਭਵਨ ਵਿਚ ਹੋ ਰਹੀ ਮੀਟਿੰਗ ਵਿਚ ਕੇਂਦਰੀ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਸਨ ਅਤੇ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਇਸ ਪਹਿਲੀ ਮੀਟਿੰਗ ਵਿਚ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਸਨ, ਮੀਟਿੰਗ ਦੌਰਾਨ ਕਿਸਾਨਾਂ ਨੇ ਆਪਣਾ ਪੱਖ ਰੱਖਿਆ ਅਤੇ ਪਹਿਲੀ ਗੱਲ ਇਹ ਰੱਖੀ ਕਿ ਪਹਿਲਾਂ ਕੇਂਦਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ, ਉਸ ਤੋਂ ਬਾਅਦ ਹੀ ਕੋਈ ਗੱਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ 'ਚ ਵੱਡੀ ਚਿਤਾਵਨੀ
ਮੀਟਿੰਗ ਤੋਂ ਬਾਅਦ ਖੇਤੀ ਭਵਨ ਦੇ ਬਾਹਰ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਖਿਆ ਕਿ ਕੇਂਦਰ ਜਾਣ ਬੁੱਝ ਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਮੀਟਿੰਗ ਵਿਚ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਖੇਤੀ ਕਾਨੂੰਨ ਪੜ੍ਹਨ ਅਤੇ ਇਸ ਬਾਰੇ ਸਮਝਾਉਣ ਦੀ ਗੱਲ ਆਖੀ ਗਈ ਪਰ ਇਸ ਕਾਨੂੰਨ ਤੋਂ ਭਲੀ-ਭਾਂਤ ਜਾਣੂ ਹਨ। ਉਨ੍ਹਾਂ ਸਾਫ਼ ਕਿਹਾ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਇਸ ਦੌਰਾਨ ਕਿਸਾਨਾਂ ਨੇ ਇਸ ਕਾਨੂੰਨ ਦੀਆਂ ਕਾਪੀਆਂ ਪਾੜ ਕੇ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ 'ਚ ਵੱਡੀ ਚਿਤਾਵਨੀ