ਕਿਸਾਨਾਂ ਨੇ ਮੁਲਤਵੀ ਕੀਤਾ ਦਿੱਲੀ ਜਾਣ ਦਾ ਪ੍ਰੋਗਰਾਮ
Monday, Feb 24, 2025 - 11:53 PM (IST)

ਅੰਮ੍ਰਿਤਸਰ/ਪਟਿਆਲਾ (ਆਰ. ਗਿੱਲ/ਜੋਸਨ)- ਅੰਮ੍ਰਿਤਸਰ ਦੇ ਪ੍ਰੈੱਸ ਕਲੱਬ ਵਿਚ ਕਿਸਾਨ-ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ 19 ਮਾਰਚ ਦੀ ਰੱਖੀ ਗਈ ਮੀਟਿੰਗ ਕਾਰਨ 25 ਫਰਵਰੀ ਨੂੰ ਸੀਨੀਅਰ ਕਿਸਾਨ ਆਗੂ ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ ਵਿਚ 101 ਕਿਸਾਨਾਂ-ਮਜ਼ਦੂਰਾਂ ਦੇ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਥਾ ਹੁਣ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ।
ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿਚ ਕਿਸਾਨ ਅੰਦੋਲਨ ਦੀਆਂ 12 ਮੰਗਾਂ ਦੇ ਸਮਰਥਨ ਵਿਚ ਅਤੇ ਸਰਕਾਰੀ ਮੰਡੀ ਤੋੜਨ ਵਾਲੇ ਨਵੇਂ ਖੇਤੀ ਮੰਡੀਕਰਨ ਨੀਤੀ ਖਰੜੇ ਖਿਲਾਫ਼ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ।
ਉਨ੍ਹਾਂ ਗੁਰਦਾਸਪੁਰ ਵਿਚ ਪੁਲਸ ਫੋਰਸ ਤਾਇਨਾਤ ਕਰ ਕੇ ਜ਼ਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕਰਨ ’ਤੇ ਚਿਤਾਵਨੀ ਦਿੱਤੀ ਕਿ ‘ਭਾਰਤ ਮਾਲਾ’ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ’ਤੇ ਜਬਰੀ ਕਬਜ਼ੇ ਨਾ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿਚ ਹੋਵੇਗੀ।
ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ
ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿਚ ਲੋਕ ਮੁੱਦੇ ਵਿਚਾਰੇ ਜਾਣ। ਉਨ੍ਹਾਂ ਨੇ ਸਮੂਹ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਦੇ ਹੱਕ ਵਿਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ।
ਉਨ੍ਹਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿਚ ਗਲਤ ਤਰੀਕੇ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟ੍ਰੈਵਲ ਏਜੰਟਾਂ ਖਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਜਾਵੇ।
8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਬਾਰਡਰਾਂ ’ਤੇ ਚੱਲ ਰਹੇ ਮੋਰਚਿਆਂ ਦੌਰਾਨ ਮਹਿਲਾ ਦਿਵਸ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਨੂੰ ਆਖਿਆ ਕਿ ਸਰਹੱਦਾਂ ’ਤੇ ਚੱਲ ਰਹੇ ਮੋਰਚਿਆਂ ਵਿਚ ਵੱਡੀ ਪੱਧਰ ’ਤੇ ਇਕੱਠ ਕੀਤੇ ਜਾਣ, ਇਸ ਨਾਲ ਸਰਕਾਰ ’ਤੇ ਪ੍ਰਭਾਵ ਪਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਇਕ ਸਾਲ ਤੋਂ ਵੱਧ ਸਮੇਂ ਤੋਂ ਸੜਕਾਂ ’ਤੇ ਕੰਧਾਂ ਕਰ ਕੇ ਵਪਾਰੀਆਂ, ਟਰਾਂਸਪੋਰਟਰਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰਸਤਿਆਂ ਨੂੰ ਖੋਲ੍ਹਣ ਬਾਰੇ 22 ਫਰਵਰੀ ਦੀ ਮੀਟਿੰਗ ਵਿਚ ਵੀ ਮੁੱਦਾ ਚੁੱਕਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦ ਕੀਤੇ ਰਾਸ਼ਟਰੀ ਮਾਰਗ ਖੋਲ੍ਹੇ ਜਾਣ ਤਾਂ ਜੋ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਇਹ ਵੀ ਪੜ੍ਹੋ- ਜਦੋਂ CM ਮਾਨ ਦੀ ਪਤਨੀ ਨੇ ਸਨਮਪ੍ਰੀਤ ਭਿੰਡਰ ਦੇ ਵਿਆਹ ਮੌਕੇ 'ਸਾਲ਼ੀਆਂ ਦੇ ਨਾਕੇ' 'ਤੇ ਕਟਵਾਇਆ ਰਿਬਨ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e