ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਲਖਵਿੰਦਰ ਵਡਾਲੀ ਨੇ ਕੀਤਾ ਜਨਤਕ, ਸਾਂਝੀ ਕੀਤੀ ਵੀਡੀਓ

Friday, Jan 08, 2021 - 02:00 PM (IST)

ਕਿਸਾਨਾਂ ਨਾਲ ਹੋ ਰਹੇ ਧੱਕੇ ਨੂੰ ਲਖਵਿੰਦਰ ਵਡਾਲੀ ਨੇ ਕੀਤਾ ਜਨਤਕ, ਸਾਂਝੀ ਕੀਤੀ ਵੀਡੀਓ

ਚੰਡੀਗੜ੍ਹ (ਬਿਊਰੋ) : ਸਰਕਾਰ ਅਤੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨ ਸੰਗਠਨਾਂ ਦੇ ਵਿਚਕਾਰ ਅੱਜ 8ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ’ਤੇ ਅੜ੍ਹੇ ਹੋਏ ਹਨ ਜਦੋਂਕਿ ਸਰਕਾਰ ਇਸ ਨੂੰ ਵਾਪਸ ਕਰਨ ਦੀ ਥਾਂ ਇਸ ’ਚ ਸੋਧ ਕਰਨ ਨੂੰ ਤਿਆਰ ਹੈ। ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਜੋ ਜ਼ਿੱਦ ਦੀ ਦੀਵਾਰ ਖੜ੍ਹੀ ਹੈ ਕੀ ਉਹ ਡਿੱਗੇਗੀ ਅਤੇ ਅੱਜ ਦੀ ਮੀਟਿੰਗ ਦਾ ਕੀ ਨਤੀਜਾ ਨਿਕਲਣਾ ਹੈ ਇਸ ’ਤੇ ਸਭ ਦੀਆਂ ਨਜ਼ਰਾਂ ਹਨ। 8ਵੇਂ ਦੌਰ ਦੀ ਗੱਲਬਾਤ ਦੁਪਿਹਰ 2 ਵਜੇ ਵਿਗਿਆਨ ਭਵਨ ’ਚ ਹੋਵੇਗੀ। ਇਸ ਤੋਂ ਪਹਿਲਾਂ ਚਾਰ ਜਨਵਰੀ ਨੂੰ ਹੋਈ ਮੀਟਿੰਗ ਦੇ ਬੇਨਤੀਜ਼ਾ ਰਹਿਣ ਤੋਂ ਬਾਅਦ ਇਹ ਮੀਟਿੰਗ ਮੁੱਖ ਹੈ। ਸਰਕਾਰ ਨੇ 30 ਦਸੰਬਰ ਨੂੰ ਛੇਵੇਂ ਦੌਰ ਦੀ ਗੱਲਬਾਤ ’ਚ ਕਿਸਾਨਾਂ ਦੀ ਬਿਜਲੀ ਸਬਸਿਡੀ ਅਤੇ ਪਰਾਲੀ ਸਾੜਨ ਸਬੰਧੀ ਦੋ ਮੰਗਾਂ ਨੂੰ ਮੰਨ ਲਿਆ ਸੀ। ਇਸ ਤੋਂ ਪਹਿਲਾਂ ਦੀ ਕਿਸੇ ਵੀ ਗੱਲਬਾਤ ’ਚ ਕੋਈ ਸਫ਼ਲਤਾ ਨਹੀਂ ਮਿਲੀ ਸੀ। 

ਉਥੇ ਹੀ ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਹਾਲ ਹੀ 'ਚ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਟਵਿਟਰ ਅਕਾਊਂਟ 'ਤੇ ਕੁਝ ਟਵੀਟਸ ਕੀਤੇ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੇ ਹਨ। ਇਸ ਦੇ ਨਾਲ ਹੀ ਲਖਵਿੰਦਰ ਵਡਾਲੀ ਨੇ ਇਕ ਵੀਡਓ ਦਾ ਲਿੰਕ ਵੀ ਸਾਂਝਾ ਕੀਤਾ ਹੈ। ਲਖਵਿੰਦਰ ਵਡਾਲੀ ਨੇ ਟਵੀਟ ਕਰਦਿਆਂ ਲਿਖਿਆ 'ਤੇਲ ਦੇ ਖੇਡ ਅਤੇ ਲੁੱਟ ਨੂੰ ਸਮਝੋ, ਇਹ ਨਵੇਂ ਖੇਤੀ ਕਾਨੂੰਨਾਂ ਦੀ ਸਿਰਫ਼ ਝਾਂਕੀ ਹੈ। ਸੋਇਆ ਤੇਲ ਦਾ ਭਾਅ (ਮੁੱਲ) 2016-17 'ਚ 60-65 ਰੁਪਏ ਪ੍ਰਤੀ ਲੀਟਰ ਸੀ ਅਤੇ ਸੋਇਆਬੀਨ 4500 ਰੁਪਏ ਕੁਅੰਟਲ ਸੀ। ਹੁਣ ਸੋਇਆ ਤੇਲ ਦਾ ਮੁੱਲ 140-150 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦੋਂਕਿ ਹਾਲੇ ਸੋਇਆਬੀਨ 3500 ਤੋਂ 3800 ਰੁਪਏ ਕੁਇੰਟਲ ਹੈ।' ਦੱਸ ਦਈਏ ਕਿ ਇਸ ਪੋਸਟ ਰਾਹੀਂ ਲਖਵਿੰਦਰ ਵਡਾਲੀ ਨੇ ਕਿਸਾਨਾਂ ਨਾਲ ਹੋ ਰਹੇ ਅਤੇ ਸ਼ੁਰੂ ਤੋਂ ਹੁੰਦੇ ਆ ਰਹੇ ਧੱਕੇ ਨੂੰ ਲੋਕਾਂ ਨੂੰ ਵਿਖਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹੋਰ ਵੀ ਟਵੀਟ ਕੀਤੇ ਹਨ।  

ਕਿਸਾਨਾਂ ਦਾ ਸ਼ਕਤੀ ਪ੍ਰਦਰਸ਼ਨ 
ਕਿਸਾਨ ਸਰਕਾਰ ਨਾਲ ਗੱਲਬਾਤ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ ਆਪਣੇ-ਆਪਣੇ ਰੁੱਖ ’ਤੇ ਅੜ੍ਹੇ ਰਹੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਆਪਣੀ ਮੰਗ ਨੂੰ ਲੈ ਕੇ ਟਰੈਕਟਰ ਰੈਲੀਆਂ ਕੱਢੀਆਂ, ਜਦੋਂਕਿ ਕੇਂਦਰ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਹਰ ਪ੍ਰਸਤਾਵ ’ਤੇ ਵਿਚਾਰ ਲਈ ਤਿਆਰ ਹਨ। ਦਿੱਲੀ ਦੇ ਬਾਹਰੀ ਖੇਤਰ ਸਥਿਤ ਕੇ.ਐੱਮ.ਪੀ. ਐਕਸਪ੍ਰੈਸਵੇ ’ਤੇ ਵੀਰਵਾਰ ਨੂੰ ਕਿਸਾਨਾਂ ਦੇ ਸੰਗਠਨਾਂ ਨੇ ਹਜ਼ਾਰਾਂ ਟਰੈਕਟਰਾਂ ਤੇ ਝੰਡੇ ਲਗਾ ਕੇ ਮਾਰਚ ਕੱਢਿਆ, ਜਿਸ ਨੂੰ ਮੁੱਖ ਕਿਸਾਨ ਨੇਤਾ ਨੇ 26 ਜਨਵਰੀ ਟਰੈਕਟਰ ਪਰੇਡ ਦੀ ਇਕ ਰਿਹਰਸਲ ਦੱਸਿਆ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਇਹ 26 ਜਨਵਰੀ ਨੂੰ ਪ੍ਰਸਤਾਵਿਤ ਟਰੈਕਟਰ ਪਰੇਡ ਦੀ ਇਕ ਰਿਹਰਸਲ ਸੀ। 

ਕਿਸਾਨਾਂ ਨੇ ਆਪਣਾ ਮਾਰਚ ਸਵੇਰੇ ਸਿੰਘੂ ਸਰੱਹਦ ਅਤੇ ਟਿਕਰੀ ਸਰਹੱਦ ਤੋਂ ਸ਼ੁਰੂ ਕੀਤਾ ਅਤੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੱਲ ਰਵਾਨਾ ਹੋਏ ਅਤੇ ਉਸ ਤੋਂ ਬਾਅਦ ਉਹ ਵਾਪਸ ਆ ਗਏ। ਇਸ ਦੌਰਾਨ ਅਜਿਹੀਆਂ ਅਫ਼ਵਾਹਾਂ ਵੀ ਸੁਣਨ ਨੂੰ ਮਿਲ ਰਹੀਆਂ ਹਨ ਕਿ ਸੂਬਿਆਂ ਨੂੰ ਕੇਂਦਰੀ ਖੇਤੀ ਕਾਨੂੰਨਾਂ ਦੇ ਦਾਅਰੇ ਤੋਂ ਬਾਹਰ ਨਿਕਲਣ ਦੀ ਆਗਿਆ ਦਿੱਤੀ ਜਾ ਰਹੀ ਹੈ ਪਰ ਕਿਸਾਨ ਸੰਗਠਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਨਹੀਂ ਮਿਲਿਆ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖਾਦ ਮੰਤਰੀ ਪੀਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ 40 ਪ੍ਰਦਰਸ਼ਨਕਾਰੀ ਕਿਸਾਨ ਸੰਗਠਨ ਨੇਤਾਵਾਂ ਦੇ ਨਾਲ ਸਰਕਾਰ ਵੱਲੋਂ ਗੱਲਬਾਤ ਦੀ ਅਗਵਾਈ ਕਰ ਰਹੇ ਹਨ। 

PunjabKesari

ਖੇਤੀ ਕਾਨੂੰਨਾਂ ਨੇ ਇਕੋ ਮੰਚ 'ਤੇ ਇਕੱਠਾ ਕੀਤਾ ਪੰਜਾਬੀ ਕਲਾਕਾਰ ਭਾਈਚਾਰਾ 
ਤਾਲਾਬੰਦੀ 'ਚ ਇਕ ਹੋਰ ਆਫ਼ਤ ਖੇਤੀ ਕਾਨੂੰਨਾਂ ਕਰਕੇ ਆਈ। ਪੰਜਾਬ ਦੇ ਕਿਸਾਨਾਂ ਵਲੋਂ ਲੰਮੇ ਸਮੇਂ ਤੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਦਾ ਹਿੱਸਾ ਪੰਜਾਬੀ ਕਲਾਕਾਰ ਵੀ ਬਣੇ। ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਵੱਡੇ ਪੱਧਰ 'ਤੇ ਆਮ ਲੋਕਾਂ ਤਕ ਕਿਸਾਨਾਂ ਦੀ ਗੱਲ ਪਹੁੰਚਾਉਣ 'ਚ ਮਦਦ ਕੀਤੀ ਤੇ ਉਨ੍ਹਾਂ ਦੇ ਹੱਕਾਂ ਲਈ ਖੜ੍ਹੇ ਹੋਣ ਦੀ ਸਲਾਹ ਦਿੱਤੀ। ਅੱਜ ਵੀ ਅਸੀਂ ਦੇਖਦੇ ਹਾਂ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਰੋਜ਼ਾਨਾ ਅਣਗਿਣਤ ਪੰਜਾਬੀ ਕਲਾਕਾਰ ਪਹੁੰਚ ਰਹੇ ਹਨ। ਜਿਨ੍ਹਾਂ ਕਲਾਕਾਰਾਂ ਦਾ ਕਦੇ ਆਪਸ 'ਚ ਵਿਵਾਦ ਸੀ, ਉਹ ਕਲਾਕਾਰ ਵੀ ਇਕ ਮੰਚ 'ਤੇ ਇਕੱਠੇ ਹੋ ਰਹੇ ਹਨ ਤੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਰਹੇ ਹਨ।

ਗੀਤਾਂ 'ਚ ਆਇਆ ਵੱਡਾ ਬਦਲਾਅ
ਤਾਲਾਬੰਦੀ ਤੇ ਕਿਸਾਨ ਅੰਦੋਲਨ ਕਰਕੇ ਪੰਜਾਬੀ ਗਾਇਕਾਂ ਦੇ ਗੀਤਾਂ 'ਚ ਵੀ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਜਿਥੇ ਤਾਲਾਬੰਦੀ ਕਰਕੇ ਕਈ ਗਾਇਕਾਂ ਨੇ ਘਰ 'ਚ ਹੀ ਘੱਟ ਬਜਟ 'ਚ ਮੋਬਾਇਲਾਂ 'ਤੇ ਗੀਤ ਬਣਾ ਕੇ ਰਿਲੀਜ਼ ਕੀਤੇ, ਉਥੇ ਕਿਸਾਨ ਅੰਦੋਲਨ 'ਤੇ ਹੁਣ ਤਕ ਸੈਂਕੜੇ ਦੀ ਗਿਣਤੀ 'ਚ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬੀ ਗਾਇਕ ਸਿਰਫ਼ ਹਥਿਆਰਾਂ ਵਾਲੇ ਗੀਤ ਹੀ ਨਹੀਂ ਗਾਉਂਦੇ, ਸਗੋਂ ਸਮਾਂ ਆਉਣ ’ਤੇ ਹੱਕ-ਸੱਚ ਦੀ ਆਵਾਜ਼ ਬੁਲੰਦ ਕਰਨ 'ਚ ਵੀ ਅੱਗੇ ਹੁੰਦੇ ਹਨ। ਉਂਝ ਵੀ ਪੰਜਾਬੀ ਕਲਾਕਾਰਾਂ ਬਾਰੇ ਇਹ ਧਾਰਨਾ ਬਣੀ ਹੋਈ ਸੀ ਕਿ ਉਹ ਆਮ ਲੋਕਾਂ ਦੇ ਹੱਕ ਦੀ ਗੱਲ ਨਹੀਂ ਕਰਦੇ ਪਰ ਇਸ ਧਾਰਨਾ ਨੂੰ ਇਸ ਸਾਲ ਪੰਜਾਬੀ ਗਾਇਕਾਂ ਨੇ ਗਲ਼ਤ ਸਾਬਿਤ ਕਰ ਦਿਖਾਇਆ ਹੈ।

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।
 


author

sunita

Content Editor

Related News