ਲੁਧਿਆਣਾ : ਕਿਸਾਨ ਆਪਣੀਆਂ ਮੰਗਾਂ ਸਬੰਧੀ 29 ਨੂੰ ਦੇਣਗੇ ਧਰਨਾ

Tuesday, Jul 23, 2019 - 04:29 PM (IST)

ਲੁਧਿਆਣਾ : ਕਿਸਾਨ ਆਪਣੀਆਂ ਮੰਗਾਂ ਸਬੰਧੀ 29 ਨੂੰ ਦੇਣਗੇ ਧਰਨਾ

ਖੰਨਾ (ਬਿਪਨ) : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਮੰਗਲਵਾਰ ਨੂੰ ਇੱਥੇ ਕਿਸਾਨਾਂ ਦੀ ਇਕ ਬੈਠਕ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ 29 ਤਰੀਕ ਨੂੰ ਡੀ. ਸੀ. ਦਫਤਰ ਦੇ ਬਾਹਰ ਧਰਨਾ ਦੇਵੇਗੀ। ਬੈਠਕ ਦੌਰਾਨ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ 'ਤੇ ਸਿਰਫ ਸਾਡਾ ਹੱਕ ਹੈ ਅਤੇ ਪਾਣੀ ਦੀ ਇਕ ਵੀ ਬੂੰਦ ਦੂਜੇ ਸੂਬਿਆਂ ਨੂੰ ਨਹੀਂ ਜਾਣ ਦਿਆਂਗੇ।

ਬੈਠਕ 'ਚ ਅਵਾਰਾ ਘੁੰਮ ਰਹੇ ਜਾਨਵਰਾਂ ਦਾ ਮੁੱਦਾ ਵੀ ਚੁੱਕਿਆ ਗਿਆ। ਲੱਖੋਵਾਲ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਇਕ ਪਾਸੇ ਸਰਕਾਰ ਸਾਨੂੰ 550 ਪੌਦੇ ਲਾਉਣ ਨੂੰ ਦੇ ਰਹੀ ਹੈ ਪਰ ਦੂਜੇ ਪਾਸੇ ਅਵਾਰਾ ਜਾਨਵਰ ਇਨ੍ਹਾਂ ਪੌਦਿਆਂ ਨੂੰ ਉਜਾੜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਹਰਾ-ਭਰਾ ਬਣਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਅਵਾਰਾ ਜਾਨਵਰਾਂ 'ਤੇ ਕੰਟਰੋਲ ਕਰਨਾ ਪਵੇਗਾ। ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਗੰਨੇ ਦੀ ਫਸਲ ਦੀ ਅਦਾਇਗੀ ਨਹੀਂ ਹੋ ਰਹੀ ਅਤੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਹੀ ਯੂਨੀਅਨ ਵਲੋਂ ਧਰਨਾ ਦਿੱਤਾ ਜਾਵੇਗਾ।


author

Babita

Content Editor

Related News