ਕਿਸਾਨਾਂ ਵਲੋਂ ਆਪਣੀਆਂ ਮੰਗਾਂ ਸੰਬਧੀ ਕੈਬਨਿਟ ਮੰਤਰੀ ਆਸ਼ੂ ਦੇ ਘਰ ਦਾ ਘਿਰਾਅ
Wednesday, Feb 05, 2020 - 04:38 PM (IST)
ਲੁਧਿਆਣਾ (ਨਰਿੰਦਰ) : ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਜਾ ਰਹੇ ਹਨ ਅਤੇ ਕਿਸਾਨਾਂ ਦਾ ਇਹ ਦੋਸ਼ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਬੁੱਧਵਾਰ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਤਰਲੋਚਨ ਸਿੰਘ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਸਮੁੱਚੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਅੱਜ ਤੱਕ ਸਿਰਫ਼ ਪੰਜ ਏਕੜ ਤੋਂ ਘੱਟ ਜ਼ਮੀਨ ਵਾਲਿਆਂ ਦਾ 2 ਲੱਖ ਤੱਕ ਦਾ ਕਰਜ਼ਾ ਹੀ ਮੁਆਫ ਕੀਤਾ ਗਿਆ, ਉਹ ਵੀ ਬਹੁਤ ਸੀਮਤ ਕਿਸਾਨਾਂ ਦਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਹੋ ਰਹੀ ਹੈ, ਜਿਸ ਕਰਕੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬੇ ਭਰ 'ਚ ਵੱਖ-ਵੱਖ ਜ਼ਿਲ੍ਹਿਆਂ 'ਚ ਰਹਿਣ ਵਾਲੇ ਪੰਜਾਬ ਕੈਬਨਿਟ ਮੰਤਰੀਆਂ ਦੇ ਘਰ ਜਾ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ।