ਕਿਸਾਨਾਂ ਨੇ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਦੀ ਅਰਥੀ ਫੂਕ ਕੀਤਾ ਪ੍ਰਦਰਸ਼ਨ

Wednesday, Feb 26, 2020 - 02:50 PM (IST)

ਭਵਾਨੀਗੜ੍ਹ (ਵਿਕਾਸ,ਅੱਤਰੀ) : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਵੱਲੋਂ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਸ਼ਹਿਰ ਦੇ ਨਵੇਂ ਬੱਸ ਸਟੈਂਡ ਨੇੜੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ ਅਤੇ ਉਨ੍ਹਾਂ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ 'ਭਾਈ ਭਾਈ ਨਾਲ ਲੜਣ ਨੀ ਦੇਣਾ, 47 ਬਣਨ ਨੀ ਦੇਣਾ' ਦੇ ਨਾਅਰੇ ਲਾਏ। ਇਸ ਮੌਕੇ ਜ਼ਿਲਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਸੀ.ਏ.ਏ., ਐੱਨ. ਸੀ. ਆਰ. ਅਤੇ ਐੱਨ. ਪੀ. ਆਰ. ਵਰਗੇ ਕਾਲੇ ਕਾਨੂੰਨਾਂ ਕਾਰਨ ਦੇਸ਼ ਨੂੰ ਫਿਰਕੂ ਨਫਰਤ ਦੇ ਮਾਹੌਲ 'ਚ ਬਦਲ ਕੇ ਰੱਖ ਦਿੱਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ 'ਚ ਪੁਲਸ ਸੁਰੱਖਿਅਤ ਫੋਰਸਾਂ ਦੀ ਕਥਿਤ ਹਾਜਰੀ 'ਚ ਭਾਜਪਾ ਦੀ ਸ਼ਹਿ 'ਤੇ ਦੰਗਾਕਾਰੀ ਸ਼ਰੇਆਮ ਮੁਸਲਮਾਨ ਭਾਈਚਾਰੇ ਦੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ 'ਤੇ ਹਮਲੇ ਕਰ ਰਹੇ ਹਨ ਪਰ  ਉਨ੍ਹਾਂ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ।

ਉਨ੍ਹਾਂ ਦੱਸਿਆ ਕਿ ਇਨਾਂ ਹਮਲਿਆਂ 'ਚ ਹੁਣ ਤੱਕ 17 ਤੋਂ ਵੱਧ ਵਿਅਕਤੀਆਂ ਦੀਆਂ ਮੌਤਾਂ ਹੋ ਚੁੱਕੀਆਂ ਹਨ। ਜਦੋਂ ਦੀ ਆਗੂਆਂ ਨੇ ਕਿਹਾ ਕਿ ਮੋਦੀ ਭਾਜਪਾ ਸਰਕਾਰ ਵੱਲੋਂ ਦੇਸ਼ 'ਚ ਫਿਰਕੂ ਮਾਹੌਲ ਸਿਰਜਿਆ ਜਾ ਰਿਹਾ ਹੈ ਕਿਉਂਕਿ ਪਿਛਲੇ ਛੇ ਸਾਲਾਂ ਤੋਂ ਸੱਤਾ 'ਚ ਆਈ ਭਾਜਪਾ ਸਰਕਾਰ ਵੱਲੋਂ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਰਤੀ ਲੋਕਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਉਠਾਈ ਜਾ ਰਹੀ ਆਵਾਜ਼ ਨੂੰ ਸਦਾ ਲਈ ਦਬਾਉਣ ਦੇ ਮਨਸੂਬੇ ਨਾਲ ਭਾਜਪਾ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਕਾਲੇ ਕਾਨੂੰਨ ਲੋਕਾਂ 'ਤੇ ਜਬਰੀ ਮੜ੍ਹੇ ਜਾ ਰਹੇ ਹਨ।


Anuradha

Content Editor

Related News